ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਚੱਲ ਰਹੇ ਮਾਈਨਿੰਗ ਮਾਫੀਆ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਉਂਦਿਆ ਕਿਹਾ ਕਿ ਸੂਬੇ ਭਰ ‘ਚ ਕੈਪਟਨ ਅਮਰਿੰਦਰ ਸਿੰਘ ਦੇ ਅਸ਼ੀਰਵਾਦ ਨਾਲ ਮਾਈਨਿੰਗ ਮਾਫੀਆ ਪੰਜਾਬ ਦੀ ਸੰਪਤੀ ਨੂੰ ਲੁੱਟਕੇ ਆਪਣੀਆਂ ਤਿਜੌਰੀਆਂ ਭਰ ਰਿਹਾ ਹੈ। ਕੈਪਟਨ ਸਾਹਿਬ ਸ਼ਾਹੀ ਫਾਰਮ ਹਾਊਸ ਵਿੱਚ ਬੈਠਕੇ ਆਪਣੇ ਵਿਦੇਸ਼ੀ ਮਿੱਤਰਾਂ ਨਾਲ ਸਮਾਂ ਬਤੀਤ ਕਰ ਰਹੇ ਹਨ। ਪਾਰਟੀ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਵਿੱਚ ਸੀਨੀਅਰ ਆਗੂ ਤੇ ਵਿਰੋਧੀ ਦਲ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਮਾਈਨਿੰਗ ਮਾਫੀਆ ਘਟਣ ਦੀ ਬਜਾਏ ਹੋਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਸਮੇਤ ਪੰਜਾਬ ਭਰ ਵਿੱਚ ਕੈਪਟਨ ਅਮਰਿੰਦਰ ਇਸ ਮਾਈਨਿੰਗ ਮਾਫੀਏ ਸਮੇਤ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ ਤੇ ਹੋਰ ਤਰ੍ਹਾਂ-ਤਰ੍ਹਾਂ ਦੇ ਮਾਫੀਏ ਦਾ ਸਰਗਨਾ ਬਣੇ ਹੋਏ ਹਨ।
‘ਆਪ’ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮਾਈਨਿੰਗ ਮਾਫੀਏ ਨੇ ਦਰਿਆਵਾਂ ਵਿੱਚ ਆਪਣੀਆਂ ਸੜਕਾਂ ਤੱਕ ਬਣਾ ਲਈਆਂ ਜਦੋਂ ਕਿ ਪਾਣੀ ਨੂੰ ਕੱਢਣ ਵਾਸਤੇ ਪਾਇਪਾਂ ਪਾਈਆਂ ਗਈਆਂ ਹਨ, ਪ੍ਰੰਤੂ ਕੈਪਟਨ ਦੇ ਪ੍ਰਸ਼ਾਸਨ ਨੇ ਅੱਖਾਂ ਉੱਤੇ ਪੱਟੀ ਬੰਨੀ ਹੋਈ ਹੈ, ਜਿਸ ਨੂੰ ਕੁਝ ਵੀ ਦਿਖਾਈ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਵਾਂਗ ਕੈਪਟਨ ਦੇ ਰਾਜ ਵਿੱਚ ਵੀ ਸਰਕਾਰੀ ਸੰਪਤੀਆਂ ਨੂੰ ਲੁੱਟਣ ਦਾ ਧੰਦਾ ਜੋਰਾਂ ਉੱਤੇ ਚੱਲ ਰਿਹਾ, ਪਿਛਲੇ ਸਰਕਾਰ ਨਾਲੋਂ ਜੇਕਰ ਫਰਕ ਪਿਆ ਹੈ ਤਾਂ ਸਿਰਫ ਇਹ ਹੈ ਕਿ ਪਹਿਲਾਂ ਪੈਸਾ ਬਾਦਲਾਂ ਨੂੰ ਜਾਂਦਾ ਸੀ, ਹੁਣ ਕੈਪਟਨ ਅਮਰਿੰਦਰ ਸਿੰਘ ਲੈ ਰਹੇ ਹਨ। ਆਗੂਆਂ ਨੇ ਕਿਹਾ ਕਿ ਇਹ ਕੈਪਟਨ ਸਾਹਿਬ ਦੀ ਨਾਕਾਬੀ ਦੀ ਨਿਸ਼ਾਨੀ ਹੈ ਕਿ ਪਿਛਲੇ ਦਿਨੀਂ ਸਰਕਾਰ ਨੇ ਮੰਨਿਆ ਹੈ ਕਿ ਪਿਛਲੇ 4 ਚਾਲਾਂ ਵਿੱਚ ਮਾਈਨਿੰਗ ਮਾਫੀਆ ਸਬੰਧੀ ਸਿਰਫ 3 ਕੇਸ ਦਰਜ ਕੀਤੇ ਹਨ, ਜਦੋਂ ਕਿ ਨਜਾਇਜ਼ ਚਲ ਰਹੀ ਮਾਈਨਿੰਗ ਦਾ ਮਾਮਲਾ ਕਿਸੇ ਤੋਂ ਲੁੱਕਿਆ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਸਰਕਾਰੀ ਸੰਪਤੀਆਂ ਦੀ ਰੱਖਿਆ ਕਰਨ ਲਈ ਸੰਵਿਧਾਨ ਦੀ ਸਹੁੰ ਚੁੱਕੀ ਸੀ, ਪਰ ਹੁਣ ਸੰਪਤੀਆਂ ਲੁੱਟਣ ਵਾਲੇ ਗਿਰੋਹ ਦੀ ਸੁਰੱਖਿਆ ਕਰ ਰਹੇ ਹਨ। ਪੰਜਾਬ ਦੀ ਧਰਤੀ ਦੀ ਹਿੱਕ ਚੀਰਕੇ ਪੈਸੇ ਇਕੱਠੇ ਕਰਨ ਲਈ ਕੈਪਟਨ ਅਮਰਿੰਦਰ ਸਿੰਘ, ਕਾਂਗਰਸੀ ਆਗੂ ਅਤੇ ਉਨ੍ਹਾਂ ਦੇ ਚਹੇਤੇ ਅੰਨ੍ਹੇਵਾਹ ਮਾਈਨਿੰਗ ਮਾਫੀਆ ਚਲਾ ਰਹੇ ਹਨ। ‘ਆਪ’ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਬੇਲਗਾਮ ਵੱਖ-ਵੱਖ ਮਾਫੀਏ ਨੂੰ ਨੱਥ ਪਾਉਣ ਲਈ ਆਪਣੀ ਸਹੀ ਜ਼ਿੰਮੇਵਾਰੀ ਨਿਭਾਉਣ।। ‘ਆਪ’ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਸੂਬੇ ਦੇ ਆਰਥਿਕਤਾ ਦਿਨੋਂ ਦਿਨ ਡਾਵਾਂਡੋਲ ਹੋ ਰਹੀ ਹੈ, ਦੂਜੇ ਪਾਸੇ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦੇ ਲਈ ਕੈਪਟਨ ਤਰ੍ਹਾਂ ਤਰ੍ਹਾਂ ਦਾ ਮਾਫੀਆ ਚਲਾਉਣ ਵਾਲਿਆਂ ਨੂੰ ਸੁਰੱਖਿਆ ਪ੍ਰਦਾਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੱਲ ਰਹੇ ਮਾਫੀਆ ਰਾਜ ਵਿਰੁੱਧ ਅੰਦੋਲਨ ਵਿੱਢਿਆ ਜਾਵੇਗਾ ਤਾਂ ਜੋ ਮਾਫੀਏ ਨੂੰ ਖਤਮ ਕਰਨ ਲਈ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।