ਕੌਮੀ ਇਨਸਾਫ਼ ਮੋਰਚੇ ਨੇ CM ਮਾਨ ਦੀ ਚਿੱਠੀ ਦਾ ਕੀਤਾ ਸਵਾਗਤ, ਪਰ ਇਸ ਗੱਲ ’ਤੇ ਜਤਾਇਆ ਇਤਰਾਜ਼

Global Team
2 Min Read

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਪਹਿਲ ਦਾ ਸਵਾਗਤ ਕੀਤਾ ਹੈ। ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫ਼ਰਾਂਸ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੈਰੋਲ ਲਈ ਚਿੱਠੀ ਲਿਖਣਾ ਇੱਕ ਸਕਾਰਾਤਮਕ ਕਦਮ ਹੈ।

10 ਦਿਨਾਂ ਦੀ ਪੈਰੋਲ ’ਤੇ ਇਤਰਾਜ਼

ਭਾਈ ਪਾਲ ਸਿੰਘ ਨੇ ਹਾਲਾਂਕਿ 10 ਦਿਨਾਂ ਦੀ ਪੈਰੋਲ ਦੀ ਮੰਗ ਨੂੰ ਨਾਕਾਫ਼ੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਲੰਮੇ ਸਮੇਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਉਨ੍ਹਾਂ ਦੀ ਬਿਰਧ ਮਾਤਾ ਦੀ ਸਿਹਤ ਵੀ ਗੰਭੀਰ ਹੈ। ਅਜਿਹੇ ਵਿੱਚ ਪੈਰੋਲ ਦੀ ਮਿਆਦ ਵਧਾਈ ਜਾਣੀ ਚਾਹੀਦੀ ਹੈ, ਤਾਂ ਜੋ ਉਹ ਆਪਣੀ ਬਿਮਾਰ ਮਾਂ ਦੀ ਚੰਗੀ ਤਰ੍ਹਾਂ ਸੰਭਾਲ ਕਰ ਸਕਣ।

ਬਾਕੀ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ

ਕੌਮੀ ਇਨਸਾਫ਼ ਮੋਰਚੇ ਨੇ ਸਰਕਾਰ ਤੋਂ ਬਾਕੀ ਬੰਦੀ ਸਿੰਘਾਂ ਦੇ ਮਾਮਲਿਆਂ ਵਿੱਚ ਵੀ ਸਕਾਰਾਤਮਕ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਭਾਈ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਮਾਮਲਿਆਂ ’ਤੇ ਕਾਰਵਾਈ ਕਰਕੇ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਕਦਮ ਚੁੱਕਣੇ ਚਾਹੀਦੇ ਹਨ।

ਹਵਾਰਾ ਦੀ ਰਿਹਾਈ ਨਾਲ ਅਮਨ-ਕਾਨੂੰਨ ’ਤੇ ਅਸਰ ਨਹੀਂ ਪਵੇਗਾ: ਮੋਰਚਾ

ਭਾਈ ਪਾਲ ਸਿੰਘ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੇ ਬਾਹਰ ਆਉਣ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਕੋਈ ਫ਼ਰਕ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਹਵਾਰਾ ਦੀ ਰਿਹਾਈ ਅਤੇ ਪੈਰੋਲ ਦੇ ਸਮਰਥਨ ਵਿੱਚ ਪੰਜਾਬ ਦੇ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਹੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜ ਚੁੱਕੀਆਂ ਹਨ।

ਰਾਜਪਾਲ ਤੋਂ ਕਾਨੂੰਨੀ ਕਾਰਵਾਈ ਜਲਦ ਪੂਰੀ ਕਰਨ ਦੀ ਅਪੀਲ

ਕੌਮੀ ਇਨਸਾਫ਼ ਮੋਰਚੇ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੈਰੋਲ ਨਾਲ ਸਬੰਧਤ ਸਾਰੀਆਂ ਕਾਨੂੰਨੀ ਕਾਰਵਾਈਆਂ ਜਲਦ ਪੂਰੀਆਂ ਕੀਤੀਆਂ ਜਾਣ। ਮੋਰਚੇ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨਿਕ ਦੇਰੀ ਤੋਂ ਬਿਨਾਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਨ੍ਹਾਂ ਦੀ ਬਿਰਧ ਮਾਤਾ ਨਾਲ ਮਿਲਣ ਦਾ ਮੌਕਾ ਦਿੱਤਾ ਜਾਵੇ।

Share This Article
Leave a Comment