ਨਿਊਜ਼ ਡੈਸਕ: ਉੱਤਰ-ਪੱਛਮੀ ਪਾਕਿਸਤਾਨ ‘ਚ ਮੰਗਲਵਾਰ ਨੂੰ ਦਰੱਖਤ ਕੱਟਣ ਦੇ ਵਿਵਾਦ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਹੋਈ ਗੋਲੀਬਾਰੀ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਨੌਸ਼ਹਿਰਾ ਜ਼ਿਲੇ ‘ਚ ਵਾਪਰੀ ਹੈ। ਇਹ ਜ਼ਿਲ੍ਹਾ ਰਾਜਧਾਨੀ ਪੇਸ਼ਾਵਰ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਪੁਲਿਸ ਅਨੁਸਾਰ ਇਲਾਕੇ ‘ਚ ਦਰੱਖਤਾਂ ਦੀ ਕਟਾਈ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਤਣਾਅ ਵਧਣ ਤੋਂ ਬਾਅਦ ਝੜਪ ਹੋਈ। ਪੁਲਿਸ ਨੇ ਇਸ ਘਟਨਾ ਵਿੱਚ ਸੱਤ ਲੋਕਾਂ ਦੇ ਮਾਰੇ ਜਾਣ ਅਤੇ ਤਿੰਨ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਸਥਿਤੀ ਨੂੰ ਕਾਬੂ ਕਰਨ ਲਈ ਆਸਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੌਸ਼ਹਿਰਾ ਜ਼ਿਲ੍ਹੇ ਵਿੱਚ ਭੇਜੇ ਗਏ ਹਨ।ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

