ਹੜ੍ਹ ਪੀੜਤਾਂ ਲਈ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ 2 ਲੱਖ ਰੁਪਏ ਭੇਟ

Rajneet Kaur
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ‘ਚ ਸਹਿਯੋਗ ਪਾਉਂਦਿਆਂ ਰਾਗੀ ਸਭਾ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 2 ਲੱਖ ਰੁਪਏ ਭੇਟ ਕੀਤੇ ਗਏ ਹਨ। ਇਹ ਰਾਸ਼ੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਕੱਤਰ ਕੀਤੀ ਗਈ ਹੈ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਦਾ ਬਹੁਤ ਸਾਰਾ ਹਿੱਸਾ ਹੜ੍ਹਾਂ ਦੀ ਮਾਰ ਹੇਠ ਆਉਣ ਕਰਕੇ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਰਬੱਤ ਦੇ ਭਲੇ ਦੇ ਸਿਧਾਂਤ ਅਨੁਸਾਰ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕੀਤੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਦੇ ਕਾਰਜ ਸੰਗਤਾਂ ਦੇ ਦਸਵੰਦ ਨਾਲ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾਂਦੇ ਰਾਹਤ ਕਾਰਜਾਂ ਲਈ 2 ਲੱਖ ਰੁਪਏ ਦਾ ਸਹਿਯੋਗ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਰਾਗੀ ਸਭਾ ਦੇ ਪ੍ਰਧਾਨ ਭਾਈ ਸ਼ੌਕੀਨ ਸਿੰਘ ਨੇ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਹਮੇਸ਼ਾਂ ਹੀ ਮਨੁੱਖਤਾ ਦੇ ਨਾਲ ਖੜੀ ਹੈ। ਕੁਦਰਤੀ ਆਫ਼ਤਾਂ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਕਾਰਜਾਂ ਨੂੰ ਪੂਰੀ ਦੁਨੀਆਂ ਨੇ ਸਲਾਹਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਰਾਗੀ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਜਿਥੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਖੁਦ ਸੇਵਾ ਕੀਤੀ ਗਈ ਹੈ, ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਸਿੰਘਾਂ ਵੱਲੋਂ ਇਕੱਤਰ ਕੀਤੀ 2 ਲੱਖ ਰੁਪਏ ਦੀ ਰਾਸ਼ੀ ਸ਼੍ਰੋਮਣੀ ਕਮੇਟੀ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਲਈ ਦਿੱਤੀ ਗਈ ਹੈ।

Share this Article
Leave a comment