ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਮਿਸ਼ਨ ਪੰਜਾਬ ਤਹਿਤ ਪਹਿਲੀ ਵਾਰ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੋਂ ਲੈ ਕੇ ਹੋਰ ਕਾਂਗਰਸੀ ਉਮੀਦਵਾਰ ਸ੍ਰੀ ਦਰਬਾਰ ਸਾਹਿਬ ਤੱਕ ਰਾਹੁਲ ਗਾਂਧੀ ਨਾਲ-ਨਾਲ ਨਜ਼ਰ ਆਏ।
ਰਾਹੁਲ ਗਾਂਧੀ ਕਾਂਗਰਸੀ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਤੇ ਇਕੱਠੇ ਲੰਗਰ ਵੀ ਛਕਿਆ। ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ।
ਦੱਸ ਦਈਏ ਕਿ ਰਾਹੁਲ ਗਾਂਧੀ ਦਾ ਸਵੇਰੇ 9 ਵਜੇ ਏਅਰਪੋਰਟ ਪਹੁੰਚਣ ਦਾ ਪ੍ਰੋਗਰਾਮ ਸੀ, ਪਰ ਉਹ ਕਰੀਬ 12 ਵਜੇ ਪਹੁੰਚੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਹਵਾਈ ਅੱਡੇ `ਤੇ ਸਵਾਗਤ ਕੀਤਾ।
ਰਾਹੁਲ ਗਾਂਧੀ ਦੇ ਨਾਲ ਕਾਂਗਰਸ ਦੇ 109 ਉਮੀਦਵਾਰ ਵੀ ਸਨ। ਇਸ ਤੋਂ ਪਹਿਲਾਂ ਕਿਹਾ ਜਾ ਰਿਹਾ ਸੀ ਕਿ ਰਹਿੰਦੇ ਅੱਠ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੀ ਰਾਹੁਲ ਗਾਂਧੀ ਸਾਰੇ 117 ਉਮੀਦਵਾਰਾਂ ਨਾਲ ਮੱਥਾ ਟੇਕਣਗੇ। ਪਰ ਕਾਂਗਰਸ ਵੱਲੋਂ ਆਖਿਰੀ 8 ਉਮਦੀਵਾਰਾਂ ਦੀ ਸੂਚੀ ਹਾਲੇ ਜਾਰੀ ਨਹੀਂ ਕੀਤੀ ਗਈ।