ਟਰੈਕਟਰ ਰੈਲੀਆਂ ਕੱਢਣ ਤੋਂ ਪਹਿਲਾਂ ਰਾਹੁਲ ਗਾਂਧੀ, ਪੰਜਾਬ ਦੇ ਕਿਸਾਨਾਂ ਤੇ ਨੌਜਵਾਨਾਂ ਨੂੰ ਨਸ਼ੇੜੀ ਦੱਸਣ ਦੀ ਮੁਆਫੀ ਮੰਗੇ

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਹੈ ਕਿ ਉਹ ਪੰਜਾਬ ਵਿਚ ਟਰੈਕਟਰ ਰੈਲੀਆਂ ਕੱਢਣ ਤੋਂ ਪਹਿਲਾਂ ਉਹਨਾਂ ਕਿਸਾਨਾਂ ਤੇ ਨੌਜਵਾਨਾਂ ਤੋਂ ਮੁਆਫੀ ਮੰਗਣ ਜਿਹਨਾਂ ਨੂੰ ਨਸ਼ੇੜੀ ਦੱਸ ਕੇ ਇਹਨਾਂ ਨੇ ਪੰਜਾਬ ਦੀ ਕੌਮਾਂਤਰੀ ਪੱਧਰ ‘ਤੇ ਬਦਨਾਮੀ ਕਰਵਾਈ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਖ਼ਜ਼ਾਨਚੀ ਤੇ ਬੁਲਾਰੇ ਐਨ ਕੇ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿਤੈਸ਼ੀ ਸਾਬਤ ਹੋਣ ਲਈ ਟਰੈਕਟਰ ਰੈਲੀਆਂ ਕੱਢਣ ਦਾ ਡਰਾਮਾ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਆਪਣੇ ਉਸ ਬਿਆਨ ਲਈ ਕਿਸਾਨਾਂ ਤੇ ਨੌਜਵਾਨਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਜਿਸ ਵਿਚ ਉਹਨਾਂ ਨੇ 70 ਫੀਸਦੀ ਪੰਜਾਬੀਆਂ ਨੂੰ ਨਸ਼ੇੜੀ ਦੱਸਿਆ ਸੀ। ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੀ ਸੋਚੀ ਸਮਝੀ ਸਾਜ਼ਿਸ਼ ਅਧੀਨ  ਕੌਮਾਂਤਰੀ ਪੱਧਰ ‘ਤੇ ਬਦਨਾਮੀ ਕਰਨ ਵਾਲੇ ਰਾਹੁਲ ਗਾਂਧੀ ਨੂੰ ਅੱਜ  ਪੰਜਾਬੀ ਕਿਸਾਨਾਂ ਤੇ ਨੌਜਵਾਨਾਂ ਦਾ ਹਿਤੈਸ਼ੀ ਸਾਬਤ ਹੋਣ ਦਾ ਡਰਾਮਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਪੰਜਾਬ ਦੇ ਕਿਸਾਨ ਹੀ ਦੇਸ਼ ਦਾ ਢਿੱਡ ਭਰਦੇ ਹਨ ਤੇ ਇਕੱਲੇ ਪੰਜਾਬ ਵਿਚ ਦੇਸ਼ ਦੀ ਕੁੱਲ ਜ਼ਮੀਨ ਦਾ 2 ਫੀਸਦੀ ਜ਼ਮੀਨ ਹੋਣ ਦੇ ਬਾਵਜੂਦ ਦੇਸ਼ ਦੇ ਅਨਾਜ ਭੰਡਾਰ ਵਿਚ ਪੰਜਾਬ ਵੱਲੋਂ 50 ਫੀਸਦੀ ਯੋਗਦਾਨ ਪਾਇਆ ਜਾਂਦਾ ਹੈ ਜੋ ਪੰਜਾਬੀ ਕਿਸਾਨਾਂ  ਤੇ ਨੌਜਵਾਨਾਂ ਦੀ ਮਿਹਨਤ ਦੀ ਪ੍ਰਤੱਖ ਉਦਾਹਰਣ ਹੈ। ਉਹਨਾਂ ਕਿਹਾ ਕਿ ਮਿਹਨਤੀ ਲੋਕਾਂ ਨੂੰ ਬਦਨਾਮ ਕਰਨ ਲਈ ਰਾਹੁਲ ਗਾਂਧੀ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਸ਼ਰਮਾ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਰਾਹੁਲ ਗਾਂਧੀ ਤੇ ਉਹਨਾਂ ਦੀ ਪਾਰਟੀ ਨੇ ਸੰਸਦ ਵਿਚ ਖੇਤੀ ਬਿੱਲਾਂ ਦੇ ਵਿਰੁੱਧ ਵੋਟਾਂ ਨਾ ਪਾ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਤੇ ਮੋਦੀ ਸਰਕਾਰ ਦੀ ਅਸਿੱਧੇ ਤੌਰ ‘ਤੇ ਮਦਦ ਕੀਤੀ ਤੇ ਹੁਣ ਰਾਹੁਲ ਗਾਂਧੀ ਨੂੰ ਕਿਸਾਨਾਂ ਦਾ ਹੇਜ਼ ਜਾਗ ਪਿਆ ਹੈ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਵੀ  ਨਵੇਂ ਬਣਾਏ ਖੇਤੀ ਐਕਟਾਂ ਦੇ ਹੱਕ ਵਿਚ ਸਨ ਤੇ ਇਸੇ ਲਈ ਉਹਨਾਂ ਦੀ ਪਾਰਟੀ ਨੇ ਇਹਨਾਂ ਬਿੱਲਾਂ ਦਾ ਵਿਰੋਧ ਨਹੀਂ ਕੀਤਾ।

Share This Article
Leave a Comment