ਰਾਹੁਲ ਗਾਂਧੀ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ, ਪੁੱਛੇ ਤਿੱਖੇ ਸਵਾਲ

Global Team
3 Min Read

ਨਵੀ ਦਿੱਲੀ : ਦਿੱਲੀ ਦੇ ਜੰਤਰ-ਮੰਤਰ ਤੋਂ 20 ਜੁਲਾਈ ਨੂੰ ਆਯੋਜਿਤ ‘ਸੰਸਦ ਮਾਰਚ’ ਦੌਰਾਨ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਦੀ ਘਟਨਾ ਨੂੰ ਲੈ ਕੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਸਰਕਾਰ ਨੂੰ ਘੇਰਿਆ ਹੈ। ਇਸ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ।

 

 

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਿੱਲੀ ਵਿੱਚ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਸੁਰੱਖਿਆ ਬਲਾਂ ਦੀ ਕਾਰਵਾਈ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਰਾਹੁਲ ਗਾਂਧੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਇਹ ਪੱਤਰ ਸਾਂਝਾ ਕਰਦਿਆਂ ਲਿਖਿਆ ਕਿ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਦਾ ਹੁਕਮ ਕਿਸ ਨੇ ਦਿੱਤਾ? ਉਨ੍ਹਾਂ ਦੋਸ਼ ਲਾਇਆ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਬੇਰਹਿਮੀ ਨਾਲ ਬਲ ਪ੍ਰਯੋਗ ਕੀਤਾ ਗਿਆ ਅਤੇ ਇਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।

ਰਾਹੁਲ ਗਾਂਧੀ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਵਿਦਿਆਰਥੀ ਇੱਕ ਨਿਰਪੱਖ ਅਤੇ ਜਵਾਬਦੇਹ ਸਿੱਖਿਆ ਪ੍ਰਣਾਲੀ ਦੀ ਮੰਗ ਕਰ ਰਹੇ ਸਨ। ਪਰ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਸੁਰੱਖਿਆ ਬਲਾਂ ਨੇ ਉਨ੍ਹਾਂ ‘ਤੇ ਅੰਧਾਧੁੰਦ ਬਲ ਪ੍ਰਯੋਗ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਦਰਸ਼ਨ ਦੌਰਾਨ ਘਾਤਕ ਹਥਿਆਰਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ, ਜਿਸ ਨਾਲ ਸੈਂਕੜੇ ਵਿਦਿਆਰਥੀ ਜ਼ਖ਼ਮੀ ਹੋ ਗਏ। ਰਾਹੁਲ ਗਾਂਧੀ ਨੇ ਇਹ ਵੀ ਦੋਸ਼ ਲਾਇਆ ਕਿ ਮਹਿਲਾ ਵਿਦਿਆਰਥੀਆਂ ਨਾਲ ਪੁਲਿਸ ਕਰਮਚਾਰੀਆਂ ਨੇ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਅੰਗਾਂ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਰਾਹੁਲ ਗਾਂਧੀ ਨੇ ਲਿਖਿਆ ਕਿ ਉਨ੍ਹਾਂ ਨੇ 19 ਸਾਲਾ ਵਿਦਿਆਰਥੀ ਸਾਹਿਲ ਲੋਛਾਬ ਨਾਲ ਮੁਲਾਕਾਤ ਕੀਤੀ, ਜੋ ਪੈਲੇਟ ਗਨ ਲੱਗਣ ਤੋਂ ਬਾਅਦ ਗੰਭੀਰ ਦਰਦ ਵਿੱਚ ਹੈ ਅਤੇ ਉਸ ਦੀ ਇੱਕ ਅੱਖ ਦੀ ਰੋਸ਼ਨੀ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਗ੍ਰਹਿ ਮੰਤਰੀ ਤੋਂ ਪੁੱਛਿਆ ਕਿ ਕੀ ਵਿਦਿਆਰਥੀਆਂ ਖ਼ਿਲਾਫ਼ ਪੈਲੇਟ ਗਨ ਅਤੇ ਹੋਰ ਘਾਤਕ ਬਲ ਪ੍ਰਯੋਗ ਦੀ ਮਨਜ਼ੂਰੀ ਉਨ੍ਹਾਂ ਨੇ ਦਿੱਤੀ ਸੀ? ਜੇਕਰ ਨਹੀਂ, ਤਾਂ ਇਹ ਹੁਕਮ ਕਿਸ ਨੇ ਦਿੱਤਾ?

ਰਾਹੁਲ ਗਾਂਧੀ ਨੇ ਆਪਣੇ ਪੱਤਰ ਵਿੱਚ ਦੂਜਾ ਵੱਡਾ ਸਵਾਲ ਉਨ੍ਹਾਂ ਲੋਕਾਂ ਨੂੰ ਲੈ ਕੇ ਚੁੱਕਿਆ, ਜੋ ਕਥਿਤ ਤੌਰ ‘ਤੇ ਸਾਦੇ ਕੱਪੜਿਆਂ ਵਿੱਚ ਵਿਦਿਆਰਥੀਆਂ ਦੀ ਕੁੱਟਮਾਰ ਕਰਦੇ ਦਿਖਾਈ ਦਿੱਤੇ। ਉਨ੍ਹਾਂ ਪੁੱਛਿਆ ਕਿ ਕੀ ਇਹ ਲੋਕ ਪੁਲਿਸ ਕਰਮਚਾਰੀ ਸਨ ਜਾਂ ਵਲੰਟੀਅਰ? ਉਨ੍ਹਾਂ ਇਹ ਵੀ ਜਾਣਨਾ ਚਾਹਿਆ ਕਿ ਇਨ੍ਹਾਂ ਲੋਕਾਂ ਤਾਇਨਾਤੀ ਕਿਸ ਦੇ ਹੁਕਮਾਂ ‘ਤੇ ਕੀਤੀ ਗਈ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਵਿੱਚ ਤਾਇਨਾਤ ਸੁਰੱਖਿਆ ਬਲ ਆਖਰਕਾਰ ਕੇਂਦਰੀ ਗ੍ਰਹਿ ਮੰਤਰੀ ਦੇ ਅਧੀਨ ਆਉਂਦੇ ਹਨ, ਇਸ ਲਈ ਇਸ ਕਾਰਵਾਈ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।

Share This Article
Leave a Comment