ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੇਵੀਦਾਸਪੁਰਾ ਵਿੱਚ ਲਗਾਇਆ ਗਿਆ ਧਰਨਾ ਅੱਜ 23ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਕਿਸਾਨ ਇੱਥੇ ਰੇਲ ਟਰੈਕ ਜਾਮ ਕਰਕੇ ਬੈਠੇ ਹਨ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਲਗਾਇਆ ਗਿਆ ਹੈ।
ਦੇਵੀਦਾਸਪੁਰਾ ਵਿੱਚ ਵੱਡੀ ਗਿਣਤੀ ‘ਚ ਕਿਸਾਨਾਂ ਵੱਲੋਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਿਸਾਨਾਂ ਨੂੰ ਅਪੀਲ ਕਰ ਚੁੱਕੇ ਹਨ ਕਿ ਮਾਲ ਗੱਡੀਆਂ ਨੂੰ ਕਿਸਾਨ ਲਾਂਘਾ ਦੇਣ। ਪਰ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਮਾਰੂ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਪਿਛਲੇ 23 ਦਿਨਾਂ ਤੋਂ ਚੱਲ ਰਿਹਾ ਰੇਲ ਰੋਕੋ ਅੰਦੋਲਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ 17 ਅਕਤੂਬਰ ਤੱਕ ਵਧਾ ਦਿੱਤਾ ਹੈ। ਰੇਲ ਰੋਕੋ ਅੰਦੋਲਨ ਸਬੰਧੀ ਅਗਲੀ ਰਣਨੀਤੀ ਭਲਕੇ ਘੜੀ ਜਾਵੇਗੀ।