ਨਿਊਜ ਡੈਸਕ : ਦੀਵਾਲੀ ਦੇ ਤਿਉਹਾਰ ਮੌਕੇ ਕੇਂਦਰ ਸਰਕਾਰ ਵੱਲੋਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਕੇੰਦਰ ਦੀ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਪ੍ਰੈਸ ਕਾਨਫਰੰਸ ਵਿੱਚ ਕੇੰਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦਿੱਤਾ ਜਾਵੇਗਾ। ਇਸ ਨਾਲ 11.27 ਲੱਖ ਰੇਲਵੇ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਤੇਲ ਕੰਪਨੀਆਂ ਨੂੰ 22000 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ।
ਇਸ ਦੇ ਨਾਲ ਹੀ ਅਨੁਰਾਗ ਠਾਕੁਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਐਲਪੀਜੀ ਦੀਆਂ ਕੀਮਤਾਂ ਵੱਧ ਰਹੀਆਂ ਹਨ। ਜਨਤਕ ਖੇਤਰ ਦੇ ਅਦਾਰਿਆਂ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੂੰ 22,000 ਕਰੋੜ ਰੁਪਏ ਦੀ ਯਕਮੁਸ਼ਤ ਗ੍ਰਾਂਟ ਦਿੱਤੀ ਗਈ ਹੈ ਤਾਂ ਜੋ ਵਧਦੀਆਂ ਕੀਮਤਾਂ ਦਾ ਬੋਝ ਆਮ ਲੋਕਾਂ ‘ਤੇ ਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਬਹੁ-ਰਾਜੀ ਸਹਿਕਾਰੀ ਸਭਾਵਾਂ (ਸੋਧ) ਬਿੱਲ, 2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਬਹੁ-ਰਾਜੀ ਸਹਿਕਾਰੀ ਸਭਾਵਾਂ ਐਕਟ, 2002 ਵਿੱਚ ਸੋਧ ਕਰਨ ਦੀ ਮੰਗ ਕਰਦਾ ਹੈ। ਇਸ ਵਿੱਚ 97ਵੇਂ ਸੰਵਿਧਾਨਕ ਸੋਧ ਦੇ ਉਪਬੰਧ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ, ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ 15ਵੇਂ ਵਿੱਤ ਕਮਿਸ਼ਨ ਦੇ 2022-23 ਤੋਂ 2025-26 ਤੱਕ ਦੇ ਬਾਕੀ ਚਾਰ ਸਾਲਾਂ ਲਈ ਉੱਤਰ ਪੂਰਬੀ ਖੇਤਰ ਲਈ ਨਵੀਂ ਯੋਜਨਾ ਪ੍ਰਧਾਨ ਮੰਤਰੀ ਵਿਕਾਸ ਪਹਿਲ (ਪੀਐੱਮ-ਡਿਵਾਈਨ) ਨੂੰ ਮਨਜ਼ੂਰੀ ਦੇ ਦਿੱਤੀ ਹੈ।