ਨਵੀ ਦਿੱਲੀ : ਫਰਵਰੀ ਦੇ ਪਹਿਲੇ ਦਿਨ ਹੀ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ। ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਅਤੇ ਮੀਂਹ ਪਿਆ। ਸ਼ਿਮਲਾ ਜ਼ਿਲ੍ਹੇ ਦੇ ਸ਼ਿਲਾਰੂ ਅਤੇ ਕੁੱਲੂ ਦੇ ਕੋਠੀ ਵਿੱਚ 5 ਸੈਂਟੀਮੀਟਰ ਬਰਫ਼ ਪਈ। ਜੰਮੂ-ਕਸ਼ਮੀਰ ਦੇ ਪਹਿਲਗਾਮ ਅਤੇ ਕਾਜ਼ੀਗੁੰਡ ਦੇ ਉੱਚੇ ਇਲਾਕਿਆਂ ਵਿੱਚ ਐਤਵਾਰ ਨੂੰ ਬਰਫ਼ਬਾਰੀ ਹੋਈ। ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਗੰਗੋਤਰੀ-ਯਮੁਨੋਤਰੀ ਮੰਦਰ ‘ਚ ਵੀ ਐਤਵਾਰ ਨੂੰ ਬਰਫਬਾਰੀ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਇਕ ਵਾਰ ਫਿਰ ਠੰਡ ਵੱਧ ਗਈ ਹੈ ਅਤੇ ਕਈ ਸੂਬਿਆਂ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਥੋੜ੍ਹਾ ਜ਼ਿਆਦਾ ਠੰਢਾ ਰਿਹਾ, ਜਿੱਥੇ ਤਾਪਮਾਨ ਲਗਭਗ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਸੂਬੇ ਦੇ ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ‘ਤੇ ਸੰਘਣੀ ਧੁੰਦ ਪੈ ਸਕਦੀ ਹੈ। ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਨੌਂ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਰੂਪਨਗਰ ਅਤੇ ਐਸਏਐਸ ਨਗਰ (ਮੋਹਾਲੀ) ਸ਼ਾਮਲ ਹਨ, ਜਿੱਥੇ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਸ ਤੋਂ ਪਹਿਲਾਂ ਐਤਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦਰਜ ਕੀਤੀ ਗਈ, ਜਿਸ ਕਾਰਨ ਤਿੰਨਾਂ ਜ਼ਿਲ੍ਹਿਆਂ ਵਿੱਚ ਦ੍ਰਿਸ਼ਟੀ 0 ਤੋਂ 50 ਮੀਟਰ ਤੱਕ ਘੱਟ ਗਈ। ਇਸ ਦੇ ਇਲਾਵਾ ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਫਰੀਦਕੋਟ ਵਿੱਚ 0.1 ਮਿਲੀਮੀਟਰ, ਮਾਨਸਾ ਵਿੱਚ 4.3 ਮਿਲੀਮੀਟਰ, ਪਠਾਨਕੋਟ ਵਿੱਚ 0.3 ਮਿਲੀਮੀਟਰ, ਪਟਿਆਲਾ ਵਿੱਚ 0.3 ਮਿਲੀਮੀਟਰ, ਰੂਪਨਗਰ ਵਿੱਚ 0.5 ਮਿਲੀਮੀਟਰ, ਸੰਗਰੂਰ ਵਿੱਚ 0.4 ਮਿਲੀਮੀਟਰ ਅਤੇ ਮੋਹਾਲੀ ਵਿੱਚ 0.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਉੱਤਰੀ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਠੰਢ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਜਦਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਸੋਮਵਾਰ ਨੂੰ ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ ਅਤੇ ਪਾਣੀਪਤ ਵਿੱਚ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਨੇ ਸੋਮਵਾਰ ਨੂੰ 12 ਜ਼ਿਲ੍ਹਿਆਂ ਵਿੱਚ ਤੂਫ਼ਾਨ, ਮੀਂਹ ਅਤੇ ਗੜੇਮਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ।

