ਰਾਜ ਲਾਲੀ ਗਿੱਲ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

Rajneet Kaur
2 Min Read

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ ਨਿਯੁਕਤ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਮੌਜੂਦਗੀ ’ਚ ਆਪਣਾ ਅਹੁਦਾ ਸੰਭਾਲ ਲਿਆ।

ਕੈਬਨਿਟ ਮੰਤਰੀ ਮੀਤ ਹੇਅਰ ਨੇ ਆਸ ਪ੍ਰਗਟਾਈ ਕਿ ਨਵ ਨਿਯੁਕਤ ਚੇਅਰਪਰਸਨ ਇਮਾਨਦਾਰ, ਮਿਹਨਤੀ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਹਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਰਾਜ ਲਾਲੀ ਗਿੱਲ ਬਾਖੂਬੀ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਔਰਤਾਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੈਬਨਿਟ ਮੰਤਰੀ ਨੇ ਰਾਜ ਲਾਲੀ ਗਿੱਲ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਸੂਬੇ ’ਚ ਔਰਤਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਲਾਗੂ ਕਰਕੇ ਔਰਤਾਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ।

ਸ੍ਰੀਮਤੀ ਰਾਜ ਲਾਲੀ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਉਹ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣਗੇ। ਉਨ੍ਹਾਂ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਡਿਊਟੀ ਔਰਤਾਂ ਦੀ ਭਲਾਈ ਲਈ ਲਗਾਈ ਗਈ ਹੈ। ਇਸ ਡਿਊਟੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਰਾਜ ਲਾਲੀ ਗਿੱਲ ਐਸ.ਏ.ਐਸ.ਨਗਰ ਦੇ ਵਸਨੀਕ ਹਨ ਅਤੇ ਉਹ ਕਾਫ਼ੀ ਲੰਬੇ ਅਰਸੇ ਤੋਂ ਔਰਤਾਂ ਦੀ ਭਲਾਈ ਲਈ ਐਨ.ਜੀ.ੳਜ਼ ਨਾਲ ਜੁੜ੍ਹੇ ਹੋਏ ਹਨ।

Share this Article
Leave a comment