ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਫੂਡ ਤੇ ਸਪਲਾਈ ਮੰਤਰੀ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦੀ ਟੀਮ ਨੇ ਬੀਤੀ ਦੇਰ ਸ਼ਾਮ 2000 ਕਰੋੜ ਦੇ ਟਰਾਂਸਪੋਰਟੇਸ਼ਨ ਭ੍ਰਿਸ਼ਟਾਚਾਰ ਮਾਮਲੇ ‘ਚ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਸੀ ਤੇ ਅੱਜ ਉਨ੍ਹਾਂ ਨੂੰ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੇਸ਼ੀ ਦੇ ਮੱਦੇਨਜ਼ਰ ਪੁਲਿਸ ਵਲੋਂ ਵਿਜੀਲੈਂਸ ਦਫ਼ਤਰ ਅਤੇ ਅਦਾਲਤੀ ਕੰਪਲੈਕਸ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਉੱਥੇ ਹੀ ਕਾਂਗਰਸੀ ਵਰਕਰ ਵਿਜੀਲੈਂਸ ਦਫ਼ਤਰ ਦੇ ਪਹੁੰਚ ਰਹੇ ਹਨ, ਜਿਸ ਕਾਰਨ ਪੁਲਿਸ ਵਲੋਂ ਵਿਜੀਲੈਂਸ ਦਫ਼ਤਰ ਨੂੰ ਜਾਂਦੀ ਸੜਕ ‘ਤੇ ਰੋਕਾਂ ਲਗਾਈਆਂ ਗਈਆਂ ਹਨ।
ਵਿਜੀਲੈਂਸ ਵੱਲੋਂ ਇਹ ਗ੍ਰਿਫਤਾਰੀ ਠੇਕੇਦਾਰ ਤੇਲੂ ਰਾਮ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ ਹੈ। ਭਾਰਤ ਭੂਸ਼ਣ ਆਸ਼ੂ ‘ਤੇ ਐਫਆਈਆਰ ਵਿੱਚ ਧੋਖਾਧੜੀ ਅਤੇ ਅਪਰਾਧਿਕ ਸਾਜਿਸ਼ ਰਚਣ ਦੇ ਦੋਸ਼ ਲੱਗੇ ਹਨ।
ਆਸ਼ੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸ ਵੱਲੋਂ ਦੇਰ ਰਾਤ ਵਿਜੀਲੈਂਸ ਦਫਤਰ ਦਾ ਘਿਰਾਓ ਵੀ ਕੀਤਾ ਗਿਆ ਅਤੇ ਨਾਅਰੇਬਾਜ਼ੀ ਵੀ ਕੀਤੀ ਗਈ। ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਗ੍ਰਿਫ਼ਤਾਰੀ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਚੋਰਾਂ ਵਾਂਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਕੋਲ ਆਸ਼ੂ ਵਿਰੁੱਧ 2000 ਕਰੋੜ ਰੁਪਏ ਦੇ ਟੈਂਡਰ ਘਪਲੇ ਵਿੱਚ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦਾ ਨੁਕਸਾਨ ਹੀ ਹੋਵੇਗਾ।
ਦੱਸਣਯੋਗ ਹੈ ਕਿ ਇਸ ਮਾਮਲੇ ਦੀ ਤਫ਼ਤੀਸ਼ ਕਰਦਿਆਂ ਵਿਜੀਲੈਂਸ ਨੇ ਥਾਣਾ ਸਦਰ ਲੁਧਿਆਣਾ ਵਿੱਚ ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13 ਲਗਾ ਕੇ ਆਸ਼ੂ ਖ਼ਿਲਾਫ਼ ਐਫਆਈਆਰ ਨੰਬਰ 11 ਤਹਿਤ ਪਰਚਾ ਦਰਜ ਕੀਤਾ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.