ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਨੇ ਚੁੱਕਿਆ ਦਿੱਲੀ ਹਿੰਸਾ ਦਾ ਮੁੱਦਾ

TeamGlobalPunjab
2 Min Read

ਚੰਡੀਗੜ੍ਹ: ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪੰਜਵੇਂ ਦਿਨ ਸਿਫਰ ਕਾਲ ਦੌਰਾਨ ਕੌਮੀ ਰਾਜਧਾਨੀ ਵਿੱਚ ਭੜਕੀ ਹਿੰਸਾ ਅਤੇ ਕਤਲੇਆਮ ਦਾ ਮੁੱਦਾ ਉਠਾਇਆ।

ਸੈਸ਼ਨ ਦੌਰਾਨ ਮੁੱਦਾ ਉਠਾਉਣ ਤੋਂ ਬਾਅਦ ਵਿਧਾਨ ਸਭਾ ਦੇ ਬਾਹਰ ਮੀਡੀਆ ਨਾਲ ਗੈਰ ਰਸਮੀ ਨਾਲ ਗੱਲਬਾਤ ਦੌਰਾਨ ਰੰਧਾਵਾ ਨੇ ਕਿਹਾ ਕਿ ਇਨਸਾਨੀਅਤ ਦੇ ਕਾਤਲਾਂ ਦੇ ਨਾਪਾਕ ਮਨਸੂਬਿਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕੇਂਦਰੀ ਸੱਤਾ ਵਿੱਚ ਸ਼ਾਮਲ ਅਕਾਲੀ ਦਲ ਦੇ ਆਗੂਆਂ ਦੀ ਵੀ ਇਸ ਮਾਮਲੇ ਉਤੇ ਚੁੱਪੀ ‘ਤੇ ਤੰਜ ਕਸਦਿਆਂ ਕਿਹਾ ਕਿ ਘੱਟ ਗਿਣਤੀਆਂ ਨਾਲ ਹੋ ਰਹੇ ਇਸ ਵਿਤਕਰੇ ਉਤੇ ਸਿੱਖਾਂ ਦੀ ਨੁਮਾਇੰਦਗੀ ਕਰਨ ਵਾਲੀ ਪਾਰਟੀ ਦਾ ਚੁੱਪ ਰਹਿਣਾ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਬੋਲਦਿਆਂ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੌਮੀ ਰਾਜਧਾਨੀ ਇਸ ਵੇਲੇ ਸੜ ਰਹੀ ਹੈ ਅਤੇ ਇਨਸਾਨੀਅਤ ਦਾ ਦਿਨ-ਦਿਹਾੜੇ ਕਤਲ ਹੋ ਰਿਹਾ ਹੈ ਜੋ ਕਿ ਇਕ ਲੋਕਤੰਤਰਿਕ ਅਤੇ ਧਰਮ ਨਿਰਪੱਖ ਦੇਸ਼ ਉਤੇ ਧੱਬਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਉਸ ਵੇਲੇ ਵਾਪਰਿਆ ਜਦੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਦਿੱਲੀ ਵਿਖੇ ਹੀ ਰਾਤ ਦੇ ਖਾਣੇ ਦੀ ਦਾਅਵਤ ਦਿੱਤੀ ਹੋਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਵਰਤਾਰੇ ਨਾਲ ਭਾਰਤ ਦਾ ਕਿਹੋ ਜਿਹਾ ਅਕਸ ਪੇਸ਼ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਰਤਾਰੇ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਨ੍ਹੀਂ ਹੀ ਘੱਟ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਪੁਲਿਸ ਅਤੇ ਗ੍ਰਹਿ ਮੰਤਰਾਲਾ ਇਸ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਇਆ।

ਰੰਧਾਵਾ  ਨੇ ਕਿਹਾ ਕਿ ਦਿੱਲੀ ਹਾਈ ਕੋਰਟ ਨੇ ਦਿੱਲੀ ਹਿੰਸਾ ਦੀ ਨਿੰਦਾ ਕਰਦਿਆਂ ਨਫਰਤ ਵਾਲੇ ਭਾਸ਼ਣਾਂ ਲਈ ਭਾਜਪਾ ਦੇ ਤਿੰਨ ਆਗੂਆਂ ਵਿਰੁੱਧ ਕਾਰਵਾਈ ਦੇ ਨਿਰਦੇਸ਼ ਦਿੱਤ ਸਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਉਸ ਤੋਂ ਬਾਅਦ ਦਿੱਲੀ ਹਾਈ ਕੋਰਟ ਦੇ ਜੱਜ ਦਾ ਤਬਾਦਲਾ ਹੋ ਜਾਂਦਾ ਹੈ।

- Advertisement -

Share this Article
Leave a comment