ਲੁਧਿਆਣਾ: ਲੁਧਿਆਣਾ ਦੇ ਥਾਣਾ ਕੋਤਵਾਲੀ ਪੁਲਿਸ ਨੇ ਨਗਰ ਨਿਗਮ ਦੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਇਸ ਕੇਸ ਵਿੱਚ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਲੁਧਿਆਣਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ, ਸਾਬਕਾ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਸਣੇ 60 ਕਾਂਗਰਸੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਫਿਲਹਾਲ ਲੁਧਿਆਣਾ ਪੁਲਿਸ ਦੇ ਅਧਿਕਾਰੀ ਇਸ ਮਾਮਲੇ ਵਿੱਚ ਕੋਈ ਬਿਆਨ ਨਹੀਂ ਦੇ ਰਹੇ ਹਨ।
ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਗੇਟ ਤੇ ਤਾਇਨਾਤ ਮੁਲਾਜ਼ਮ ਨੇ ਦੱਸਿਆ ਕਿ ‘ਬੀਤੇ ਮੰਗਲਵਾਰ ਸਵੇਰੇ ਸਾਢੇ 11 ਵਜੇ ਮੈਂ ਨਗਰ ਨਿਗਮ ਦੇ ਗੇਟ ‘ਤੇ ਤਾਇਨਾਤ ਸੀ ਇਸ ਦੌਰਾਨ ਕਾਂਗਰਸੀ ਆਗੂਆਂ ਨੇ ਨਿਗਮ ਦਫ਼ਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਮੇਰੀ ਕੁੱਟਮਾਰ ਕੀਤੀ।ਜਦੋਂ ਮੈਂ ਉਨ੍ਹਾਂ ਨੂੰ ਰੋਕਿਆ ਤਾਂ ਸਾਰਿਆਂ ਨੇ ਮੈਨੂੰ ਘੇਰ ਲਿਆ।’ ਜਿਸ ਤੋਂ ਬਾਅਦ ਕਾਂਗਰਸੀਆਂ ਵੱਲੋਂ ਦਫਤਰ ਨੂੰ ਤਾਲਾ ਲਗਾ ਦਿੱਤਾ ਗਿਆ। ਪੁਲਿਸ ਨੇ ਚੌਕੀਦਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਜ਼ੋਨ ਏ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਭਾਰਤ ਭੂਸ਼ਣ ਆਸ਼ੂ ਅਤੇ ਲੁਧਿਆਣਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਵੱਲੋਂ ਆਪਣੇ ਵਰਕਰਾਂ ਸਮੇਤ ਤਾਲਾ ਲਾਇਆ ਗਿਆ। ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਸਾਰਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਧਰ, ਐਸਐਚਓ ਗਗਨਦੀਪ ਸਿੰਘ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।