ਰਵਨੀਤ ਬਿੱਟੂ ਨੇ ਜੇਲ੍ਹ ’ਚ ਦੂਜੀ ਵਾਰ ਆਸ਼ੂ ਨਾਲ ਕੀਤੀ ਮੁਲਾਕਾਤ

Global Team
1 Min Read

ਪਟਿਆਲਾ: ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਮੰਗਲਵਾਰ ਨੂੰ ਜੇਲ੍ਹ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕੀਤੀ, ਪਰ ਉਹ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਤਰ੍ਹਾਂ ਹੀ ਨਵਜੋਤ ਸਿੰਘ ਸਿੱਧੂ ਨੂੰ ਨਹੀਂ ਮਿਲੇ। ਇਸ ਤੋਂ ਪਹਿਲਾਂ ਆਸ਼ੂ ਨਾਲ ਕੀਤੀ ਮੁਲਾਕਾਤ ਵੇਲੇ ਵੀ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੋਂ ਦੂਰੀ ਬਣਾ ਕੇ ਰੱਖੀ ਸੀ।

ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਪੰਜ ਮਹੀਨਿਆਂ ਤੋਂ ਪਟਿਆਲਾ ਜੇਲ੍ਹ ’ਚ ਬੰਦ ਹਨ। ਇੱਥੇ ਸਾਬਕਾ ਖੁਰਾਕ ਮੰਤਰੀ ਨਾਲ ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਆਸ਼ੂ ਦੇ ਪੀਏ ’ਤੇ ਪੁਲੀਸ ਹਿਰਾਸਤ ’ਚ ਭਾਰੀ ਅਣਮਨੁੱਖੀ ਤਸ਼ੱਦਦ ਦੇ ਦੋਸ਼ ਲਾਏ ਹਨ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਦਲੇ ਵਾਲੀ ਕਾਰਵਾਈ ਨਾ ਰੋਕੀ ਤਾਂ 11 ਜਨਵਰੀ ਨੂੰ ਪੰਜਾਬ ਆ ਰਹੀ ‘ਭਾਰਤ ਜੋੜੋ ਯਾਤਰਾ’ ਦਾ ਮੂੰਹ ਵਿਜੀਲੈਂਸ ਵੱਲ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ’ਤੇ ਲਾਏ ਜਾ ਰਹੇ ਦੋਸ਼ਾਂ ਨੂੰ ਵੀ ਬੇਬੁਨਿਆਦ ਦੱਸਿਆ। ਉਨ੍ਹਾਂ ਆਖਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਨੂੰ ਚਾਹ ਪਿਲਾਉਣ ਤੇ ਖਾਣਾ ਖਵਾਉਣ ’ਤੇ ਖਰਚ ਕਰਨ ਦੀ ਕਾਰਵਾਈ ‘ਆਪ’ ਸਰਕਾਰ ਤੋਂ ਬਰਦਾਸ਼ਤ ਨਹੀਂ ਹੋ ਰਹੀ।

Share This Article
Leave a Comment