ਪਨਬੱਸ ਤੇ PRTC ਵਰਕਰਾਂ ਕੀਤੇ 27 ਬੱਸ ਸਟੈਂਡ ਬੰਦ , 9-10-11 ਅਗਸਤ ਨੂੰ ਪਨਬੱਸ ਅਤੇ PRTC ਦਾ ਮੁਕੰਮਲ ਚੱਕਾ ਜਾਮ

TeamGlobalPunjab
3 Min Read

ਫਿਰੋਜ਼ਪੁਰ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਬੈਨਰ ਹੇਠ ਫਿਰੋਜ਼ਪੁਰ ਕੈਂਟ ਬੱਸ ਸਟੈਂਡ ਬੰਦ ਕਰਕੇ ਧਰਨੇ ਦੋਰਾਨ ਸੂਬਾਈ ਆਗੂ ਰੇਸ਼ਮ ਸਿੰਘ ਗਿੱਲ ਪਨਬੱਸ ਤੋਂ ਡਿਪੂ ਪ੍ਰਧਾਨ ਜਤਿੰਦਰ ਸਿੰਘ, ਸੈਕਟਰੀ ਕੰਵਲਜੀਤ ਸਿੰਘ ਆਦਿ ਨੇ ਬੋਲਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਰੈਗੂਲਰ ਕਰਨ ਅਤੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੇ ਲੰਘੇ ਚਾਰ ਸਾਲਾਂ ਵਿੱਚ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ । ਸਗੋਂ ਸਮੂਹ ਵਿਭਾਗਾਂ ਦੇ ਨਿੱਜੀਕਰਨ ਕਰਨ ਦੀ ਨੀਅਤ ਨਾਲ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਨਰਗਠਨ ਦੇ ਨਾਮ ਤੇ ਸੱਠ ਹਜ਼ਾਰ ਦੇ ਕਰੀਬ ਪੋਸਟਾਂ ਖਤਮ ਕਰ ਦਿੱਤੀਆਂ ਹਨ।

ਆਗੂਆਂ ਕਿਹਾ ਕਿ ਰੰਗ ਬਦਲ-ਬਦਲ ਕੇ ਆਉਂਦੀਆਂ ਕੇਂਦਰ ਤੇ ਰਾਜ ਸਰਕਾਰਾਂ ਨਵੀਆਂ ਆਰਥਿਕ ਨੀਤੀਆਂ ਲਾਗੂ ਕਰਨ ਲਈ ਪੂਰੀ ਤਰ੍ਹਾਂ ਬਜਿੱਦ ਹਨ ਅਤੇ ਇਹਨਾਂ ਨੀਤੀਆਂ ਦੇ ਤਹਿਤ ਹੀ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਸਮੇਤ ਹੋਰ ਵੀ ਲੋਕਮਾਰੂ ਕਾਲੇ ਕਾਨੂੰਨ ਲਿਆਂਦੇ ਗਏ ਹਨ। ਜਿਸ ਤਹਿਤ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਲੋਕ-ਅਦਾਰੇ ਜਿਵੇਂ ਕਿ ਸਰਕਾਰੀ ਥਰਮਲ,ਸਕੂਲ-ਕਾਲਜ, ਹਸਪਤਾਲ,ਬਿਜਲੀ,ਵਾਟਰ ਸਪਲਾਈ,ਸੀਬਰੇਜ਼ ਬੋਰਡ, ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ ਆਰ ਟੀ ਸੀ ,ਸੜਕਾਂ,ਹਵਾਈ ਅੱਡੇ,ਹਵਾਈ ਜਹਾਜ਼,ਰੇਲਵੇ,ਬੈੰਕਾਂ ਆਦਿ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

ਚੈਅਰਮੈਨ ਸੁਰਜੀਤ ਸਿੰਘ ਨੇ ਕਿਹਾ ਕੀ ਠੇਕਾ ਕਾਮੇਆ ਦੀਆਂ ਮੰਗਾ ਸਰਕਾਰੀ ਅਦਾਰਿਆਂ ਅਤੇ ਖੇਤੀ ਕਾਰੋਬਾਰ ਦਾ ਨਿੱਜੀਕਰਨ ਬੰਦ ਕੀਤਾ ਜਾਵੇ,ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਵਿੱਚ ਕੀਤੀਆਂ ਤਬਾਹਕੁੰਨ ਤਬਦੀਲੀਆਂ ਰੱਦ ਕੀਤੀਆਂ ਜਾਣ,ਸਮੂਹ ਵਿਭਾਗਾਂ ਵਿੱਚ ਆਊਟਸੋਰਸਿੰਗ,ਇਨਲਿਸਟਮੈਂਟ, ਠੇਕੇਦਾਰਾਂ,ਕੰਪਨੀਆਂ,ਸੁਸਾਇਟੀਆ, ਕੰਟਰੈਕਚੂਅਲ,ਵਰਕਚਾਰਜਡ,ਡੇਲੀਵੇਜ,ਆਡਹਾਕ,ਮਾਣ ਭੱਤਿਆਂ ਆਦਿ ਕੈਟਾਗਿਰੀਆਂ ਰਾਹੀਂ ਕੰਮ ਕਰਦੇ ਸਮੂਹ ਠੇਕਾ ਮੁਲਾਜਮਾਂ ਨੂੰ ਬਿਨਾਂ ਸਰਤ ਰੈਗੂਲਰ ਕੀਤਾ ਜਾਵੇ,ਠੇਕਾ ਮੁਲਾਜ਼ਮਾਂ ਦੀਆਂ ਜਬਰੀ ਛਾਂਟੀਆਂ ਬੰਦ ਕੀਤੀਆਂ ਜਾਣ,ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ ਅਤੇ ਝੂਠੇ ਕੇਸ ਪਾਕੇ ਡਿਸਮਿਸ ਰੈਗੂਲਰ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ। ਪ੍ਰਾਈਵੇਟ ਥਰਮਲਾਂ ਨਾਲ ਕੀਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕੀਤੇ ਜਾਣ ਅਤੇ ਸਰਕਾਰੀ ਥਰਮਲਾਂ ਨੂੰ ਚਾਲੂ ਕੀਤਾ ਜਾਵੇ,ਆਹਲੂਵਾਲੀਆਂ ਕਮੇਟੀ ਦੀਆਂ ਸਮੂਹ ਸਿਫਾਰਸ਼ਾਂ ਨੂੰ ਰੱਦ ਕੀਤਾ ਜਾਵੇ,ਬਿਜਲੀ ਐਕਟ 2003 ਅਤੇ 2020 ਰੱਦ ਕੀਤੇ ਜਾਣ,ਸਭਨਾਂ ਲਈ ਸਸਤਾ ਰਾਸ਼ਨ,ਸਸਤੀ ਵਿੱਦਿਆ,ਸਸਤੀਆਂ ਸਿਹਤ ਸਹੂਲਤਾਂ ਦਿੱਤੀਆਂ ਜਾਣ।

ਡਿਪੂ ਸ੍ਰਪ੍ਰਸਤ ਲਖਵਿੰਦਰ ਸਿੰਘ, ਕੈਸ਼ੀਅਰ ਮੁੱਖਪਾਲ ਸਿੰਘ ਸਹਾ.ਸੈਕਟਰੀ ਹਰਜੀਤ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦੇ ਕੇ ਭੱਜਣ ਦਾ ਸਿਲਸਿਲਾ ਜਾਰੀ ਹੈ ਆਉਣ ਵਾਲੇ ਦਿਨਾਂ ਵਿੱਚ ਪਨਬੱਸ ਅਤੇ PRTC ਵਲੋਂ 9-10-11 ਅਗਸਤ ਦੀ ਤਿੰਨ ਰੋਜ਼ਾ ਹੜਤਾਲ ਰੱਖੀ ਗਈ ਹੈ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਜਾ ਪੰਜਾਬ ਪ੍ਰਧਾਨ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ । ਪ੍ਰੰਤੂ ਹੁਣ ਤੱਕ ਸਰਕਾਰ ਵਲੋ ਮੀਟਿੰਗ ਨਹੀਂ ਬੁਲਾਈ ਗਈ ਜਿਸ ਕਾਰਨ ਹੜਤਾਲ ਵਿੱਚ ਲੋਕਾਂ ਦੀ ਖੱਜਲ ਖੁਆਰੀ ਅਤੇ ਹੜਤਾਲ ਵਿੱਚ ਹੋਣ ਵਾਲੇ ਜਾਨੀ ਮਾਲੀ ਨੁਕਸਾਨ ਦੀ ਜੁੰਮੇਵਾਰ ਪੰਜਾਬ ਸਰਕਾਰ ਹੈ।

- Advertisement -

Share this Article
Leave a comment