ਹੁਣ ਆਰ.ਡੀ.ਐਫ਼ ਦਾ ਪੈਸਾ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ: ਕੰਗ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੇ ਵਿਸ਼ੇਸ਼ ਫੰਡ ਰੂਰਲ ਡਿਵੈਲਪਮੈਂਟ ਫ਼ੰਡ (ਆਰ.ਡੀ.ਐਫ਼) ਦਾ ਸਹੀ ਤਰੀਕੇ ਨਾਲ ਉਪਯੋਗ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਰ.ਡੀ. ਐਕਟ, 1987 ਵਿੱਚ ਸੋਧ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ ਅਤੇ ਇਸ ਫ਼ੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ ਹੈ।

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ‘ਆਪ’ ਦੇ ਸੀਨੀਅਰ ਆਗੂਆਂ ਮਾਲਵਿੰਦਰ ਸਿੰਘ ਕੰਗ, ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਨੇ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਆਰ.ਡੀ.ਐਫ਼ ਦਾ ਪੈਸਾ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਵਿੱਚ ਲੱਗੇਗਾ। ਇਸ ਫੰਡ ਦਾ ਸਹੀ ਉਪਯੋਗ ਹੋਣ ਨਾਲ ਪੇਂਡੂ ਖੇਤਰ ਦੇ ਲੋਕਾਂ ਅਤੇ ਖਾਸਕਰ ਕਿਸਾਨਾਂ ਨੂੰ ਕਾਫ਼ੀ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫੰਡ ਦਾ ਦੁਰਉਪਯੋਗ ਕੀਤਾ ਸੀ, ਜਿਸ ਕਾਰਨ ਕੇਂਦਰ ਸਰਕਾਰ ਨੇ ਪਿਛਲੇ ਸਾਲ ਇਹ ਫੰਡ ਰੋਕ ਦਿੱਤਾ ਸੀ।

‘ਆਪ’ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ’ਤੇ ਆਰ.ਡੀ.ਐਫ਼ ਦੀ ਗਲਤ ਵਰਤੋਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਅਤੇ ਪਿੰਡਾਂ ਦੇ ਢਾਂਚਾਗਤ ਵਿਕਾਸ ਲਈ ਇਹ ਫੰਡ ਪੰਜਾਬ ਸਰਕਾਰ ਨੂੰ ਹਰ ਸਾਲ ਦਿੰਦੀ ਸੀ, ਪਰ ਪਿਛਲੀਆਂ ਦੋਵੇਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਇਸ ਫੰਡ ਨੂੰ ਪਿੰਡਾਂ ਦੇ ਵਿਕਾਸ ਦੀ ਥਾਂ ਦੂਜੇ ਕੰਮਾਂ ਲਈ ਵਰਤਿਆ ਗਿਆ ਸੀ। ਬਾਦਲ ਸਰਕਾਰ ਇਸ ਫੰਡ ਨੂੰ ਸੰਗਤ ਦਰਸ਼ਨ ਸਮਾਗਮਾਂ ਵਿੱਚ ਲਾਉਂਦੀ ਸੀ। ਉਥੇ ਹੀ ਕੈਪਟਨ ਸਰਕਾਰ ਨੇ ਇਸ ਪੈਸੇ ਨਾਲ ਪੰਜਾਬ ਮੰਡੀ ਬੋਰਡ ਦਾ ਕਰਜ ਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਹ ਪੱਕਾ ਕਰ ਦਿੱਤਾ ਕਿ ਆਰ.ਡੀ.ਐਫ਼ ਦੀ ਵਰਤੋਂ ਪੰਜਾਬ ਦੇ ਪਿੰਡਾਂ ਅਤੇ ਮੰਡੀਆਂ ਦੇ ਵਿਕਾਸ ਲਈ ਹੀ ਕੀਤੀ ਜਾਵੇਗੀ। ਇਸ ਲਈ ਮਾਨ ਸਰਕਾਰ ਦਾ ਇਹ ਫ਼ੈਸਲਾ ਸਵਾਗਤਯੋਗ ਹੈ ਅਤੇ ਆਉਣ ਵਾਲੇ ਦਿਨਾਂ ’ਚ ਇਸ ਫ਼ੈਸਲੇ ਨਾਲ ਪੇਂਡੂ ਖੇਤਰਾਂ ’ਚ ਸਕਾਰਾਤਮਕ ਅਸਰ ਦਿਖਾਈ ਦੇਵੇਗਾ।

Share this Article
Leave a comment