ਨਿਊਜ਼ ਡੈਸਕ: ਮੌਸਮ ਵਿਭਾਗ ਨੇ ਐਤਵਾਰ (3 ਅਗਸਤ) ਨੂੰ ਚਾਰ ਰਾਜਾਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਭਾਰੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਰੈੱਡ ਅਲਰਟ ਜਾਰੀ ਕਰਦੇ ਹੋਏ, ਆਈਐਮਡੀ ਨੇ ਬਹੁਤ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ ਅਤੇ ਕੇਰਲ, ਤਾਮਿਲਨਾਡੂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਰਿਆਣਾ, ਰਾਜਸਥਾਨ, ਗੁਜਰਾਤ, ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਛੱਤੀਸਗੜ੍ਹ, ਝਾਰਖੰਡ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਅਗਲੇ 7 ਦਿਨਾਂ ਦੌਰਾਨ ਉੱਤਰ-ਪੂਰਬ ਅਤੇ ਨਾਲ ਲੱਗਦੇ ਪੂਰਬੀ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 3 ਅਗਸਤ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ, ਮੇਘਾਲਿਆ ਅਰੁਣਾਚਲ ਪ੍ਰਦੇਸ਼ ਵਿੱਚ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 6-7 ਦਿਨਾਂ ਦੌਰਾਨ ਤਾਮਿਲਨਾਡੂ ਅਤੇ ਕੇਰਲ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। 5 ਅਗਸਤ ਨੂੰ ਕੇਰਲ ਅਤੇ ਤਾਮਿਲਨਾਡੂ ਦੇ ਘਾਟ ਖੇਤਰਾਂ ਲਈ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਅਗਲੇ ਹਫ਼ਤੇ ਮੱਧ ਭਾਰਤ ਵਿੱਚ ਮੀਂਹ ਘੱਟ ਹੋਣ ਦੀ ਉਮੀਦ ਹੈ।
IMD ਨੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਭਵਿੱਖਬਾਣੀ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਵਿੱਚ ਬੱਦਲਵਾਈ ਰਹੇਗੀ ਅਤੇ ਐਤਵਾਰ ਨੂੰ ਹਲਕੀ ਬਾਰਿਸ਼ ਹੋਵੇਗੀ। ਆਈਐਮਡੀ ਨੇ ਕਿਹਾ ਕਿ ਸ਼ਨੀਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.1 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 25.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 1.4 ਡਿਗਰੀ ਘੱਟ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਅਨੁਸਾਰ, ਸ਼ਨੀਵਾਰ ਸ਼ਾਮ 6 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕਾਂਕ (AQI) 84 ਦਰਜ ਕੀਤਾ ਗਿਆ, ਜੋ ਕਿ “ਸੰਤੁਸ਼ਟੀਜਨਕ” ਸ਼੍ਰੇਣੀ ਵਿੱਚ ਆਉਂਦਾ ਹੈ।