ਲਾਲ ਕਿਲ੍ਹਾ ਹਿੰਸਾ ਮਾਮਲਾ : ਤਿਹਾੜ ਜੇਲ੍ਹ ‘ਚੋਂ ਰਿਹਾਅ ਹੋਏ ਰਣਜੀਤ ਸਿੰਘ

TeamGlobalPunjab
2 Min Read

26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲ੍ਹੇ ‘ਚ ਵਾਪਰੀ ਹਿੰਸਾ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਰਣਜੀਤ ਸਿੰਘ ਰਿਹਾਅ ਹੋ ਗਏ ਹਨ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਯਤਨਾਂ ਦੇ ਨਾਲ ਰਣਜੀਤ ਸਿੰਘ ਨੂੰ ਜ਼ਮਾਨਤ ‘ਤੇ ਤਿਹਾੜ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਗਿਆ। ਇਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਤੀ ਗਈ। ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਰਣਜੀਤ ਸਿੰਘ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ। ਜਿਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਣਗੇ।

ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਜਥੇਬੰਦੀਆਂ ਲਗਾਤਾਰ ਵੱਡੇ ਉਪਰਾਲੇ ਕਰ ਰਹੀਆਂ ਹਨ। ਜਿਸ ਦੇ ਤਹਿਤ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਪਰੇਡ ਕੱਢੀ ਗਈ ਸੀ। ਇਸ ਦੌਰਾਨ ਕੁਝ ਲੋਕਾਂ ਵੱਲੋਂ ਲਾਲ ਕਿਲ੍ਹੇ ਵੱਲ ਕੂਚ ਕੀਤਾ ਗਿਆ ਸੀ ਅਤੇ ਲਾਲ ਕਿਲ੍ਹੇ ਦੇ ਪਰਿਸਰ ‘ਤੇ ਧਾਰਮਿਕ ਝੰਡਾ ਫਹਿਰਾਇਆ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਪੁਲੀਸ ਨੇ ਕਾਰਵਾਈ ਕਰਦੇ ਹੋਏ ਦੇਸ਼ਧ੍ਰੋਹ ਦੀਆਂ ਧਾਰਾਵਾਂ ਸਮੇਤ ਮਾਮਲਾ ਦਰਜ ਕੀਤੇ ਸਨ। ਇੱਕ ਸੌ ਤੋਂ ਵੱਧ ਨੌਜਵਾਨਾਂ ਨੂੰ ਤਿਹਾੜ ਜੇਲ੍ਹ ‘ਚ ਗ੍ਰਿਫ਼ਤਾਰ ਵੀ ਕੀਤਾ ਹੋਇਆ ਹੈ। ਜਿਨ੍ਹਾਂ ਦੀ ਜ਼ਮਾਨਤ ਦੇ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੀ ਸਾਹਮਣੇ ਆਈ ਹੈ। ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਯਤਨਾਂ ਸਦਕਾ ਹੀ ਐਕਟੀਵਿਸਟ ਨੌਦੀਪ ਕੌਰ ਅਤੇ ਉਸ ਦਾ ਸਾਥੀ ਰਿਹਾਅ ਹੋਏ ਸਨ ਇਸ ਤੋਂ ਇਲਾਵਾ ਹੋਰ ਵੀ ਵੱਡੇ ਪੱਧਰ ‘ਤੇ ਨੌਜਵਾਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਰਿਹਾਅ ਕਰਵਾ ਚੁੱਕੀ ਹੈ ।

Share this Article
Leave a comment