ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਵਾਉਣ ਦੀ ਆਖਰੀ ਤਰੀਕ ‘ਚ ਮੁੜ ਵਾਧਾ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਵਿਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ। ਹੁਣ ਵੋਟਾਂ ਬਣਵਾਉਣ ਦੀ ਆਖ਼ਰੀ ਮਿਤੀ 16 ਸਤੰਬਰ 2024 ਹੋਵੇਗੀ। ਇਸ ਤੋਂ ਪਹਿਲਾਂ ਆਖ਼ਰੀ ਤਰੀਕ 31 ਜੁਲਾਈ, 2024 ਸੀ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਰਜਿਸਟਰੇਸ਼ਨ 16 ਸਤੰਬਰ 2024 ਤੱਕ ਹੋਵੇਗੀ ਅਤੇ ਇਸ ਦੀ ਸ਼ੁਰੂਆਤੀ ਪ੍ਰਕਾਸ਼ਨਾ 8 ਅਕਤੂਬਰ 2024 ਤੱਕ ਹੋਵੇਗੀ। ਉਨਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਦਾਅਵੇ ਜਾਂ ਇਤਰਾਜ ਦੇਣ ਦੀ ਆਖਿਰੀ ਮਿਤੀ 29 ਅਕਤੂਬਰ 2024 ਹੋਵੇਗੀ ਅਤੇ ਸਾਰੇ ਇਤਰਾਜਾਂ ਅਤੇ ਦਾਅਵਿਆਂ ਦਾ ਨਿਪਟਾਰਾ 8 ਨਵੰਬਰ 2024 ਤੱਕ ਕੀਤਾ ਜਾਵੇਗਾ। ਸ੍ਰੀ ਥੋਰੀ ਨੇ ਦੱਸਿਆ ਕਿ 26 ਨਵੰਬਰ ਨੂੰ ਅੰਤਿਮ ਪ੍ਰਕਾਸ਼ਨਾ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਜਿਲ੍ਹਾ ਚੋਣ ਅਫ਼ਸਰ ਨੇ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਉਨਾਂ ਦੱਸਿਆ ਕਿ ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ।

Share This Article
Leave a Comment