ਚੰਡੀਗੜ੍ਹ: ਖੇਤੀ ਸੰਬੰਧੀ ਬਣਾਏ ਗਏ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਉਪਰ ਅਡਿੱਗ ਕਿਸਾਨਾਂ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋ ਭੇਜੀ ਗਈ ਤਜਵੀਜ਼ ਨੂੰ ਸਭ ਕਿਸਾਨ ਜਥੇਬੰਦੀਆਂ ਵੱਲੋਂ ਖਾਰਿਜ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਅਨੁਸਾਰ ਇਹ ਪ੍ਰਸਤਾਵ ਕਿਸਾਨਾਂ ਦੇ ਹੱਕ ਵਿੱਚ ਨਹੀਂ ਹਨ। ਇਹ ਤਜਵੀਜ਼ਾਂ ਕਿਸਾਨੀ ਮੰਗਾਂ ’ਤੇ ਖਰੀਆਂ ਨਹੀਂ ਉੱਤਰਦੀਆਂ। ਕਿਸਾਨ ਜਥੇਬੰਦੀਆਂ ਨੇ ਐਲਾਨ ਕਰ ਦਿੱਤਾ ਕਿ 14 ਦਸੰਬਰ ਨੂੰ ਸਾਰੇ ਦੇਸ਼ ਵਿੱਚ ਧਰਨੇ ਦਿੱਤੇ ਜਾਣਗੇ। ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੱਕ ਸ਼ੰਘਰਸ਼ ਜਾਰੀ ਰੱਖਣਗੀਆਂ। ਇਸ ਪ੍ਰਸਤਾਵ ਨੂੰ ਰੱਦ ਕਰਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਦਿੱਲੀ ਵਿੱਚ ਮੀਟਿੰਗ ਹੋਈ ਜਿਸ ਵਿਚ 40 ਕਿਸਾਨ ਜਥੇਬੰਦੀਆਂ ਵਲੋਂ ਭਾਗ ਲਿਆ ਗਿਆ।
ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਜੀਓ ਉਤਪਾਦਾਂ ਦਾ ਬਾਈਕਾਟ ਕੀਤਾ ਜਾਵੇਗਾ। ਭਾਜਪਾ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਹ 12 ਦਸੰਬਰ ਤੱਕ ਦਿੱਲੀ-ਜੈਪੁਰ ਹਾਈਵੇਅ ਜਾਮ ਕਰਨਗੇ। ਕਿਸਾਨਾਂ ਨੇ ਸਰਕਾਰ ਨੂੰ ਸਪਸ਼ਟ ਕਰ ਦਿੱਤਾ ਹੈ ਕਿ ਜਿਹੋ ਜਿਹਾ ਉਸ ਨੇ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ ਉਸ ਨੂੰ ਦੇਖਦਿਆਂ ਅੱਗੇ ਗੱਲਬਾਤ ਹੋਣੀ ਮੁਸਕਲ ਹੈ।