ਆਪਣੇ ਕੰਮ ਨਾਲ ਵਾਸਤਾ ਰੱਖੋ ਕੇਜਰੀਵਾਲ: ਕੈਪਟਨ ਅਮਰਿੰਦਰ ਸਿੰਘ

TeamGlobalPunjab
7 Min Read

ਚੰਡੀਗੜ੍ਹ : ਨਕਲੀ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਸੀ.ਬੀ.ਆਈ. ਜਾਂਚ ਕਰਵਾਉਣ ਬਾਰੇ ਅਰਵਿੰਦ ਕੇਜਰੀਵਾਲ ਦੀ ਮੰਗ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਲਈ ਆਖਿਆ। ਉਨ੍ਹਾਂ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਮੂਧੇ ਮੂੰਹ ਡਿੱਗ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨ ਲਈ ਇਸ ਦੁਖਾਂਤਕ ਮਾਮਲੇ ‘ਤੇ ਸਿਆਸੀ ਰੋਟੀਆਂ ਨਾ ਸੇਕਣ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਖ਼ਤ ਆਲੋਚਨਾ ਕੀਤੀ ਜਿਨ੍ਹਾਂ ਨੇ ਆਪਣੇ ਟਵਿੱਟਰ ‘ਤੇ ਟਿੱਪਣੀ ਕੀਤੀ ਕਿ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹੱਥਾਂ ‘ਚ ਦੇ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆਖਿਆ,”ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਤੁਸੀਂ ਇਸ ਦੁਖਦਾਇਕ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ? ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਧਿਆਨ ਦੇਣ ਲਈ ਕਿਹਾ ਜਿੱਥੇ ਅਪਰਾਧੀ ਅਤੇ ਗੈਂਗਸਟਰ ਬੇਖੌਫ਼ ਹੋ ਕੇ ਉਥੋਂ ਦੀਆਂ ਗਲੀਆਂ ਵਿੱਚ ਦਨਦਨਾਉਂਦੇ ਫਿਰਦੇ ਹਨ।

ਕੇਜਰੀਵਾਲ ਦੇ ਦਾਅਵੇ ਕਿ ਸਥਾਨਕ ਪੁਲਿਸ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਨਾਜਾਇਜ਼ ਸ਼ਰਾਬ ਦਾ ਕੋਈ ਵੀ ਕੇਸ ਹੱਲ ਨਹੀਂ ਕੀਤਾ ਗਿਆ, ਨੂੰ ਫਜ਼ੂਲ ਆਖਦਿਆਂ ਮੁੱਖ ਮੰਤਰੀ ਨੇ ਆਪ ਆਗੂ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਆਪਣੇ ਤੱਥ ਜਾਂਚਣ ਲਈ ਆਖਿਆ। ਹਾਲ ਹੀ ਵਿੱਚ 22 ਅਪਰੈਲ ਨੂੰ ਖੰਨਾ ਵਿਖੇ ਨਾਜਾਇਜ਼ ਸ਼ਰਾਬ ਦੀ ਇੱਕ ਫੈਕਟਰੀ ਦਾ ਪਰਦਾਫਾਸ਼ ਕੀਤੇ ਜਾਣ ਦਾ ਹਵਾਲ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਅੱਠ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਸੱਤ ਹੋਰ ਭਗੌੜੇ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ ਹੈ। ਇਕ ਹੋਰ ਮਾਮਲੇ ਵਿੱਚ ਪਟਿਆਲਾ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਡਿਸਟਿਲਰੀ ਚਲਾਉਣ ਪਿਛਲੇ ਦੋ ਸਰਗਨਿਆਂ ਨੂੰ 22 ਮਈ ਅਤੇ 13 ਜੂਨ ਨੂੰ ਇਸੇ ਸਾਲ ਗ੍ਰਿਫਤਾਰ ਕੀਤਾ ਗਿਆ ਅਤੇ 10 ਜੁਲਾਈ ਨੂੰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ। ਮਈ ਮਹੀਨੇ ਵਿੱਚ ਅਜਿਹੇ ਹੀ ਇਕ ਹੋਰ ਮਾਮਲੇ ਦਾ ਮਾਫੀਆ ਸਰਗਨੇ ਨੂੰ ਗ੍ਰਿਫਤਾਰ ਕਰਕੇ ਪਰਦਾਫਾਸ਼ ਕੀਤਾ ਗਿਆ ਜਿਸ ਖਿਲਾਫ ਅਗਲੀ ਕਾਰਵਾਈ ਲਈ ਰਸਾਇਣ ਅਧਿਐਨ ਰਿਪੋਰਟ ਦਾ ਪੁਲੀਸ ਵੱਲੋਂ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਪੰਜਾਬ ਪੁਲਿਸ, ਜਿਸ ਨੇ ਹਾਲ ਹੀ ਦੇ ਨਾਜਾਇਜ਼ ਸ਼ਰਾਬ ਦੇ ਮਾਮਲਿਆਂ ਵਿੱਚ ਪੂਰੀ ਮੁਸ਼ਤੈਦੀ ਨਾਲ ਮਿਸਾਲੀ ਕਾਰਵਾਈ ਕੀਤੀ ਹੈ, ‘ਤੇ ਪੂਰਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਕੀਤੀ ਸੀ.ਬੀ.ਆਈ ਜਾਂਚ ਦੀ ਮੰਗ ਸਿਆਸੀ ਡਰਾਮੇਬਾਜ਼ੀ ਤੋਂ ਇਲਾਵਾ ਕੁਝ ਨਹੀਂ ਜਿਸ ਪਿਛੇ ਮਨਸ਼ਾ ਆਪਣੀ ਪਾਰਟੀ ਦੇ ਉਖੜੇ ਪੈਰ ਮੁੜ ਲਗਾਉਣਾ ਹੈ, ਜੋ ਮੁੱਖ ਵਿਰੋਧੀ ਪਾਰਟੀ ਹੋਣ ਦੇ ਬਾਵਜੂਦ ਪੰਜਾਬ ਅੰਦਰ ਆਪਣਾ ਵਜੂਦ ਪੂਰੀ ਤਰ੍ਹਾਂ ਗਵਾ ਚੁੱਕੀ ਹੈ।

- Advertisement -

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਮਿੱਥਕੇ ਕੀਤੇ ਕਤਲਾਂ ਦੇ ਮਾਮਲੇ ਸੀ.ਬੀ.ਆਈ ਨੂੰ ਸੌਂਪੇ ਹੋਣ ਦੇ ਬਾਵਜੂਦ ਇਹ ਪੰਜਾਬ ਪੁਲਿਸ ਹੀ ਸੀ ਜਿਸ ਨੇ ਇਨ੍ਹਾਂ ਨੂੰ ਹੱਲ ਕੀਤਾ। ਇਥੋਂ ਤੱਕ ਕਿ ਬੇਅਦਬੀ ਮਾਮਲਿਆਂ ਵਿੱਚ ਸੀ.ਬੀ.ਆਈ. ਦੀ ਕਾਰਗੁਜ਼ਾਰੀ ਅਸਫਲ ਰਹੀ ਹੈ ਅਤੇ ਇਹ ਪੰਜਾਬ ਪੁਲਿਸ ਹੀ ਹੈ ਜੋ ਕੇਸਾਂ ਦੇ ਤੱਥ ਸਾਹਮਣੇ ਲਿਆ ਰਹੀ ਹੈ ਅਤੇ ਉੱਚ ਪੁਲਿਸ ਅਧਿਕਾਰੀਆਂ ਸਮੇਤ ਕਈ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਜ਼ਾਹਰਾ ਹੈ ਕਿ ਸੀ.ਬੀ.ਆਈ. ਨਾਲੋਂ ਇਹ ਸਥਾਨਕ ਪੁਲਿਸ ਦੇ ਹਿੱਤ ਵਿੱਚ ਹੈ ਕਿ ਸਾਰੇ ਮੁਜ਼ਰਮਾਨਾ ਮਾਮਲੇ ਤੇਜ਼ੀ ਨਾਲ ਹੱਲ ਕਰਨ ਨੂੰ ਯਕੀਨ ਬਣਾਇਆ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਾਂਚ ਸੀ.ਬੀ.ਆਈ ਦੇ ਹਵਾਲੇ ਕਰਨ ਨਾਲ ਮੌਜੂਦਾ ਨਕਲੀ ਸ਼ਰਾਬ ਦੇ ਮਾਮਲੇ ਪ੍ਰਤੀ ਢਿੱਲਾ ਰੁੱਖ ਅਪਣਾਉਣ ਦਿੱਤੇ ਜਾਣ ਨਾਲੋਂ ਉਹ ਉਨ੍ਹਾਂ ਸਾਰੇ ਵਿਅਕਤੀਆਂ ਖਿਲਾਫ ਜਲਦ ਸਖਤ ਕਾਰਵਾਈ ਚਾਹੁੰਦੇ ਹਨ ਜਿਨ੍ਹਾਂ ਦੇ ਲਾਲਚ ਕਰਕੇ ਸੂਬੇ ਅੰਦਰ 100 ਦੇ ਕਰੀਬ ਜਾਨਾਂ ਗਈਆਂ ਹਨ।ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸਰਕਾਰ ਜਿਸ ਦਾ ਹਰ ਤਰ੍ਹਾਂ ਦੇ ਅਪਰਾਧਾਂ ਨੂੰ ਰੋਕਣ ਵਿੱਚ ਮਿਸਾਲੀ ਰਿਕਾਰਡ ਹੈ, ਖਿਲਾਫ ਨਾਜਾਇਜ਼ ਦੋਸ਼ ਲਾਉਣ ਤੋਂ ਪਹਿਲਾ ਆਪਣੇ ਅੰਕੜੇ ਚੈਕ ਕਰ ਲੈਣ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਕਿਹਾ, ”ਤੁਸੀਂ ਸਾਡੇ ਕੰਮਕਾਜ ਉਤੇ ਟਿੱਪਣੀ ਕਰਨ ਤੋਂ ਪਹਿਲਾਂ ਆਪਣੇ ਪੰਜਾਬ ਯੂਨਿਟ ਨੂੰ ਕਹਿ ਕੇ ਤੱਥ ਅਤੇ ਅੰਕੜੇ ਕਿਉਂ ਨਹੀਂ ਮੰਗਵਾਉਂਦੇ।”

ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਆਪਣੇ ਸੂਬੇ ਵਿੱਚ ਕੋਵਿਡ ਦੀ ਭਿਆਨਕ ਸਥਿਤੀ ਉਤੇ ਧਿਆਨ ਕੇਂਦਰਿਤ ਕਰਨ। ਮੁੱਖ ਮੰਤਰੀ ਨੇ ਕੋਵਿਡ ਖਿਲਾਫ ਲੜਾਈ ਲਈ ਕੇਜਰੀਵਾਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ, ”ਪੰਜਾਬ ਮਾਮਲਿਆਂ ਬਾਰੇ ਚਿੰਤਾ ਕਰਨ ਦੀ ਬਜਾਏ ਪਹਿਲਾ ਤੁਸੀ ਦਿੱਲੀ ਦੇ ਲੋਕਾਂ ਦੀ ਸਿਹਤ ਅਤੇ ਜ਼ਿੰਦਗੀ ਦਾ ਖਿਆਲ ਕਿਉਂ ਨਹੀਂ ਕਰ ਰਹੇ।”

ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਨਾਜਾਇਜ਼ ਸ਼ਰਾਬ ਅਤੇ ਤਸਕਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੁਖਾਂਤ ਵਿੱਚ ਤਿੰਨ ਜ਼ਿਲ੍ਹਿਆਂ ਵਿੱਚ ਪੰਜ ਕੇਸ ਦਰਜ ਕਰਦਿਆਂ 30 ਵਿਅਕਤੀਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਅਤੇ ਆਬਕਾਰੀ ਤੇ ਕਰ ਵਿਭਾਗ ਦੇ 13 ਕਰਮੀਆਂ ਨੂੰ ਡਿਊਟੀ ਵਿੱਚ ਅਣਗਹਿਲੀ ਦੇ ਦੋਸ਼ ਵਿੱਚ ਸਸਪੈਂਡ ਕੀਤਾ ਗਿਆ ਹੈ ਜਦੋਂ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਜਾਂਚ ਲਈ ਮੈਜਿਸਟ੍ਰੇਟੀ ਕਮਿਸ਼ਨ ਬਣਾ ਦਿੱਤਾ ਹੈ ਜਿਸ ਨੂੰ ਆਪਣੀ ਰਿਪੋਰਟ ਇਕ ਮਹੀਨੇ ਦੇ ਅੰਦਰ ਦੇਣ ਲਈ ਕਿਹਾ ਹੈ। ਉਨ੍ਹਾਂ ਅੱਗੇ ਗੱਲ ਕਰਦਿਆਂ ਇਹ ਪੁੱਛਿਆ ਕਿ ਇਹ ਮਾਮਲਾ ਸੀ.ਬੀ.ਆਈ. ਦੇ ਹਵਾਲੇ ਕਰਨ ਦੀ ਕੀ ਲੋੜ ਹੈ ਜਦੋਂ ਸਥਾਨਕ ਪੁਲਿਸ ਇਸ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਦੇਖ ਰਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਉਨ੍ਹਾਂ ਦੀਆਂ ਹੀ ਸਖਤ ਹਦਾਇਤਾਂ ‘ਤੇ ਪੁਲਿਸ ਵੱਲੋਂ ਇਸ ਸਾਲ ਜਨਵਰੀ ਮਹੀਨੇ ਤੋਂ ਸੂਬੇ ਵਿੱਚ ਨਾਜਾਇਜ਼ ਸ਼ਰਾਬ/ਸਪਿਰਟ ਖਿਲਾਫ ਮੁਹਿੰਮ ਵਿੱਢੀ ਹੋਈ ਸੀ ਜਿਨ੍ਹਾਂ ਵਿੱਚੋਂ ਬਹੁਤੇ ਪਹਿਲਾਂ ਹੀ ਪੁਲਿਸ ਦੀ ਹਿਰਾਸਤ ਵਿੱਚ ਹਨ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।

- Advertisement -

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਪੁਲਿਸ ਨੂੰ ਅਪਰਾਧ ਰੋਕਣ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਲੋੜ ਪੈਣ ‘ਤੇ ਕੋਈ ਵੀ ਕਾਰਵਾਈ ਕਰਨ ਲਈ ਖੁੱਲੀ ਛੁੱਟੀ ਦਿੱਤੀ ਹੋਈ ਹੈ ਸਗੋਂ ਇਹ ਵੀ ਸਪੱਸ਼ਟ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ। ਦਰਅਸਲ ਉਨ੍ਹਾਂ ਪੁਲਿਸ ਨੂੰ ਵਿਸ਼ੇਸ਼ ਤੌਰ ‘ਤੇ ਹਦਾਇਤਾਂ ਦਿੱਤੀਆਂ ਹੋਈਆਂ ਹਨ ਕਿ ਕੋਈ ਵੀ ਜਨਤਕ ਸੇਵਕ ਜਾਂ ਸੀਨੀਅਰ ਅਧਿਕਾਰੀ ਜੋ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਦਾ ਹੈ ਜਾਂ ਕਿਸੇ ਤਰੀਕੇ ਨਾਲ ਅਪਰਾਧੀਆਂ ਦੀ ਮੱਦਦ ਕਰਦਾ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Share this Article
Leave a comment