ਭਾਈ ਸਤਵੰਤ ਸਿੰਘ ਅਤੇ ਜਥੇਦਾਰ ਕਾਉਂਕੇ ਕਿਉਂ ਚੇਤੇ ਆਉਂਦੇ ਨੇ?

Prabhjot Kaur
4 Min Read

ਜਗਤਾਰ ਸਿੰਘ ਸਿੱਧੂ,
ਮੈਨੇਜਿੰਗ ਐਡੀਟਰ

ਸ਼੍ਰੋਮਣੀ ਅਕਾਲੀ ਦਲ ਨੇ ਮੁੜ ਪੰਥਕ ਮੁੱਦਿਆਂ ਵੱਲ ਮੋੜਾ ਕੱਟਿਆ ਹੈ। ਮਸਾਲ ਵਜੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਈ ਸਤਵੰਤ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਭਾਈ ਸਤਵੰਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸ਼ਹੀਦਾਂ ਪ੍ਰਤੀ ਨਤਮਸਤਕ ਹੋਏ। ਭਲਕੇ 6 ਜਨਵਰੀ ਨੂੰ ਭਾਈ ਸਤਵੰਤ ਸਿੰਘ ਦਾ ਸ਼ਹੀਦੀ ਦਿਹਾੜਾ ਗੁਰਦਾਸਪੁਰ ਵਿਖੇ ਉਨ੍ਹਾਂ ਦੇ ਪਿੰਡ ਵਿੱਚ ਮਨਾਇਆ ਜਾ ਰਿਹਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਦਾ ਮਾਮਲਾ ਵੀ ਉਠਾਇਆ ਗਿਆ ਹੈ। ਜਥੇਦਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਥੇਦਾਰ ਕਾਉਂਕੇ ਦੀ ਝੂਠੇ ਪੁਲਿਸ ਮੁਕਾਬਲੇ ਦੀ ਰਿਪੋਰਟ ਸਰਕਾਰ ਵੱਲੋਂ ਜਾਰੀ ਕੀਤੀ ਜਾਵੇ ਤਾਂ ਜੋ ਪਤਾ ਲੱਗੇ ਕਿ ਕਿਵੇਂ ਉਨ੍ਹਾਂ ਨੂੰ ਖ਼ਤਮ ਕੀਤਾ ਗਿਆ ਅਤੇ ਇਸ ਗੈਰ ਮਾਨਵੀ ਕਾਰੇ ਲਈ ਕੌਣ ਜ਼ਿੰਮੇਵਾਰ ਹੈ? ਜ਼ਿਕਰਯੋਗ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸਰਬੱਤ ਖ਼ਾਲਸਾ ਵੱਲੋਂ 26 ਜਨਵਰੀ 1986 ਨੂੰ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ। ਭਾਈ ਕਾਉਂਕੇ ਨੂੰ ਗਰਮ ਖ਼ਿਆਲੀ ਸਿੱਖ ਜਥੇਬੰਦੀਆਂ ਦੀ ਹਮਾਇਤ ਵੀ ਹਾਸਿਲ ਸੀ। ਜਥੇਦਾਰ ਨੂੰ 25 ਦਸੰਬਰ 1992 ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਇੱਕ ਹਫ਼ਤੇ ਬਾਅਦ ਪੁਲਿਸ ਨੇ ਦਾਅਵਾ ਕੀਤਾ ਕਿ ਭਾਈ ਕਾਉਂਕੇ ਪੁਲਿਸ ਹਿਰਾਸਤ ਵਿੱਚੋਂ ਬਚ ਕੇ ਨਿਕਲ ਗਏ ਹਨ।

ਬਾਅਦ ਵਿੱਚ ਮਨੁੱਖੀ ਅਧਿਕਾਰ ਸੰਗਠਨਾਂ ਵੱਲੋਂ ਕੀਤੀ ਪੜਤਾਲ ਅਨੁਸਾਰ ਭਾਈ ਕਾਉਂਕੇ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਤ ਮਾਰ ਦਿੱਤਾ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਥੇਦਾਰ ਬਾਰੇ ਰਿਪੋਰਟ ਜਨਤਕ ਕੀਤੀ ਜਾਵੇ। ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਰਿਪੋਰਟ ਨੂੰ ਕਿਉਂ ਦਬਾ ਕੇ ਰੱਖਿਆ ਹੋਇਆ ਹੈ। ਕਈ ਪੰਥਕ ਧਿਰਾਂ ਵੱਲੋਂ ਇਹ ਸਵਾਲ ਉੱਠ ਰਹੇ ਹਨ ਕਿ ਅਕਾਲੀ ਦਲ 15 ਸਾਲ ਸਰਕਾਰ ਵਿੱਚ ਰਿਹਾ ਤਾਂ ਉਸ ਵੇਲੇ ਇਹ ਸਵਾਲ ਕਿਉਂ ਨਹੀਂ ਉੱਠਿਆ? ਇਹ ਵੀ ਕਿਹਾ ਜਾ ਰਿਹਾ ਹੈ ਕਿ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸਿੱਖਾਂ ਨੂੰ ਮਾਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਅਕਾਲੀ ਦਲ ਵੱਲੋਂ ਉੱਚੇ ਅਹੁਦਿਆਂ ਉੱਪਰ ਕਿਉਂ ਲਾਇਆ ਗਿਆ। ਪੰਥਕ ਧਿਰਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਭਾਈ ਸਤਵੰਤ ਸਿੰਘ ਦੇ ਪਰਿਵਾਰ ਨੂੰ ਸੁਖਬੀਰ ਸਿੰਘ ਬਾਦਲ ਮਿਲੇ ਹਨ ਪਰ ਪਿਛਲੇ 38 ਸਾਲ ਤੋਂ ਸੁਖਬੀਰ ਸਿੰਘ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਵੀ ਭਾਈ ਸਤਵੰਤ ਸਿੰਘ ਦੀ ਬਰਸੀ ਤੇ ਕਿਉਂ ਨਹੀਂ ਗਏ? ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਸੱਤਾ ਵਿੱਚੋਂ ਬਾਹਰ ਹੋਣ ਵੇਲੇ ਹੀ ਪੰਥ ਦੇ ਸ਼ਹੀਦ ਕਿਉਂ ਚੇਤੇ ਆਉਂਦੇ ਹਨ?

ਅਕਾਲੀ ਦਲ ਦੀ ਦਲੀਲ ਹੈ ਕਿ ਪਿਛਲੇ ਸਮਿਆਂ ਵਿੱਚ ਗਲਤੀਆਂ ਹੋਈਆਂ ਹਨ ਪਰ ਅਕਾਲੀ ਦਲ ਦੀ ਲੀਡਰਸ਼ਿਪ ਨੇ ਜੇਕਰ ਅਜਿਹੀਆਂ ਗਲਤੀਆਂ ਬਾਰੇ ਮਹਿਸੂਸ ਕੀਤਾ ਹੈ ਤਾਂ ਇਸ ਵਿੱਚ ਕੋਈ ਗ਼ਲਤ ਗੱਲ ਨਹੀਂ ਹੈ। ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਦਾ ਕਹਿਣਾ ਹੈ ਕਿ ਇਸ ਵੇਲੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ ਤਾਂ ਗਲਤੀਆਂ ਨੂੰ ਦਰੁਸਤ ਕਰ ਕੇ ਅੱਗੇ ਵੱਧਣ ਦੀ ਲੋੜ ਹੈ।

- Advertisement -

ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਵਿੱਚ ਕੁੱਝ ਸਿੱਖ ਆਗੂਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੇ ਮੁੱਦੇ ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਹੈ ਕਿ ਕਾਂਗਰਸ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇ ਰਹੀ ਹੈ। ਇਨ੍ਹਾਂ ਸਿੱਖਾਂ ਵੱਲੋਂ ਰਾਜਸਥਾਨ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੰਗ ਕੀਤੀ ਜਾ ਰਹੀ ਹੈ ਜਿਵੇਂ ਕਿ ਹਰਿਆਣਾ ਵਿੱਚ ਬਣੀ ਹੈ। ਰਾਜਸਥਾਨ ਦੇ ਸਿੱਖਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਡੀ ਕਦੇ ਵੀ ਸਾਰ ਨਹੀਂ ਲਈ ਤਾਂ ਸਾਡੇ ਕੋਲੇ ਵੱਖਰੀ ਕਮੇਟੀ ਬਣਾਉਣ ਦੇ ਇਲਾਵਾ ਹੋਰ ਕੋਈ ਰਾਹ ਨਹੀਂ ਹੈ।

Share this Article
Leave a comment