77ਵੇਂ ਗਣਤੰਤਰ ਦਿਵਸ ਦੇ ਸਮਾਗਮ ਲਈ ਤਿਆਰੀਆਂ ਮੁਕੰਮਲ; ਸੁਰੱਖਿਆ ਦੇ ਪੁਖਤਾ ਇੰਤਜ਼ਾਮ

Global Team
3 Min Read

ਚੰਡੀਗੜ੍ਹ – 26 ਜਨਵਰੀ ਨੂੰ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਸਟੇਡੀਅਮ, ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ, ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਇਸ ਪਰੇਡ ਦੀ ਅਗਵਾਈ ਐੱਸ.ਆਈ. ਪ੍ਰਗਟ ਸਿੰਘ ਵੱਲੋਂ ਕੀਤੀ ਗਈ। ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਆਈ.ਏ.ਐੱਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਸੰਦੇਸ਼ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿੱਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 77ਵੇਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਪੁਲਿਸ ਸਟੇਡੀਅਮ, ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ ਸ਼ਾਨਦਾਰ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਇਸੇ ਦੌਰਾਨ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਭਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐੱਸ.ਪੀਜ ਅਤੇ ਡੀ.ਐੱਸ.ਪੀਜ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟਰੈਫ਼ਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Share This Article
Leave a Comment