ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਹੱਦ ਨਾਲ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਅਤੇ 11 ਅਕਤੂਬਰ, 2021 ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਬੀ.ਐਫ.ਐਫ. ਅਤੇ ਪੰਜਾਬ ਪੁਲਿਸ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਦੇਸ਼ ਵਿਰੋਧੀ ਤਾਕਤਾਂ ਖਿਲਾਫ਼ ਇਕਜੁਟ ਹੋ ਕੇ ਕੰਮ ਕਰ ਸਕਣ। ਇਸ ਦੌਰਾਨ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਉਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਕੀਤੀ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਚੰਨੀ ਨੇ ਜਾਣਕਾਰੀ ਦਿੱਤੀ ਕਿ ਬੀ.ਐਸ.ਐਫ. ਨੂੰ ਕੌਮਾਂਤਰੀ ਸਰਹੱਦ ਦੀ ਸੁਰੱਖਿਆ ਕਰਨ ਅਤੇ ਮੋਹਰੇ ਹੋ ਕੇ ਰੱਖਿਆ ਕਰਨ ਦੀ ਪ੍ਰਮੁੱਖ ਡਿਊਟੀ ਕਰਨ ਦੀ ਸਿਖਲਾਈ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਅੰਦਰ ਅਮਨ-ਕਾਨੂੰਨ ਦੀ ਹਿਫਾਜ਼ਤ ਕਰਨ ਦੀ ਡਿਊਟੀ ਅਤੇ ਜ਼ਿੰਮੇਵਾਰੀ ਸੂਬਾਈ ਜਾਂ ਸਥਾਨਕ ਪੁਲੀਸ ਦੀ ਬਣਦੀ ਹੈ।
ਇਸ ਤੋਂ ਇਲਾਵਾ ਪੰਜਾਬ ਪੁਲਿਸ ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰਨ ਤੌਰ ਉਤੇ ਸਮਰੱਥ ਹੈ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਪੁਲੀਸ ਨੇ ਬੀਤੇ ਸਮੇਂ ਵਿਚ ਵੀ ਅਤਿਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਅਤੇ ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਰਮਿਆਨ ਪ੍ਰਭਾਵੀ ਤਾਲਮੇਲ ਤੋਂ ਬਿਨਾਂ ਇਹ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਦਰਮਿਆਨ ਬਿਹਤਰ ਤਾਲਮੇਲ ਸਦਕਾ ਨਸ਼ਾ ਤਸਕਰਾਂ ਅਤੇ ਅੱਤਵਾਦੀਆਂ ਦੇ ਖਿਲਾਫ਼ ਸਫਲਤਾ ਨਾਲ ਸਾਂਝੇ ਅਪਰੇਸ਼ਨ ਵਿੱਢੇ ਗਏ।
ਇਸ ਸਮੁੱਚੇ ਮਾਮਲੇ ‘ਤੇ ਮੁੜ ਗੌਰ ਕਰਨ ਦੀ ਜ਼ੋਰਦਾਰ ਪੈਰਵੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਹੁਣ ਮੌਜੂਦਾ ਵਿਵਸਥਾ ‘ਚ ਆਪਹੁਦਰੇ ਢੰਗ ਨਾਲ ਬਦਲਾਅ ਕਰ ਦੇਣ ਦਾ ਕੋਈ ਨਿਆਂਇਕ ਆਧਾਰ ਨਹੀਂ ਬਣਦਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸੂਚੀ ਤਹਿਤ ਪੁਲਿਸ ਅਤੇ ਅਮਨ-ਕਾਨੂੰਨ ਸੂਬਾਈ ਵਿਸ਼ੇ ਹਨ ਅਤੇ ਇਨ੍ਹਾਂ ਨੂੰ ਸੂਬਿਆਂ ਵੱਲੋਂ ਦੇਖਿਆ ਜਾ ਰਿਹਾ ਹੈ।
ਪੁਲਿਸ ਅਧਿਕਾਰੀਆਂ ਦੀਆਂ ਵਿਅਕਤੀਆਂ ਦੀ ਭਾਲ, ਜ਼ਬਤੀ ਅਤੇ ਗ੍ਰਿਫ਼ਤਾਰੀ ਦੀਆਂ ਸ਼ਕਤੀਆਂ, ਨਾਂ ਸਿਰਫ ਵੱਖ-ਵੱਖ ਐਕਟਾਂ ਅਧੀਨ ਸਜ਼ਾਯੋਗ ਅਪਰਾਧਾਂ, ਸਗੋਂ ਰਾਜ ਸਰਕਾਰਾਂ ਨਾਲ ਸਲਾਹ ਕੀਤੇ ਜਾਂ ਉਨ੍ਹਾਂ ਦੀ ਸਹਿਮਤੀ ਲਏ ਬਗ਼ੈਰ ਕਿਸੇ ਹੋਰ ਕੇਂਦਰੀ ਐਕਟ ਅਧੀਨ ਸਜ਼ਾਯੋਗ ਅਪਰਾਧ ਦੀ ਰੋਕਥਾਮ ਲਈ ਬੀ.ਐਸ.ਐਫ. ਅਧਿਕਾਰੀਆਂ ਨੂੰ ਸੌਂਪਣਾ ਕੇਂਦਰ ਵੱਲੋਂ ਸੂਬੇ ਦੀਆਂ ਸ਼ਕਤੀਆਂ ਅਤੇ ਭੂਮਿਕਾ `ਤੇ ਕਬਜ਼ਾ ਕਰਨ ਦੇ ਤੁਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੀ ਭਾਵਨਾ ਨੂੰ ਕਮਜ਼ੋਰ ਕਰਨ ਅਤੇ ਸੰਵਿਧਾਨ ਦੇ ਸੰਘੀ ਢਾਂਚੇ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੀ ਹੈ।