ਚੰਡੀਗੜ੍ਹ: ਸੁੱਚਾ ਸਿੰਘ ਲੰਗਾਹ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋ ਗਈ ਹੈ ।ਇਸ ਨਾਲ ਅਕਾਲੀ ਦਲ ਨੂੰ ਵੱਡਾ ਬਲ ਮਿਲੇਗਾ। ਸੁੱਚਾ ਸਿੰਘ ਲੰਗਾਹ ਨੂੰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ‘ਚ ਸ਼ਾਮਿਲ ਕੀਤਾ ਹੈ। ਪਾਰਟੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਕ ਪੋਸਟ ਪਾ ਕੇ ਇਹ ਜਾਣਕਾਰੀ ਦਿੱਤੀ ਹੈ। ਪਾਰਟੀ ਨੇ ਆਪਣੇ ਪੋਸਟ ਵਿੱਚ ਕਿਹਾ ਹੈ ਕਿ ਸੁੱਚਾ ਸਿੰਘ ਲੰਗਾਹ ਵੱਲੋਂ ਇੱਕ ਮੰਗ ਪੱਤਰ ਮਿਲਿਆ ਹੈ। ਜਿਸ ਵਿਚ ਉਨ੍ਹਾਂ ਨੇ ਪਾਰਟੀ ਦੇ ਸਾਹਮਣੇ ਇਹ ਨੁਕਤਾ ਰੱਖਿਆ ਹੈ ਕਿ ਅਦਾਲਤ ਨੇ ਉਨ੍ਹਾਂ ‘ਤੇ ਲੱਗੇ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਲੰਗਾਹ ਨੇ ਲਿਖੀ ਚਿੱਠੀ ਵਿਚ ਇਹ ਵੀ ਹਵਾਲਾ ਦਿੱਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਵੀ ਭੁਗਤ ਚੁੱਕੇ ਹਨ। ਲੰਗਾਹ ਨੇ ਪਾਰਟੀ ਪ੍ਰਧਾਨ ਨੂੰ ਲਿਖੀ ਚਿੱਠੀ ਵਿਚ ਕਿਹਾ ਸੀ ਕਿ ਉਹ ਜੰਮੇ ਵੀ ਅਕਾਲੀ ਹਨ ਅਤੇ ਮਰਨਾ ਵੀ ਅਕਾਲੀ ਚਾਹੁੰਦੇ ਹਨ। ਇਸ ਲਈ ਉਹਨਾਂ ਦੀ ਚਿੱਠੀ ’ਤੇ ਵਿਚਾਰ ਕਰ ਕੇ ਪਾਰਟੀ ਵਿਚ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ। ਭੂੰਦੜ ਨੇ ਲੰਗਾਹ ਨੂੰ ਪਾਰਟੀ ਵਿਚ ਆਮ ਵਰਕਰ ਦੀ ਤਰ੍ਹਾਂ ਸ਼ਾਮਲ ਕਰਨ ਦੀ ਪੁਸ਼ਟੀ ਅਕਾਲੀ ਦਲ ਦੇ ਫੇਸਬੁੱਕ ਪੇਜ ’ਤੇ ਕੀਤੀ ਹੈ।
ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਕਥਿਤ ਵੀਡੀਓ ਤੋਂ ਬਾਅਦ ਵਿਵਾਦਾਂ ਵਿਚ ਘਿਰ ਗਏ ਸਨ। ਉਹ ਕਰੀਬ ਸੱਤ ਸਾਲ ਪਾਰਟੀ ਤੋਂ ਦੂਰ ਰਹੇ। ਉਨ੍ਹਾਂ ਨੇ ਅਕਾਲੀ ਦਲ ਉੱਤੇ ਚੋਣਾਂ ਦੌਰਾਨ ਖੁਦ ਨੂੰ ਅਣਦੇਖਿਆਂ ਕਰਨ ਦੇ ਇਲਜ਼ਾਮ ਲਗਾਏ ਸਨ।ਉਨ੍ਹਾਂ ਕਿਹਾ ਸੀ ਕਿ ਕਾਂਗਰਸ ਨੇ ਉਨ੍ਹਾਂ ਦਾ ਬਹੁਤ ਘੱਟ ਨੁਕਸਾਨ ਕੀਤਾ ਹੈ ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਦੇ ਨਾਲ ਹੀ ਚਰਚਾ ਸ਼ੁਰੂ ਹੋ ਗਈ ਹੈ ਕਿ ਪਾਰਟੀ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਸੀਟ ‘ਤੇ ਹੋਣ ਵਾਲੀ ਵਿਧਾਨ ਸਭਾ ਉਪ ਚੋਣ ‘ਚ ਉਮੀਦਵਾਰ ਬਣਾ ਸਕਦੀ ਹੈ। ਹੁਣ ਇਕ ਵਾਰ ਫਿਰ ਲੰਗਾਹ ਦੀ ਵਾਪਸੀ ਨੇ ਸਿਆਸੀ ਗਲਿਆਰਿਆਂ ‘ਚ ਨਵੀਂ ਚਰਚਾ ਛੇੜ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।