ਚੰਡੀਗੜ੍ਹ: ਕੇਂਦਰੀ ਪੰਜਾਬੀ ਲੇਖਕ ਸਭਾ ਕਿਸਾਨ ਸੰਘਰਸ਼ ਦੀ ਸਫਲਤਾ ਉੱਤੇ ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਅਤੇ ਹਿੰਦੁਸਤਾਨ ਦੀਆਂ ਤਮਾਮ ਕਿਸਾਨ ਜਥੇਬੰਦੀਆਂ ਨੂੰ ਕਿਸਾਨ ਸੰਘਰਸ਼ ਦੀ ਇਤਿਹਾਸਕ ਜਿੱਤ ਉੱਤੇ ਕ੍ਰਾਂਤੀਕਾਰੀ ਸਲਾਮ ਭੇਜਦੀ ਹੈ। ਲਗਭਗ ਇੱਕ ਸਾਲ ਤੋਂ ਪੰਜਾਬ, ਹਰਿਆਣਾ, ਰਾਜਸਥਾਨ, ਯੂ.ਪੀ. ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਤੋਂ ਆਏ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀ, ਰਾਜਧਾਨੀ ਦਿੱਲੀ ਦੀਆਂ ਬਰੂਹਾਂ ਉੱਤੇ ਤਿੰਨ ਕਾਲੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਲਈ ਕਿਸਾਨਾਂ ਨੂੰ ਕੀਤੇ ਜਾਣ ਵਾਲੇ ਜੁਰਮਾਨੇ ਤੇ ਦੰਡ ਵਿਰੁੱਧ ਆਪਣਾ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਸਨ।
ਕਿਸਾਨਾਂ ਦੇ ਇਸ ਲੰਮੇ ਇਤਿਹਾਸਕ ਅਤੇ ਵਿਆਪਕ ਜਨ ਆਧਾਰ ਵਾਲੇ ਸ਼ਾਂਤਮਈ ਅੰਦੋਲਨ ਨੇ ਦੁਨੀਆਂ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਹਿੰਦੁਸਤਾਨ ਦਾ ਆਵਾਮ ਇਹ ਸਮਝਣ ਲੱਗ ਪਿਆ ਹੈ ਕਿ ਕਿਸਾਨ ਕੇਵਲ ਫ਼ਸਲਾਂ ਦੇ ਲਾਹੇਵੰਦ ਭਾਵਾਂ ਅਤੇ ਘੱਟੋ ਘੱਟ ਸਮਰਥਨ ਮੁੱਲ ਦੇ ਮੁੱਦਿਆਂ ਦੀ ਆਰਥਕ ਲੜਾਈ ਹੀ ਨਹੀਂ ਲੜ ਰਿਹਾ ਸੀ, ਸਗੋਂ ਉਹ ਭਾਰਤ ਦੇ ਸੰਵਿਧਾਨ ਦੀ ਰਾਖੀ ਅਤੇ ਕਾਰਪੋਰੇਟ ਅਦਾਰਿਆਂ ਦੀ ਲੁੱਟ ਦੇ ਖ਼ਿਲਾਫ਼ ਲੋਕਾਂ ਵਿੱਚ ਨਵੀਂ ਚੇਤਨਾ ਪੈਦਾ ਕਰਨ ਵਿੱਚ ਕਾਮਯਾਬ ਹੋਇਆ ਹੈ। ਇਸ ਸ਼ਾਂਤਮਈ ਕਿਸਾਨ ਅੰਦੋਲਨ ਨੇ ਭਾਰਤ ਦੇ ਫੈੱਡਰਲ, ਸੈਕੂਲਰ ਅਤੇ ਲੋਕਤਾਂਤਰਿਕ ਢਾਂਚੇ ਅਤੇ ਸਾਂਝੀ ਗੰਗਾ ਜਮਨੀ ਸੰਸਕ੍ਰਿਤੀ ਨੂੰ ਬਹਾਲ ਰੱਖਣ ਲਈ ਆਪਣਾ ਇਤਿਹਾਸਕ ਯੋਗਦਾਨ ਪਾਇਆ ਹੈ।
ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਖਦੇਵ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਜੋਗਾ ਸਿੰਘ ਅਤੇ ਸਮੁੱਚੀ ਕਾਰਜਕਾਰਨੀ ਨੇ ਸੰਘਰਸ਼ਸ਼ੀਲ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਭਾਰਤ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦੀ ਹੈ ਕਿ ਉਹ ਕਿਸਾਨ ਜਥੇਬੰਦੀਆਂ ਦੀਆਂ ਸਾਰੀਆਂ ਮੰਗਾਂ ਨੂੰ ਤੁਰਤ ਪ੍ਰਵਾਨ ਕਰਕੇ ਅਤੇ ਕਾਲੇ ਕਾਨੂੰਨਾਂ ਤੇ ਹੋਰ ਲੋਕ ਵਿਰੋਧੀ ਬਿੱਲਾਂ ਦੀ ਤੁਰੰਤ ਵਾਪਸੀ ਕਰਕੇ ਸੰਘਰਸ਼ਸ਼ੀਲ ਕਿਸਾਨ ਜਥਬੰਦੀਆਂ ਦਾ ਭਰੋਸਾ ਜਿੱਤੇ। ਕੇਂਦਰੀ ਪੰਜਾਬੀ ਲੇਖਕ ਸਭਾ ਲੇਖਕਾਂ, ਚਿੰਤਕਾਂ, ਰੰਗਕਰਮੀਆਂ, ਸੱਭਿਆਚਾਰਕ ਕਾਮਿਆਂ, ਪੱਤਰਕਾਰਾਂ ਅਤੇ ਪਬਲਿਕ ਬੁੱਧੀਜੀਵੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ, ਜਿਨ੍ਹਾਂ ਨੇ ਆਪਣੇ ਆਪਣੇ ਵਿਤ ਅਨੁਸਾਰ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੈ।