ਵਾਸ਼ਿੰਗਟਨ: ਭਾਰਤੀ ਮੂਲ ਦੇ ਡੈਮੋਕ੍ਰੇਟ ਸੰਸਦ ਮੈਂਬਰ ਰੋ ਖੰਨਾ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵਿਦੇਸ਼ ਨੀਤੀ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਅਤੇ ਅਮਰੀਕਾ ਦੇ ਸਬੰਧ ਪਿਛਲੇ ਤਿੰਨ ਦਹਾਕਿਆਂ ਵਿੱਚ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਏ ਹਨ।
ਉਨ੍ਹਾਂ ਇਹ ਗੱਲ ਵਾਸ਼ਿੰਗਟਨ ਵਿੱਚ ਹੋਈ ਯੂਐਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਦੀ ਮੀਟਿੰਗ ਦੌਰਾਨ ਕਹੀ। ਇਸ ਦੌਰਾਨ ਉਨ੍ਹਾਂ ਨੇ ਈਰਾਨ ਨਾਲ ਜੁੜੀਆਂ ਨੀਤੀਆਂ ਨੂੰ ਲੈ ਕੇ ਵੀ ਟਰੰਪ ਪ੍ਰਸ਼ਾਸਨ ਨੂੰ ਨਿਸ਼ਾਨੇ ‘ਤੇ ਲਿਆ।
‘ਈਰਾਨ ਨੀਤੀ ਨਾਲ ਭਰੋਸੇਯੋਗਤਾ ਨੂੰ ਨੁਕਸਾਨ ਹੋਇਆ’
ਰੋ ਖੰਨਾ ਨੇ ਕਿਹਾ ਕਿ ਈਰਾਨ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦੀ ਨੀਤੀ ਨੁਕਸਾਨਦਾਇਕ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਆਪਣੇ ਸਾਥੀ ਦੇਸ਼ਾਂ ਨਾਲ ਸਲਾਹ-ਮਸ਼ਵਰਾ ਕੀਤੇ ਬਿਨਾਂ ਇਕਤਰਫ਼ਾ ਕਦਮ ਚੁੱਕੇ, ਜਿਸ ਨਾਲ ਵਿਸ਼ਵ ਪੱਧਰ ‘ਤੇ ਅਸਥਿਰਤਾ ਵਧੀ ਅਤੇ ਅਮਰੀਕਾ ਦੀ ਭਰੋਸੇਯੋਗਤਾ ਪ੍ਰਭਾਵਿਤ ਹੋਈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਅਸਰ ਭਾਰਤ ਵਿੱਚ ਈਂਧਨ ਦੀਆਂ ਕੀਮਤਾਂ ‘ਤੇ ਵੀ ਪਿਆ ਹੈ।
‘ਅਗਲੀ ਪੀੜ੍ਹੀ ਨੂੰ ਸੰਭਾਲਣਾ ਪਵੇਗਾ ਵੱਡਾ ਬੋਝ’
ਡੈਮੋਕ੍ਰੇਟ ਸੰਸਦ ਮੈਂਬਰ ਨੇ ਕਿਹਾ ਕਿ ਜੇ ਗਲਤ ਫ਼ੈਸਲਿਆਂ ‘ਤੇ ਖੁੱਲ੍ਹ ਕੇ ਗੱਲ ਨਾ ਕੀਤੀ ਗਈ ਤਾਂ ਇਹ ਹਕੀਕਤ ਤੋਂ ਮੂੰਹ ਮੋੜਨ ਦੇ ਬਰਾਬਰ ਹੋਵੇਗਾ। ਉਨ੍ਹਾਂ ਦਾ ਦਾਅਵਾ ਸੀ ਕਿ ਅਗਲੀ ਪੀੜ੍ਹੀ ਨੂੰ ਅਮਰੀਕਾ ਨੂੰ ਮੁੜ ਮਜ਼ਬੂਤ ਬਣਾਉਣ ਦੇ ਨਾਲ ਦੁਨੀਆ ਭਰ ਵਿੱਚ ਖਰਾਬ ਹੋਏ ਰਿਸ਼ਤਿਆਂ ਨੂੰ ਵੀ ਦੁਬਾਰਾ ਮਜ਼ਬੂਤ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਸਾਹਮਣੇ ਦੇਸ਼ ਦੀ ਮਜ਼ਬੂਤੀ ਅਤੇ ਅੰਤਰਰਾਸ਼ਟਰੀ ਰਿਸ਼ਤਿਆਂ ਨੂੰ ਮੁੜ ਸਥਾਪਿਤ ਕਰਨ ਦੀ ਦੋਹਰੀ ਜ਼ਿੰਮੇਵਾਰੀ ਹੋਵੇਗੀ।
ਟਰੰਪ ਨੂੰ ਲੈ ਕੇ ਵੀ ਦਿੱਤੀ ਤਿੱਖੀ ਟਿੱਪਣੀ
ਰੋ ਖੰਨਾ ਨੇ ਆਪਣੇ ਬਿਆਨ ਦੌਰਾਨ ਡੋਨਾਲਡ ਟਰੰਪ ਨੂੰ ਸਭ ਤੋਂ ਖਰਾਬ ਰਾਸ਼ਟਰਪਤੀ ਵੀ ਦੱਸਿਆ।
USISF ਸਮਿੱਟ ਦੌਰਾਨ ਸਾਹਮਣੇ ਆਈ ਵੱਖਰੀ ਰਾਏ
ਰੋ ਖੰਨਾ ਦਾ ਇਹ ਬਿਆਨ ਉਸ ਵੇਲੇ ਸਾਹਮਣੇ ਆਇਆ ਜਦੋਂ ਯੂਐਸਆਈਐਸਪੀਐਫ ਦੇ ਮਾਨਦ ਸੀਨੀਅਰ ਸਲਾਹਕਾਰ ਅਲ ਮੇਸਨ ਨੇ ਕਿਹਾ ਕਿ ਭਾਰਤ-ਅਮਰੀਕਾ ਸੰਬੰਧਾਂ ਨੇ ਮੁੜ ਇਤਿਹਾਸਕ ਗਤੀ ਹਾਸਲ ਕੀਤੀ ਹੈ। ਉਨ੍ਹਾਂ ਇਸ ਦਾ ਸਿਹਰਾ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜਿਓ ਗੋਰ ਨੂੰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੇ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਵਿੱਚ ਭੂਮਿਕਾ ਨਿਭਾਈ।
ਵਾਸ਼ਿੰਗਟਨ ਵਿੱਚ ਹੋਈ USISF ਦੀ 9ਵੀਂ ਸਮਿੱਟ
ਯੂਐਸ-ਇੰਡੀਆ ਸਟ੍ਰੈਟੇਜਿਕ ਪਾਰਟਨਰਸ਼ਿਪ ਫੋਰਮ ਦੀ 9ਵੀਂ ਸਮਿੱਟ 29 ਜੂਨ ਨੂੰ ਵਾਸ਼ਿੰਗਟਨ ਡੀਸੀ ਵਿੱਚ ਕਰਵਾਈ ਗਈ। ਇਸ ਵਿੱਚ ਸਰਕਾਰੀ ਅਧਿਕਾਰੀ, ਕਾਰੋਬਾਰੀ, ਨੀਤੀ ਨਿਰਧਾਰਕ, ਸਿੱਖਿਆ ਖੇਤਰ ਨਾਲ ਜੁੜੇ ਲੋਕ, ਥਿੰਕ ਟੈਂਕ ਮਾਹਿਰ ਅਤੇ ਮੀਡੀਆ ਨੁਮਾਇੰਦਿਆਂ ਨੇ ਹਿੱਸਾ ਲਿਆ ਅਤੇ ਦੋਵਾਂ ਦੇਸ਼ਾਂ ਦੇ ਸਹਿਯੋਗ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਕੀਤਾ।

