ਕੈਪਟਨ ਦੇ ਰੁਜ਼ਗਾਰ ਮੇਲਿਆਂ ਨੂੰ ਲੈ ਕੇ ਉੱਠਿਆ ਵਿਰੋਧ, ਕਿਹਾ ਰੁਜ਼ਗਾਰ ਦੇ ਨਾਮ ‘ਤੇ ਕੀਤਾ ਜਾ ਰਿਹੈ ਮਜ਼ਾਕ

TeamGlobalPunjab
2 Min Read

ਬਰਨਾਲਾ : ਅੱਜ ਕੱਲ੍ਹ ਪੰਜਾਬ ਅੰਦਰ ਪੜ੍ਹੇ ਲਿਖੇ ਨੌਜਵਾਨ ਮੁੰਡੇ ਕੁੜੀਆਂ ਲਈ ਰੁਜ਼ਗਾਰ ਦੀ ਸਮੱਸਿਆ ਲਗਾਤਾਰ ਵਧਦੀ ਜਾ ਰਹੀ ਹੈ। ਸ਼ਾਇਦ ਇਸੇ ਕਾਰਨ ਹੀ ਅੱਜ ਪੰਜਾਬ ਦੀ ਜਵਾਨੀ ਆਪਣੇ ਚੰਗੇ ਭਵਿੱਖ ਲਈ ਵਿਦੇਸ਼ਾਂ ਵੱਲ ਨੂੰ ਜਾ ਰਹੀ ਹੈ। ਇਸ ਦੇ ਚਲਦਿਆਂ ਸੱਤਾਧਾਰੀ ਕੈਪਟਨ ਸਰਕਾਰ ਵੱਲੋਂ ਸਾਲ 2017 ਦੌਰਾਨ ਆਪਣੇ ਚੋਣ ਮਨੋਰਥ ਪੱਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ ਅਤੇ ਇਸ ਲਈ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਪਰ ਹੁਣ ਇਨ੍ਹਾਂ ਰੁਜ਼ਗਾਰ ਮੇਲਿਆਂ ਦਾ ਨਾ ਸਿਰਫ ਨੌਜਵਾਨਾਂ ਵੱਲੋਂ ਬਲਕਿ ਉਨ੍ਹਾਂ ਦੇ ਮਾਪਿਆ ਵੱਲੋਂ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਦਰਅਸਲ ਇਹ ਦੋਸ਼ ਹੈ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀ ਨਹੀਂ ਮਿਲ ਰਹੀ।

ਇਸ ਦੇ ਚਲਦਿਆਂ ਬੀਤੇ ਦਿਨੀਂ ਬਰਨਾਲਾ ਵਿੱਚ ਲੱਗੇ ਰੁਜ਼ਗਾਰ ਮੇਲੇ ‘ਤੇ ਬੇਰੁਜ਼ਗਾਰ ਮਾਪਿਆਂ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਥੇ ਨੌਜਵਾਨਾਂ ਨੂੰ ਇਹ ਕਿਹਾ ਗਿਆ ਹੈ ਕਿ ਉਹ ਈਰਿਕਸ਼ਾ ਖਰੀਦ ਕੇ ਸਵਾਰੀਆਂ ਢੋਹਣ ਇਸ ਲਈ ਉਨ੍ਹਾਂ ਨੂੰ ਸਬਸਿਡੀ ਮਿਲੇਗੀ। ਮਾਪਿਆਂ ਦਾ ਕਹਿਣਾ ਹੈ ਕਿ ਬੇਸ਼ੱਕ ਕੰਮ ਕੋਈ ਮਾੜਾ ਚੰਗਾ ਨਹੀਂ ਹੁੰਦਾ ਪਰ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ‘ਤੇ ਖਰਚਾ ਇਸ ਲਈ ਨਹੀਂ ਕੀਤਾ ਕਿ ਉਹ ਰਿਕਸ਼ੇ ਚਲਾਉਣ। ਉਨ੍ਹਾਂ ਮੰਗ ਕੀਤੀ ਕਿ ਬੇਰੁਜਗਾਰ ਮੁੰਡੇ ਕੁੜੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੁਜ਼ਗਾਰ ਮਿਲਣਾ ਚਾਹੀਦਾ ਹੈ।

ਇੱਧਰ ਦੂਜੇ ਪਾਸੇ ਬਰਾਨਾਲਾ ਦੇ ਵਿਧਾਇਕ ਮੀਤ ਹੇਅਰ ਨੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੰਮ ਭਾਵੇ ਕੋਈ ਵੀ ਚੰਗਾ ਮਾੜਾ ਨਹੀਂ ਪਰ ਮਾਪਿਆਂ ਨੇ ਆਪਣੇ ਬੱਚਿਆਂ ਦੀ ਪੜ੍ਹਾਈ ‘ਤੇ ਕਰਜ਼ ਚੁੱਕ ਚੁੱਕ ਕੇ ਇੰਨਾ ਖਰਚ ਇਸ ਲਈ ਨਹੀਂ ਕੀਤਾ ਕਿ ਉਹ ਰਿਕਸ਼ਾ ਚਲਾਉਣ। ਮੀਤ ਹੇਅਰ ਨੇ ਕਿਹਾ ਕਿ ਜੇਕਰ ਉਨ੍ਹਾਂ ਨੇ ਰਿਕਸ਼ਾ ਹੀ ਚਲਾਉਣਾ ਸੀ ਤਾਂ ਫਿਰ ਇੰਨੀ ਉੱਚ ਯੋਗਤਾ ਹਾਸਲ ਕਰਨ ਲਈ ਉਨ੍ਹਾਂ ਨੂੰ ਇੰਨਾ ਖਰਚ ਕਰਨ ਦੀ ਕੀ ਜਰੂਰਤ ਸੀ? ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਸਕੂਲ ਅਧਿਆਪਕਾਂ ਨੂੰ ਤਰਸ ਰਹੇ ਹਨ ਅਤੇ ਈਟੀਟੀ ਨੈੱਟ ਟੈੱਟ ਪਾਸ ਬੇਰੁਜ਼ਗਾਰ ਨੌਜਵਾਨ ਨੌਕਰੀਆਂ ਨੂੰ ਤਰਸ ਰਹੇ ਹਨ।

Share this Article
Leave a comment