ਰੋਪੜ:ਨੰਗਲ ਇਲਾਕੇ ਨਾਲ ਸਬੰਧਤ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਫਾਂਸੀ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਦਾ ਪਰਿਵਾਰ ਚਿੰਤਾ ਵਿੱਚ ਹੈ। ਨੰਗਲ ਦੀ ਲੋਅਰ ਪੱਟੀ ਪਿੰਡ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਕਰੀਬ ਦੋ ਸਾਲ ਪਹਿਲਾਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਸਾਊਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਹੁਣ ਪਰਿਵਾਰ ਮੁਤਾਬਕ ਉੱਥੋਂ ਦੀ ਅਦਾਲਤ ਨੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਹੈ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਬਜ਼ੁਰਗ ਮਾਂ ਜਸਵੰਤ ਕੌਰ ਨੇ ਹੁਣ ਭਾਰਤ ਸਰਕਾਰ ਤੋਂ ਆਪਣੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਟਰੱਕ ਡਰਾਈਵਰ ਵਜੋਂ ਮਸਕਟ ਗਿਆ ਸੀ ਗੁਰਪ੍ਰੀਤ
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਕਰੀਬ ਚਾਰ ਸਾਲ ਪਹਿਲਾਂ ਰੋਜ਼ਗਾਰ ਲਈ ਮਸਕਟ ਗਿਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਇਸ ਤੋਂ ਬਾਅਦ ਉਹ ਸਾਊਦੀ ਅਰਬ ਗਿਆ।
ਜਸਵੰਤ ਕੌਰ ਦਾ ਕਹਿਣਾ ਹੈ ਕਿ ਕਰੀਬ ਦੋ ਸਾਲ ਪਹਿਲਾਂ ਗੁਰਪ੍ਰੀਤ ਦੇ ਟਰੱਕ ਵਿੱਚੋਂ ਨਸ਼ੀਲੇ ਪਦਾਰਥ ਮਿਲਣ ਤੋਂ ਬਾਅਦ ਸਾਊਦੀ ਪੁਲਿਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪਰਿਵਾਰ ਗੁਰਪ੍ਰੀਤ ਨੂੰ ਬੇਕਸੂਰ ਦੱਸ ਰਿਹਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਸ ਨੂੰ ਇਸ ਮਾਮਲੇ ਵਿੱਚ ਫਸਾਇਆ ਗਿਆ ਹੈ।
ਮਾਂ ਨੇ ਹਰਜੋਤ ਬੈਂਸ ਨਾਲ ਮੁਲਾਕਾਤ ਕਰਕੇ ਮਦਦ ਮੰਗੀ
ਆਪਣੇ ਪੁੱਤਰ ਨੂੰ ਬਚਾਉਣ ਲਈ ਜਸਵੰਤ ਕੌਰ ਨੇ ਪੰਜਾਬ ਦੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਪ੍ਰੀਤ ਦਾ ਮਾਮਲਾ ਸਾਊਦੀ ਅਰਬ ਦੇ ਅਧਿਕਾਰੀਆਂ ਸਾਹਮਣੇ ਚੁੱਕਿਆ ਜਾਵੇ ਅਤੇ ਉਸ ਦੀ ਸਜ਼ਾ ਘਟਾਉਣ ਲਈ ਕੋਸ਼ਿਸ਼ ਕੀਤੀ ਜਾਵੇ।
ਜਸਵੰਤ ਕੌਰ ਨੇ ਕਿਹਾ ਕਿ ਗੁਰਪ੍ਰੀਤ ਉਨ੍ਹਾਂ ਦੇ ਪਰਿਵਾਰ ਦਾ ਇਕਲੌਤਾ ਸਹਾਰਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਹੈ।
ਪਿੰਡ ਦੀ ਸਰਪੰਚ ਮੋਨਿਕਾ ਦੇਵੀ ਨੇ ਵੀ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਕੂਟਨੀਤਕ ਪੱਧਰ ’ਤੇ ਸਾਊਦੀ ਅਰਬ ਦੇ ਅਧਿਕਾਰੀਆਂ ਕੋਲ ਚੁੱਕਿਆ ਜਾਣਾ ਚਾਹੀਦਾ ਹੈ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਪਰਿਵਾਰ ਨੂੰ ਮਦਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਗੁਰਪ੍ਰੀਤ ਸਿੰਘ ਦੀ ਸਜ਼ਾ ਮੁਆਫ਼ ਕਰਵਾਉਣ ਲਈ ਮਰਸੀ ਪਟੀਸ਼ਨ ਦੀ ਮੰਗ ਤੁਰੰਤ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਸਾਹਮਣੇ ਰੱਖੀ ਜਾਵੇਗੀ।
ਬੈਂਸ ਮੁਤਾਬਕ ਇਸ ਮਾਮਲੇ ਨੂੰ ਕੂਟਨੀਤਕ ਪੱਧਰ ’ਤੇ ਸਾਊਦੀ ਅਰਬ ਸਰਕਾਰ ਦੇ ਸਾਹਮਣੇ ਵੀ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਉਸ ਦੇ ਪਰਿਵਾਰ ਦੀ ਮਦਦ ਲਈ ਉਹ ਆਪਣੇ ਪੱਧਰ ’ਤੇ ਹਰ ਸੰਭਵ ਕੋਸ਼ਿਸ਼ ਕਰਨਗੇ।

