ਅਮਰੀਕਾ ਵਿੱਚ ਭਾਰਤੀਆਂ ਖ਼ਿਲਾਫ਼ ਨਸਲੀ ਟਿੱਪਣੀਆਂ ’ਤੇ ਰੂਬਿਓ ਦਾ ਸਖਤ ਸਟੈਂਡ

Global Team
3 Min Read

ਵਾਸ਼ਿੰਗਟਨ: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬਿਓ ਨੇ ਅਮਰੀਕਾ ਵਿੱਚ ਭਾਰਤੀਆਂ ਖ਼ਿਲਾਫ਼ ਹੋਣ ਵਾਲੀਆਂ ਨਸਲੀ ਟਿੱਪਣੀਆਂ ਅਤੇ ਭੇਦਭਾਵ ਦੀਆਂ ਘਟਨਾਵਾਂ ’ਤੇ ਨਿਰਾਸ਼ਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਕੀਤੀਆਂ ਗਈਆਂ ਅਜਿਹੀਆਂ ਟਿੱਪਣੀਆਂ ਨੂੰ ਪੂਰੇ ਅਮਰੀਕੀ ਸਮਾਜ ਦੀ ਸੋਚ ਨਹੀਂ ਮੰਨਿਆ ਜਾ ਸਕਦਾ।

ਨਵੀਂ ਦਿੱਲੀ ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਰੂਬਿਓ ਤੋਂ ਇਸ ਮਾਮਲੇ ਬਾਰੇ ਸਵਾਲ ਪੁੱਛਿਆ ਗਿਆ ਸੀ। ਇਸ ’ਤੇ ਉਨ੍ਹਾਂ ਕਿਹਾ ਕਿ ਹਰ ਦੇਸ਼ ਵਿੱਚ ਕੁਝ ਅਜਿਹੇ ਲੋਕ ਹੁੰਦੇ ਹਨ ਜੋ ਸੋਸ਼ਲ ਮੀਡੀਆ ਜਾਂ ਜਨਤਕ ਮੰਚਾਂ ’ਤੇ ਇਤਰਾਜ਼ਯੋਗ ਬਿਆਨ ਦਿੰਦੇ ਹਨ, ਪਰ ਉਨ੍ਹਾਂ ਦੇ ਵਿਚਾਰਾਂ ਦੇ ਆਧਾਰ ’ਤੇ ਪੂਰੇ ਦੇਸ਼ ਦੀ ਪਹਿਚਾਣ ਤੈਅ ਨਹੀਂ ਕੀਤੀ ਜਾ ਸਕਦੀ।

ਭਾਰਤੀ ਭਾਈਚਾਰੇ ਦੀ ਕੀਤੀ ਸ਼ਲਾਘਾ

ਰੂਬਿਓ ਨੇ ਕਿਹਾ ਕਿ ਅਮਰੀਕਾ ਅੱਜ ਵੀ ਦੁਨੀਆ ਦੇ ਸਭ ਤੋਂ ਸੁਆਗਤੀ ਦੇਸ਼ਾਂ ਵਿੱਚੋਂ ਇੱਕ ਹੈ ਅਤੇ ਵੱਖ-ਵੱਖ ਦੇਸ਼ਾਂ ਤੋਂ ਆਏ ਲੋਕਾਂ ਨੇ ਹੀ ਇਸ ਨੂੰ ਮਜ਼ਬੂਤ ਬਣਾਇਆ ਹੈ। ਉਨ੍ਹਾਂ ਖਾਸ ਤੌਰ ’ਤੇ ਭਾਰਤੀ ਮੂਲ ਦੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤੀ ਭਾਈਚਾਰੇ ਨੇ ਅਮਰੀਕੀ ਅਰਥਵਿਵਸਥਾ ਅਤੇ ਸਮਾਜ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਭਾਰਤੀ-ਅਮਰੀਕੀ ਕਾਰੋਬਾਰ, ਤਕਨਾਲੋਜੀ, ਸਿਹਤ ਸੇਵਾਵਾਂ ਅਤੇ ਜਨਤਕ ਸੇਵਾਵਾਂ ਸਮੇਤ ਕਈ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਰੂਬਿਓ ਮੁਤਾਬਕ ਭਾਰਤੀਆਂ ਨੇ ਅਮਰੀਕੀ ਅਰਥਵਿਵਸਥਾ ਵਿੱਚ 20 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ ਦਿੱਤਾ ਹੈ ਅਤੇ ਉਹ ਚਾਹੁੰਦੇ ਹਨ ਕਿ ਇਹ ਅੰਕੜਾ ਹੋਰ ਵਧੇ।

ਭਾਰਤ-ਅਮਰੀਕਾ ਰਿਸ਼ਤਿਆਂ ’ਤੇ ਵੀ ਦਿੱਤਾ ਬਿਆਨ

ਪ੍ਰੈੱਸ ਕਾਨਫਰੰਸ ਦੌਰਾਨ ਰੂਬਿਓ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਦਾ ਰਿਸ਼ਤਾ ਸਿਰਫ਼ ਸਹਿਯੋਗ ਤੱਕ ਸੀਮਤ ਨਹੀਂ ਹੈ, ਸਗੋਂ ਇਹ ਇੱਕ ਮਜ਼ਬੂਤ ਰਣਨੀਤਕ ਸਾਂਝੇਦਾਰੀ ਹੈ। ਉਨ੍ਹਾਂ ਕਿਹਾ ਕਿ ਦੋਵੇਂ ਦੇਸ਼ ਦੁਨੀਆ ਦੇ ਵੱਖ-ਵੱਖ ਖੇਤਰਾਂ ਵਿੱਚ ਮਿਲ ਕੇ ਕੰਮ ਕਰਨ ਦੀ ਸਮਰੱਥਾ ਰੱਖਦੇ ਹਨ।

ਉਨ੍ਹਾਂ ਭਾਰਤ ਅਤੇ ਅਮਰੀਕਾ ਨੂੰ ਦੁਨੀਆ ਦੇ ਦੋ ਸਭ ਤੋਂ ਵੱਡੇ ਲੋਕਤੰਤਰ ਕਰਾਰ ਦਿੰਦਿਆਂ ਕਿਹਾ ਕਿ ਦੋਵੇਂ ਦੇਸ਼ਾਂ ਦੇ ਰਿਸ਼ਤੇ ਖੇਤਰੀ ਹੀ ਨਹੀਂ, ਸਗੋਂ ਵਿਸ਼ਵ ਪੱਧਰ ’ਤੇ ਵੀ ਮਹੱਤਵ ਰੱਖਦੇ ਹਨ।

ਕਈ ਮੁੱਦਿਆਂ ’ਤੇ ਹੋਈ ਚਰਚਾ

ਇਹ ਪ੍ਰੈੱਸ ਕਾਨਫਰੰਸ ਦੋਵਾਂ ਦੇਸ਼ਾਂ ਦੇ ਵਫ਼ਦ ਪੱਧਰੀ ਵਿਚਾਰ-ਵਟਾਂਦਰੇ ਤੋਂ ਬਾਅਦ ਹੋਈ। ਇਸ ਦੌਰਾਨ ਰੱਖਿਆ ਸਹਿਯੋਗ, ਵਪਾਰ, ਸਿਆਸੀ ਤਕਨੀਕੀ , ਊਰਜਾ ਅਤੇ ਖੇਤਰੀ ਸੁਰੱਖਿਆ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਗਈ।

ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀ ਭਾਰਤ-ਅਮਰੀਕਾ ਰਿਸ਼ਤਿਆਂ ਨੂੰ ਇੱਕ ਵਿਸ਼ਾਲ ਵਿਸ਼ਵ ਰਣਨੀਤਕ ਸਾਂਝੇਦਾਰੀ ਦੱਸਦਿਆਂ ਕਿਹਾ ਕਿ ਕਈ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਹਿੱਤ ਇੱਕ-ਦੂਜੇ ਨਾਲ ਮੇਲ ਖਾਂਦੇ ਹਨ।

Share This Article
Leave a Comment