ਫ਼ਤਿਹਗੜ੍ਹ ਸਾਹਿਬ: ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਨੇ 12 ਅਕਤੂਬਰ ਨੂੰ ਜਿ਼ਲ੍ਹੇ ਦੇ ਪਿੰਡ ਜੱਲ੍ਹਾ ਤੇ ਤਰਖਾਣ ਮਾਜਰਾ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਵੇਖਦਿਆਂ ਆਮ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਮੁਲਜ਼ਮ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਜਿ਼ਲ੍ਹਾ ਪੁਲਿਸ ਵੱਲੋਂ ਮੁਲਜ਼ਮ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਦੋ ਮੁਕੱਦਮੇ ਦਰਜ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਮਾਮਲੇ ਦੀ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮਾਂ ਬਣਾਈਆਂ ਗਈਆਂ ਹਨ ਜਿ਼ਨ੍ਹਾਂ ਦੇ ਮੁਖੀ ਐਸ.ਪੀ. ਰੈਂਕ ਦੇ ਅਧਿਕਾਰੀ ਹਨ ਜਦੋਂ ਕਿ ਡੀ.ਐਸ.ਪੀ. (ਡੀ) ਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਇਸ ਮਾਮਲੇ ਦੇ ਹਰੇਕ ਪਹਿਲੂ ਦੀ ਜਾਂਚ ਕਰ ਰਹੇ ਹਨ। ਕੌਂਡਲ ਨੇ ਕਿਹਾ ਕਿ ਜਿ਼ਲ੍ਹਾ ਪੁਲਿਸ ਕਿਸੇ ਨੂੰ ਵੀ ਜਿ਼ਲ੍ਹੇ ਵਿੱਚ ਅਮਨ ਕਾਨੂੰਨ ਭੰਗ ਕਰਨ ਦੀ ਇਜ਼ਾਜਤ ਨਹੀਂ ਦੇਵੇਗੀ।