ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੇੜ੍ਹੇ ਆਉਂਦੀਆਂ ਦੇਖ ਅਕਾਲੀ ਦਲ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੇ ਨਾਲ ਗੱਠਜੋੜ ਦਾ ਅੱਜ ਰਸਮੀ ਐਲਾਨ ਕਰ ਸਕਦਾ ਹੈ। ਅਕਾਲੀ ਦਲ ਅਤੇ ਬਸਪਾ ਦਾ 25 ਸਾਲ ਬਾਅਦ ਗੱਠਜੋੜ ਹੋਣ ਜਾ ਰਿਹਾ ਹੈ।
ਗੱਠਜੋੜ ਸਬੰਧੀ ਸ਼ੁੱਕਰਵਾਰ ਨੂੰ ਸਾਰਾ ਦਿਨ ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਮਾਇਆਵਤੀ ਦੇ ਨਜ਼ਦੀਕੀ ਤੇ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਵਿਸਥਾਰਪੂਰਵਕ ਮੀਟਿੰਗ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬਹੁਜਨ ਸਮਾਜ ਪਾਰਟੀ ਵੱਲੋਂ 23 ਤੋਂ 25 ਸੀਟਾਂ ਦੀ ਮੰਗ ਕੀਤੀ ਜਾ ਰਹੀ ਹੈ, ਜਦਕਿ ਅਕਾਲੀ ਦਲ ਸਿਰਫ 18 ਸੀਟਾਂ ਦੇਣ ਤੇ ਸਹਿਮਤ ਹੈ।
ਤਿੰਨ ਖੇਤੀ ਕਾਨੂੰਨ ਮੁੱਦੇ ‘ਤੇ ਅਕਾਲੀ ਦਲ ਨੇ ਬੀਜੇਪੀ ਨਾਲ ਗੱਠਜੋੜ ਤੋੜ ਦਿੱਤਾ ਸੀ। ਇੱਥੋਂ ਤੱਕ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ਾਰਤ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਅਕਾਲੀ ਦਲ ਲਗਾਤਾਰ ਬੀਜੇਪੀ ਖਿਲਾਫ ਹਮਲਾਵਰ ਰੁਖ ਅਖਤਿਆਰ ਕਰਦਾ ਆ ਰਿਹਾ ਹੈ। ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਗੱਠਜੋੜ ਹੋ ਸਕਦਾ ਹੈ।