ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਖਾਲਸਾ ਪੰਥ ਦੇ ਮਗਰ ਪੈਣ ’ਤੇ ਆਪ ਸਰਕਾਰ ਦੀ ਕੀਤੀ ਜ਼ੋਰਦਾਰ ਨਿਖੇਧੀ

Global Team
3 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਲੋਕਤੰਤਰ ਵਿਰੋਧੀ ਤੇ ਦਮਨਕਾਰੀ ਸਾਰੇ ਕਾਲੇ ਕਾਨੂੰਨਾਂ ਜਿਵੇਂ ਕਿ ਐਨ ਐਸ ਏ, ਯੂ ਏ ਪੀ ਏ ਆਦਿ ਨੂੰ ਤੁਰੰਤ ਖਾਰਜ ਕੀਤਾ ਜਾਵੇ ਅਤੇ ਮੰਗ ਕੀਤੀ ਕਿ ਇਹਨਾਂ ਨੂੰ ਖਾਰਜ ਕਰਨ ਤੱਕ ਪੰਜਾਬ ਵਿਚ ਆਪ ਸਰਕਾਰ ਵੱਲੋਂ ਇਹਨਾਂ ਦੀ ਘੋਰ ਦੁਰਵਰਤੋਂ ’ਤੇ ਤੁਰੰਤ ਰੋਕ ਲਗਾਈ ਜਾਵੇ।

ਬਾਦਲ ਨੇ ਕਿਹਾ ਕਿ ਇਹ ਘੋਰ ਦੁਰਵਰਤੋਂ ਦੇਸ਼ ਭਗਤ ਸਿੱਖਾਂ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਕੌਮੀ ਆਗੂਆਂ ਦੀ ਨਫਰਤ ਦਾ ਪ੍ਰਤੀਕ ਹੈ। ਉਹਨਾਂ ਕਿਹਾ ਕਿ ਇਹ ਆਪ ਸਰਕਾਰ ਵੱਲੋਂ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਯੋਗਤਾ ਤੇ ਨਾਕਾਮੀ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਦਾ ਵੀ ਯਤਨ ਹੈ।

ਅਕਾਲੀ ਦਲ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸਬੰਧੀ ਪੱਤਰ ਲਿਖ ਕੇ ਇਹਨਾਂ ਕਾਲੇ ਕਾਲੂੰਨ ਰੱਦ ਕਰਨ ਲਈ ਉਹਨਾਂ ਦੇ ਦਖਲ ਦੀ ਮੰਗ ਕੀਤੀ ਤੇ ਕਿਹਾ ਕਿ ਇਹਨਾਂ ਕਾਲੇ ਕਾਨੂੰਨਾਂ ਦੇ ਮਾਮਲੇ ਵਿਚ ਤਜ਼ਰਬਾ ਤੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਸਾਡੇ ਦੇਸ਼ ਦੇ ਅਕਸ ’ਤੇ ਉਲਟ ਪ੍ਰਭਾਵ ਦੇ ਮੱਦੇਨਜ਼ਰ ਅਜਿਹਾ ਕਰਨਾ ਲਾਜ਼ਮੀ ਹੈ।

ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਇਸਨੇ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਖਾਲਸਾ ਪੰਥ ਖਾਸ ਤੌਰ ’ਤੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਸਤੇ ਕੀਤੀ ਹੈ। ਉਹਨਾ‌ਕਿਹਾ‌ਕਿ ਸਿੱਖ ਪਰਿਵਾਰ ਦੇ ਨਿਰਦੋਸ਼ ਬਜ਼ੁਰਗਾਂ, ਔਰਤਾਂ ਤੇ ਬੱਚਿਆਂ ਨੂੰ ਦਮਨਕਾਰੀ ਨੀਤੀਆਂ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ।

ਬਾਦਲ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਨਿਰਦੋਸ਼ ਸਿੱਖ ਲੋਕਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਇਹਨਾਂ ਕਾਲੇ ਕਾਨੂੰਨਾਂ ਦੀ ਦੁਰਵਰਤੋਂ ਕਰ ਕੇ ਸ਼ਿਕਾਰ ਬਣਾਉਣ ਦਾ ਨਵਾਂ ਰਿਕਾਰਡ ਬਣਾਇਆ ਹੈ। ਉਹਨਾਂ ਨੇ ਰਾਜ ਸਰਕਾਰ ਵੱਲੋਂ ਮਾਸੂਮ ਤੇ ਦੇਸ਼ਭਗਤ ਸਿੱਖ ਕੌਮ ਦੇ ਖਿਲਾਫ ਇਸ ਤਰੀਕੇ ਫੜੋ ਫੜੀ ਦੀ ਮੁਹਿੰਮ ਵਿੱਢਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਸ਼ੱਕ ਦੇ ਆਧਾਰ ’ਤੇ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਰਹੀ ਹੈ ਤੇ ਉਹਨਾਂ ਖਿਲਾਫ ਐਨ ਐਸ ਏ ਵਰਗੇ ਦਮਨਕਾਰੀ ਕਾਨੂੰਨਾਂ ਤਹਿਤ ਕੇਸ ਦਰਜ ਕਰ ਰਹੀ ਹੈ ਤੇ ਉਹਨਾਂ ਨੂੰ ਡਿਬਰੂਗੜ੍ਹ ਵਰਗੀਆਂ ਦੂਰ ਦੁਰਾਡੀਆਂ ਥਾਵਾਂ ’ਤੇ ਭੇਜ ਰਹੀ ਹੈ।

ਅਕਾਲੀ ਦਲ ਦੇ ਮੁਖੀ ਨੇ ਕਿਹਾ ਕਿ ਇਹਨਾਂ ਸਭ ਗੱਲਾਂ ਨੇ ਪੰਜਾਬੀਆਂ ਨੂੰ ਅੰਗਰੇਜ਼ਾਂ ਦੇ ਰਾਜ ਵੇਲੇ ਦਾ ਕਾਲਾ ਪਾਣੀ ਚੇਤੇ ਕਰਵਾ ਦਿੱਤਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਹਨਾਂ ਕਾਨੂੰਨਾਂ ਨੂੰ ਖਾਰਜ ਕਰਨ ਵਿਚ ਤੁਰੰਤ ਦਖਲ ਦੀ ਮੰਗ ਕੀਤੀ। ਉਹਨਾਂ ਇਹ ਵੀ ਕਿਹਾ ਕਿ ਹੋਰ ਗੱਲਾਂ ਤੋਂ ਇਲਾਵਾ ਇਹਨਾਂ ਕਾਨੂੰਨਾਂ ਦੀ ਸੱਤਾਧਾਰੀ ਪਾਰਟੀ ਵੱਲੋਂ ਸਿਆਸੀ ਵਿਰੋਧੀਆਂ ਖਾਸ ਤੌਰ ’ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਖਿਲਾਫ ਦੁਰਵਰਤੋਂ ਕੀਤੀ ਜਾ ਰਹੀ ਹੈ।

Share This Article
Leave a Comment