ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੇ ਸ਼ਾਮਲਾਟ ਜ਼ਮੀਨ ਘੁਟਾਲੇ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ । ਪਾਰਟੀ ਨੇ ਕਿਹਾ ਕਿ ਮੰਤਰੀ ਨੇ ਉਹਨਾਂ ਦੀ ਅਗਵਾਈ ਵਾਲੇ ਟਰੱਸਟ ਦੇ ਨਾਂ ’ਤੇ 100 ਕਰੋੜ ਰੁਪਏ ਦੀ ਬੇਸ਼ਕੀਮਤੀ ਜ਼ਮੀਨ ਹੜੱਪ ਲਈ ਹੈ।
ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਰੱਸਟ ਨੂੰ ਜ਼ਮੀਨ ਪਟੇ ’ਤੇ ਦੇਣ ਲਈ ਹੋਇਆ ਕਰਾਰਨਾਮ ਰੱਦ ਕਰਨ ਦੀ ਮੰਗ ਕੀਤੀ ਤੇ ਕਿਹਾ ਕਿ ਮੁਹਾਲੀ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੱਲੋਂ ਬੇਸ਼ਕੀਮਤੀ ਜ਼ਮੀਨ ਟਰੱਸਟ ਨੂੰ ਅਲਾਟ ਕਰਨ ਦੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪੰਚਾਇਤ ਵਿਭਾਗ ਨੇ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਾਲੀ ਬਾਲ ਗੋਪਾਲ ਗਊ ਬਸੇਰਾ ਸੁਸਾਇਟੀ ਨੂੰ 10.4 ਏਕੜ ਜ਼ਮੀਨ ਦੇਣ ਦੀ ਪ੍ਰਵਾਨਗੀ ਦਿੱਤੀ ਤੇ ਇਸਨੇ ‘ਗਊਸ਼ਾਲਾ’ ਚਲਾਉਣ ਲਈ ਇਸੇ ਥਾਂ ’ਤੇ ਇਕ ਬੈਂਕੁਇਟ ਹਾਲ ਤੇ ਇਕ ਡਾਇਗਨੋਸਟਿਕ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ। ਉਹਨਾਂ ਕਿਹਾ ਕਿ ਇਸ ਤੋਂ ਹੀ ਪਤਾ ਚਲ ਜਾਂਦਾ ਹੈ ਕਿ ਪੱਟਾ ਚੰਗੀ ਭਾਵਨਾ ਨਾਲ ਨਹੀਂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਸਾਰੇ ਮਾਮਲੇ ਵਿਚੋਂ ਘੁਟਾਲੇ ਦੀ ਬਦਬੂ ਆ ਰਹੀ ਹੈ।
ਉਹਨਾਂ ਕਿਹਾ ਕਿ ਸਰਕਾਰ ਨੁੰ ਸਿਹਤ ਮੰਤਰੀ, ਉਹਨਾਂ ਦੇ ‘ਟਰੱਸਟ’ ਦੇ ਮੈਂਬਰਾਂ ਅਤੇ ਪੰਚਾਇਤ ਵਿਭਾਗ ਦੇ ਉਹਨਾਂ ਅਫਸਰਾਂ ਖਿਲਾਫ ਕੇਸ ਦਰਜ ਕਰਨਾ ਚਾਹੀਦਾ ਹੈ ਜੋ ਇਸ ਗੈਰ-ਕਾਨੂੰਨੀ ਕੰਮ ਲਈ ਜ਼ਿੰਮੇਵਾਰ ਹਨ।
ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਸਰਕਾਰ ਨੇ ਪਟਾਨਾਮਾ ਰੱਦ ਨਾ ਕੀਤਾ ਤਾਂ ਅਕਾਲੀ ਦਲ ਅਦਾਲਤ ਦਾ ਰੁੱਖ ਕਰੇਗਾ। ਅਜਿਹਾ ਪਹਿਲੀ ਵਾਰ ਨਹੀਂ ਹੈ ਕਿ ਬਲਬੀਰ ਸਿੱਧੂ ਨੇ ਪਹਿਲੀ ਵਾਰ ਆਪਣੇ ਅਹੁਦੇ ਤੇ ਰੁਤਬੇ ਦੀ ਦੁਰਵਰਤੋਂ ਸੈਂਕੜੇ ਕਰੋੜ ਰੁਪਏ ਕੀਮਤ ਦੀ ਜ਼ਮੀਨ ਹੜੱਪਣ ਲਈ ਕੀਤੀ ਹੋਵੇ।
ਉਹਨਾਂ ਕਿਹਾ ਕਿ ਪਹਿਲਾਂ ਹਾਈ ਕੋਰਟ ਨੇ ਮੰਤਰੀ ਨੁੰ ਮੁਹਾਲੀ ਵਿਚ ਏਅਰਪੋਰਟ ਰੋਡ ’ਤੇ ਪਿੰਡ ਦੜੀ ਦੀ ਜ਼ਮੀਨ ਹੜੱਪਣ ਤੋਂ ਰੋਕਿਆ ਸੀ। ਉਹਨਾਂ ਦੱਸਿਆ ਕਿ ਸਿੱਧੂ ਨੇ 10 ਕਰੋੜ ਰੁਪਏ ਪ੍ਰਤੀ ਏਕੜ ਦੀ ਕੀਮਤ ਵਾਲੀ 4 ਏਕੜ ਜ਼ਮੀਨ ਕੌਡੀਆਂ ਦੇ ਭਾਅ ਵਾਲੀ ਨਾਲੇ ਨੇੜਲੀ ਜ਼ਮੀਨ ਦਾ ਕਬਜ਼ਾ ਪੰਚਾਇਤ ਨੁੰ ਦੇ ਕੇ ਕੀਮਤੀ ਜ਼ਮੀਨ ਹੜੱਪ ਲਈ ਸੀ। ਉਹਨਾਂ ਕਿਹਾ ਕਿ ਹਾਈ ਕੋਰਟ ਨੇ ਸਰਕਾਰ ਦਾ ਫੈਸਲਾ ਰੱਦ ਕਰ ਦਿੱਤਾ ਸੀ।