ਲਖੀਮਪੁਰ ਖੀਰੀ ਜਾ ਰਹੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਵਫ਼ਦ ਨੂੰ ਯੂਪੀ ਪੁਲਿਸ ਨੇ ਹਿਰਾਸਤ ‘ਚ ਲਿਆ

TeamGlobalPunjab
2 Min Read

ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀ ਦਬਾ ਸਕਦੀ: ਸੁਖਦੇਵ ਸਿੰਘ ਢੀਂਡਸਾ

ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਦੀ ਵਾਪਰੀ ਘਟਨਾ ਦੇ ਵਿਰੋਧ ਵਿੱਚ ਵੀਰਵਾਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਦੇ ਲਖੀਮਪੁਰ ਖੀਰੀ ਰਵਾਨਾ ਹੋਏ ਵਫ਼ਦ ਨੂੰ ਸਹਾਰਨਪੁਰ ਵਿੱਚ ਯੂ.ਪੀ ਪੁਲਿਸ ਨੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ। ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਗਏ ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਰਣਧੀਰ ਸਿੰਘ ਰੱਖੜਾ, ਮਨਪ੍ਰੀਤ ਸਿੰਘ ਤਲਵੰਡੀ, ਭਵਨਜੀਤ ਸਿੰਘ ਸਮਰਾਲਾ ਤੇ ਹੋਰ ਸ਼ਾਮਿਲ ਹਨ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੌਰਾਨ ਪਾਰਟੀ ਦੇ ਜੁਝਾਰੂ ਆਗੂਆਂ ਅਤੇ ਵਰਕਰਾਂ ਨੇ ਬੜੇ ਹੀ ਸ਼ਾਂਤਮਈ ਢੰਗ ਨਾਲ ਜ਼ਮੀਨ ‘ਤੇ ਬੈਠ ਕੇ ਸਤਿਨਾਮ-ਵਾਹਿਗੁਰੂ ਦਾ ਪਾਠ ਕਰਨਾ ਸ਼ੁਰੂ ਕਰ ਦਿੱਤਾ। ਪਾਰਟੀ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਤਕਰਾਰ ਉਪਰੰਤ ਪੁਲਿਸ ਵੱਲੋਂ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਅਤੇ ਵਫ਼ਦ ਲਖਮੀਰਪੁਰ ਖੀਰੀ ਵੱਲ ਰਵਾਨਾ ਹੋ ਗਿਆ।

 

- Advertisement -

ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਵਫ਼ਦ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ। ਇਸ ਦੌਰਾਨ ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਆਗੂਆਂ ਦਾ ਵਫ਼ਦ ਯੂਪੀ ਵਿੱਚ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰੇਗਾ ਅਤੇ ਉਥੇ ਮੌਜੂਦ ਕਿਸਾਨ ਜਥੇਬੰਦੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਹਿਯੋਗ ਕਰੇਗਾ। ਢੀਂਡਸਾ ਨੇ ਕਿਹਾ ਕਿ ਲਖੀਮਪੁਰ ਖੀਰੀ ਵਿੱਚ ਹੋਏ ਕਿਸਾਨਾਂ ਦੇ ਦਰਦਨਾਕ ਕਤਲ ਕਾਰਨ ਅੱਜ ਪੰਜਾਬ ਦਾ ਬੱਚਾ-ਬੱਚਾ ਤ੍ਰਾਹ-ਤ੍ਰਾਹ ਕਰ ਰਿਹਾ ਹੈ।

ਢੀਂਡਸਾ ਨੇ ਯੂ.ਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੂੰ ਇਸ ਹਾਦਸੇ ਲਈ ਜਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀ ਦਬਾ ਸਕਦੀ ਹੈ ਅਤੇ ਇਸ ਹਾਦਸੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਕੁਰਬਾਨੀ ਅਜਾਈਂ ਨਹੀ ਜਾਵੇਗੀ। ਢੀਂਡਸਾ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਤਿਆਗ ਕੇ ਖੇਤੀ ਸਬੰਧੀ ਕਾਲੇ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ।

Share this Article
Leave a comment