ਪੰਜਾਬ ‘ਚ ਕਾਂਗਰਸ ਪਾਰਟੀ ਦੇ ਘਰਾਂ ‘ਚੋਂ ਚੱਲ ਰਿਹਾ ਹੈ ਰੇਤ ਮਾਫੀਆ ਤੇ ਮਾਫੀਆ ਰਾਜ: ਅਸ਼ਵਨੀ ਸ਼ਰਮਾ

TeamGlobalPunjab
2 Min Read

ਚੰਡੀਗੜ੍ਹ 20 – ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਈਡੀ ਦੇ ਛਾਪਿਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸੁਰੱਖਿਆ ਹੇਠ ਮੁੱਖ ਮੰਤਰੀ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰਾਂ ਤੋਂ ਚੱਲ ਰਹੇ ਰੇਤ ਮਾਫੀਆ ਦਾ ਪਰਦਾਫਾਸ਼ ਕੀਤਾ ਹੈ। ਇਸ ਛਾਪੇਮਾਰੀ ਨੇ ਮੁੱਖ ਮੰਤਰੀ ਚੰਨੀ ਦਾ ਇੱਕ ਆਮ ਆਦਮੀ ਹੋਣ ਦਾ ਝੂਠਾ ਚਿਹਰਾ ਵੀ ਬੇਨਕਾਬ ਕਰ ਦਿੱਤਾ ਹੈ।

ਅਸ਼ਵਨੀ ਸ਼ਰਮਾ ਨੇ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਉਹਨਾਂ ਦੇ ਭਤੀਜੇ ਕੋਲੋਂ 10 ਕਰੋੜ ਰੁਪਏ ਦੀ ਬੇਹਿਸਾਬੀ ਰਕਮ, ਰੋਲੇਕਸ ਘੜੀਆਂ ਅਤੇ 21 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਰੇਤ ਮਾਫੀਆ ਦਾ ਕੰਟਰੋਲ ਸੀਨੀਅਰ ਕਾਂਗਰਸੀ ਨੇਤਾਵਾਂ ਅਤੇ ਮੁੱਖ ਮੰਤਰੀ ਦੇ ਹੱਥ ‘ਚ ਹੈ। ਸ਼ਰਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਜਿਨ੍ਹਾਂ ਨੂੰ ਸੂਬੇ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ, ਉਹ ਆਪਣੇ ਰਿਸ਼ਤੇਦਾਰਾਂ ਰਾਹੀਂ ਸੂਬੇ ਦੀ ਦੌਲਤ ਲੁੱਟ ਰਹੇ ਹਨ। ਰੇਤ ਸੂਬੇ ਦਾ ਸੰਸਾਧਨ (ਸਰੋਤ) ਹੈ। ਕਾਂਗਰਸ ਦੀ ਸ਼ਰੇਆਮ ਲੁੱਟ-ਖਸੁੱਟ ਨੇ ਇਸ ਸੂਬੇ ਦੀ ਆਰਥਿਕਤਾ ਨੂੰ ਬਰਬਾਦ ਕਰ ਦਿੱਤਾ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮੁੱਖ ਮੰਤਰੀ ਚੰਨੀ ਆਪਣੀ ਪਾਰਟੀ ਦੇ ਲੋਕਾਂ ਦੀਆਂ ਕਰਤੂਤਾਂ ਨੂੰ ਆਪਣੇ ਗਲਤ ਬਿਆਨਾਂ ਪਿੱਛੇ ਲੁਕਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਕਿ ਦਲਿਤ ਹੋਣ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭ੍ਰਿਸ਼ਟਾਚਾਰ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਭਾਜਪਾ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਸਾਡੀ ਪਾਰਟੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਟੋਲਰੈਂਸ ਦੀ ਪਾਲਣਾ ਕਰਦੀ ਹੈ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ (ਈਡੀ) ਨੂੰ ਇਸ ਘੁਟਾਲੇ ਦੀ ਜੜ੍ਹ ਤੱਕ ਪਹੁੰਚਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਸੂਬੇ ਪ੍ਰਤੀ ਆਪਣੇ ਸਾਰੇ ਨੈਤਿਕ ਅਧਿਕਾਰ ਗੁਆ ਚੁੱਕੀ ਹੈ ਅਤੇ ਪੰਜਾਬ ਦੇ ਵੋਟਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ।

Share this Article
Leave a comment