ਸ਼ਿਵ ਸੈਨਾ ਵੀ ਕਿਸਾਨਾਂ ਦੇ ਸਮਰਥਨ ‘ਚ ਨਿੱਤਰੀ, ਰਾਕੇਸ਼ ਟਿਕੈਤ ਨੂੰ ਮਿਲੇ ਸੰਜੈ ਰਾਉਤ

TeamGlobalPunjab
2 Min Read

ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚੱਲਦੇ ਹੋਏ ਅੱਜ 70 ਦਿਨ ਹੋ ਗਏ ਹਨ। ਕਿਸਾਨਾਂ ਦੇ ਧਰਨੇ ਨੂੰ ਇੱਕ ਵਾਰ ਮੁੜ ਤੋਂ ਦੇਸ਼ ਭਰ ‘ਚੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਦੇ ਨਾਲ-ਨਾਲ ਵਿਰੋਧੀ ਸਿਆਸੀ ਪਾਰਟੀਆਂ ਵੀ ਸਰਕਾਰ ਦੇ ਫੈਸਲੇ ਖਿਲਾਫ਼ ਨਿੱਤਰ ਰਹੀਆਂ ਹਨ। ਇਸੇ ਤਰ੍ਹਾਂ ਮਹਾਰਾਸ਼ਟਰ ਤੋਂ ਸ਼ਿਵ ਸੈਨਾ ਨੇ ਵੀ ਕਿਸਾਨਾਂ ਨੂੰ ਸਾਥ ਦੇਣ ਦਾ ਐਲਾਨ ਕਰ ਦਿੱਤਾ ਹੈ। ਜਿਸ ਦੇ ਤਹਿਤ ਸ਼ਿਵ ਸੈਨਾ ਦੇ ਸਾਂਸਦ ਸੰਜੇ ਰਾਉਤ ਦਿੱਲੀ-ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਬਾਰਡਰ ਪਹੁੰਚੇ।ਇੱਥੇ ਉਹਨਾਂ ਨੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਮਹਾਰਾਸ਼ਟਰ ਸਰਕਾਰ ਕਿਸਾਨਾਂ ਦੇ ਨਾਲ ਹੈ। ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦੀ ਘੜੀ ‘ਚ ਅਸੀਂ ਕਿਸਾਨਾਂ ਨਾਲ ਖੜ੍ਹਾਂਗੇ।

ਇਸ ਤੋਂ ਇਲਾਵਾ ਸੰਜੇ ਰਾਉਤ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਮੁਖੀ ਊਧਵ ਠਾਕਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਉਹ ਗਾਜ਼ੀਪੁਰ ਬਾਰਡਰ ਪਹੁੰਚੇ ਹਨ। ਰਾਉਤ ਨੇ ਇਸ ਮੌਕੇ ਸਪਸ਼ਟ ਕੀਤਾ ਕਿ ਮਹਾਰਾਸ਼ਟਰ ਸਰਕਾਰ ਕਿਸਾਨਾਂ ਦਾ ਪੂਰਾ ਸਮਰਥਨ ਕਰੇਗੀ। ਸੰਜੇ ਰਾਉਤ ਨਾਲ ਸ਼ਿਵ ਸੈਨਾ ਦੇ 6 ਸੰਸਦ ਮੈਂਬਰਾਂ ਦਾ ਇੱਕ ਵਫਦ ਗਾਜ਼ੀਪੁਰ ਸਰਹੱਦ ‘ਤੇ ਪਹੁੰਚਿਆ ਸੀ।

ਰਾਕੇਸ਼ ਟਿਕੈਤ ਨੇ ਕਿਸਾਨੀ ਅੰਦੋਲਨ ‘ਚ ਇੱਕ ਵਾਰ ਮੁੜ ਤੋਂ ਜਾਨ ਭਰੀ ਸੀ। ਉੱਤਰ ਪ੍ਰਦੇਸ਼ ਪੁਲਿਸ ਨੇ ਗਾਜ਼ੀਪੁਰ ਸਰਹੱਦ ‘ਤੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਲਈ ਅਲਟੀਮੇਟਮ ਦਿੱਤਾ ਸੀ। ਜਿਸ ਤੋਂ ਬਾਅਦ ਰਾਕੇਸ਼ ਟਿਕੈਤ ਭਾਵੁਕ ਹੋ ਗਏ ਹਨ ਤੇ ਉਹਨਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆਂ ਖੂਬ ਵਾਇਰਲ ਹੋਈ। ਰਾਕੇਸ਼ ਟਿਕੈਤ ਦੀਆਂ ਅੱਖਾਂ ‘ਚ ਆਏ ਅਥਰੂ ਕਿਸਾਨ ਅੰਦੋਲਨ ਲਈ ਸੰਜੀਵਨੀ ਬੂਟੀ ਦਾ ਕੰਮ ਕਰ ਗਏ। ਜਿਸ ਤੋਂ ਬਾਅਦ ਅਕਾਲੀ ਦਲ, ਆਮ ਆਦਮੀ ਪਾਰਟੀ, ਆਰਜੇਡੀ ਸਣੇ ਹੋਰ ਵਿਰੋਧੀ ਧਿਰਾਂ ਨੇ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ।

Share this Article
Leave a comment