ਸੁਲਤਾਨਪੁਰ ਲੋਧੀ : ਮਨੁੱਖਤਾ ਦੇ ਰਹਿਬਰ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਹੋਰ ਸ਼ਿੰਗਾਰਨ ਅਤੇ ਸੁੰਦਰ ਬਣਾਉਣ ਦੇ ਮਨੋਰਥ ਨਾਲ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। “ਆਪਣ ਹੱਥੀ ਆਪਣਾ ਆਪੇ ਹੀ ਕਾਜ ਸਵਾਰੀਏ” ਗੁਰਬਾਣੀ ਦੇ ਪਵਿੱਤਰ ਨਾਮ ਦਾ ਮੁੱਖਵਾਕ ਦੇ ਆਸ਼ੇ ਨੂੰ ਮੁੱਖ ਰਖਦੇ ਹੋਏ ਸੰਤ ਸੀਚੇਵਾਲ ਦੀ ਅਗਵਾਈ ਚ ਇਸ ਮੁਹਿੰਮ ਦੀ ਸ਼ੁਰੂਆਤ ਪਵਿੱਤਰ ਵੇਈਂ ਨਦੀ ਦੇ ਕਿਨਾਰਿਆਂ ਦੀ ਸਫ਼ਾਈ ਕਰਕੇ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਦੇ ਪੱਤਰਕਾਰ ਭਾਈਚਾਰੇ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ ਝਾੜੂ ਲਗਾ ਕੇ ਆਪਣਾ ਯੋਗਦਾਨ ਪਾਇਆ ਗਿਆ।
ਇਸ ਮੌਕੇ ‘ਤੇ ਸੰਤ ਸੀਚੇਵਾਲ ਨੇ ਕਿਹਾ ਕਿ ਗੁਰੂ ਗੁਰੂ ਗ੍ਰੰਥ ਸਾਹਿਬ ਦੀ ਨਗਰੀ ਵਜੋਂ ਜਾਣੇ ਜਾਂਦੇ ਸੁਲਤਾਨਪੁਰ ਲੋਧੀ ਨੂੰ ਸਾਫ਼ ਸੁਥਰਾ ਰੱਖਣਾ ਸਾਡਾ ਮੁਢਲਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰੂ ਨਾਨਕ ਦੀ ਨਗਰੀ ਨੂੰ ਸੰਗਤ ਦੀ ਸ਼ਮੂਲੀਅਤ ਨਾਲ ਸਾਫ ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ। ਇਸ ਮੌਕੇ ਆਲ ਦੁਆਲੇ ਦੇ ਇਲਾਕੇ ਦੀਆਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਗੁਰੂ ਨਾਨਕ ਸਾਹਿਬ ਦੀ ਨਗਰੀ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ।