ਬਿਜਲੀ ਸੰਕਟ ਨੂੰ ਲੈ ਕੇ ਅਕਾਲੀ ਦਲ ਸੰਯੁਕਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਦਿੱਤਾ ਅਲਟੀਮੇਟਮ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਕਾਰਨ ਹਾਲੋਂ ਬੇਹਾਲ ਹੋ ਰਹੇ ਲੋਕਾਂ ਨੂੰ ਤੁਰੰਤ ਰਾਹਤ ਦਵਾਉਣ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਕੇ ਆਉਣ ਵਾਲੇ ਸੋਮਵਾਰ ਤੱਕ ਬਿਜਲੀ ਸੰਕਟ ਦਾ ਹੱਲ ਕਰਨ ਸਬੰਧੀ ਅਲਟੀਮੇਟਮ ਦਿੱਤਾ ਹੈ।

ਢੀਂਡਸਾ ਨੇ ਮੁੱਖ ਮੰਤਰੀ ਦੇ ਨਾਮ ਲਿਖੇ ਪੱਤਰ ਵਿੱਚ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਇੱਕ ਲਾਰਾ ਬਣ ਕੇ ਰਹਿ ਗਿਆ ਹੈ।

ਉਨ੍ਹਾਂ ਨੇ ਲਿਖਿਆ ਹੈ ਕਿ ਘਰੇਲੂ ਖੇਤਰ ਵਿੱਚ ਵੀ ਬਿਜਲੀ ਦੇ ਲੰਮੇ-ਲੰਮੇ ਕੱਟ ਲਗਾ ਕੇ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਹੋਰ ਵੀ ਮੁਸ਼ਕਿਲ ਵਿੱਚ ਪਾ ਦਿੱਤਾ ਹੈ। ਝੋਨੇ ਦੀ ਲਵਾਈ ਦੇ ਸੀਜ਼ਨ ਵਿੱਚ ਬਿਜਲੀ ਦੀ ਕਿਲੱਤ ਨਾਲ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਝੋਨਾ ਸੁੱਕ ਰਿਹਾ ਹੈ।

ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਵਿੱਚ ਬਿਜਲੀ ਦੀ ਥੁੜ ਕਾਰਨ ਹਾਹਾਕਾਰ ਮੱਚੀ ਹੋਈ ਹੈ। ਲੋਕ ਥਾਂ-ਥਾਂ `ਤੇ ਗਰਿਡਾਂ ਦਾ ਘਿਰਾਓ ਕਰ ਰਹੇ ਹਨ। ਉਨ੍ਹਾਂ ਪੱਤਰ ਵਿੱਚ ਉਚੇਚੇ ਤੌਰ `ਤੇ ਜਿ਼ਕਰ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਬਿਜਲੀ ਸਪਲਾਈ ਸਚਾਰੂ ਢੰਗ ਨਾਲ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ `ਤੇ ਨੂਣ ਛਿੜਕਿਆ ਜਾ ਰਿਹਾ ਹੈ।

- Advertisement -

ਢੀਂਡਸਾ ਨੇ ਲਿਖਿਆ ਹੈ ਕਿ ਜੇਕਰ ਆਉਣ ਵਾਲੇ ਸੋਮਵਾਰ ਤੱਕ ਇਸ ਬਿਜਲੀ ਸੰਕਟ ਦਾ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਵੱਲੋਂ ਢੁਕਵਾਂ ਹੱਲ ਨਾ ਕੱਢਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਪਟਿਆਲਾ ਵਿਖੇ ਪਾਵਰਕੌਮ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਧਰਨਾ ਲਾਇਆ ਜਾਵੇਗਾ।

Share this Article
Leave a comment