ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਤਿੰਨਾਂ ਕਾਨੂੰਨਾਂ ‘ਤੇ ਅਗਲੇ ਆਦੇਸ਼ ਤੱਕ ਰੋਕ ਲਗਾ ਦਿੱਤੀ ਹੈ ਅਤੇ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਵਿੱਚ ਭੁਪਿੰਦਰ ਸਿੰਘ ਮਾਨ, ਪ੍ਰਮੋਦ ਜੋਸ਼ੀ ਤੇ ਅਸ਼ੋਕ ਗੁਲਾਟੀ ਤੇ ਅਨਿਲ ਧਨਵਤ ਸ਼ਾਮਲ ਹਨ।
ਚੀਫ ਜਸਟਿਸ ਐੱਸਏ ਬੋਬਡੇ ਨੇ ਕਿਹਾ ਕਿ ਕਮੇਟੀ ਸਰਵਉੱਚ ਅਦਾਲਤ ਨੂੰ ਦੱਸੇਗੀ ਕਿ ਕਾਨੂੰਨਾਂ ਵਿਚਲੀਆਂ ਕਿਹੜੀਆਂ ਮੱਦਾਂ ਨੂੰ ਹਟਾਇਆ ਜਾਣਾ ਚਾਹੀਦਾ ਹੈ। ਅਦਾਲਤ ਮਾਮਲੇ ਦੀ ਜ਼ਮੀਨੀ ਹਕੀਕਤ ਜਾਣਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਚਾਹੁੰਦੀ ਹੈ ਸਮੱਸਿਆ ਸੁਚੱਜੇ ਢੰਗ ਨਾਲ ਹੱਲ ਹੋਵੇ। ਅਦਾਲਤ ਨੇ ਕਿਸਾਨ ਜਥੇਬੰਦੀਆਂ ਨੂੰ ਕਿਹਾ ਕਿ ਉਹ ਮਾਮਲੇ ਹੱਲ ਲਈ ਕਮੇਟੀ ਨੂੰ ਸਹਿਯੋਗ ਦੇਣ।
ਇਸ ਤੋਂ ਪਹਿਲਾਂ ਕੋਰਟ ਨੇ ਕਮੇਟੀ ਦੇ ਕੋਲ ਨਾਂ ਜਾਣ ਦੀ ਗੱਲ ‘ਤੇ ਕਿਸਾਨਾਂ ਨੂੰ ਫਟਕਾਰ ਲਗਾਈ ਤੇ ਕਿਹਾ ਕਿ ਅਸੀ ਸਮੱਸਿਆ ਦਾ ਹੱਲ ਚਾਹੁੰਦੇ ਹਾਂ, ਪਰ ਤੁਸੀ ਅੰਦੋਲਨ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਤੁਸੀ ਕਰ ਸਕਦੇ ਹੋ।