ਚੰਡੀਗੜ੍ਹ : ਪੰਜਾਬ ਵਿੱਚ ਕਿਸਾਨਾਂ ਲਈ ਸਬਸਿਡੀ ‘ਤੇ ਮੁਹੱਈਆ ਕਰਵਾਈ ਜਾਣ ਵਾਲੀ ਯੂਰੀਆ ਖਾਦ ਦੀ ਕਥਿਤ ਗੈਰਕਾਨੂੰਨੀ ਵਰਤੋਂ ਦਾ ਕਰੋੜਾਂ ਰੁਪਏ ਦਾ ਘਪਲਾ ਸਾਹਮਣੇ ਆਇਆ ਹੈ। ਖੇਤੀਬਾੜੀ ਵਿਭਾਗ ਦੀ ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਪ੍ਰਾਈਵੇਟ ਕੰਪਨੀਆਂ ਨੇ ਕਿਸਾਨਾਂ ਲਈ ਭੇਜੀ ਜਾਣ ਵਾਲੀ ਸਬਸਿਡੀ ਵਾਲੀ ਯੂਰੀਆ ਖਾਦ ਨੂੰ ਨਵੇਂ ਲੇਬਲ ਲਗਾ ਕੇ ਮਾਰਕਫੈੱਡ ਅਤੇ ਮਿਲਕਫੈੱਡ ਦੀਆਂ ਕੈਟਲ ਫੀਡ ਫੈਕਟਰੀਆਂ ਨੂੰ ਸਪਲਾਈ ਕਰ ਦਿੱਤਾ।
ਜਦੋਂ ਖੇਤੀਬਾੜੀ ਮਹਿਕਮੇ ਨੇ ਕਿਸਾਨ ਆਗੂਆਂ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਮਾਰਕਫੈੱਡ ਤੇ ਮਿਲਕਫੈੱਡ ਦੇ ਚਾਰ ਕੈਟਲ ਫੀਡ ਪਲਾਂਟਾਂ ਚੋਂ ਯੂਰੀਆ ਖਾਦ ਦੇ ਨਮੂਨੇ ਭਰੇ ਤਾਂ ਇਨ੍ਹਾਂ ’ਚ ਪੁਸ਼ਟੀ ਹੋ ਗਈ ਕਿ ਕੈਟਲ ਫੀਡ ਪਲਾਟਾਂ ’ਚ ਗੈਰ ਖੇਤੀ ਵਰਤੋਂ ਵਾਲੀ ਯੂਰੀਆ ਦੀ ਥਾਂ ਕਿਸਾਨਾਂ ਦੀ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਯੂਰੀਆ ਵਰਤੀ ਜਾ ਰਹੀ ਹੈ।
ਅਹਿਮ ਜਾਣਕਾਰੀ ਅਨੁਸਾਰ ਖੇਤੀ ਮਹਿਕਮੇ ਨੇ ਇਸ ਘਪਲੇ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪੁਲੀਸ ਕਪਤਾਨਾਂ ਨੂੰ ਪ੍ਰਾਈਵੇਟ ਕੰਪਨੀਆਂ ’ਤੇ ਕੇਸ ਦਰਜ ਕਰਨ ਲਈ ਪੱਤਰ ਲਿਖ ਦਿੱਤੇ ਹਨ।
ਦੱਸਣਯੋਗ ਹੈ ਕਿ ਕੈਟਲ ਫੀਡ ਇੰਡਸਟਰੀ ’ਚ ਟੈਕਨੀਕਲ ਗਰੇਡ ਯੂਰੀਏ ਦੀ ਵਰਤੋਂ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਨਹੀਂ ਚੜ੍ਹੀ ਹੁੰਦੀ ਅਤੇ ਇਸ ਦੀ ਪੈਕਿੰਗ ਚਿੱਟੇ ਰੰਗ ਦੇ ਥੈਲਿਆਂ ’ਚ ਹੁੰਦੀ ਹੈ। ਟੈਕਨੀਕਲ ਗਰੇਡ ਯੂਰੀਏ ਦੀ ਕੀਮਤ ਕਰੀਬ 61 ਰੁਪਏ ਪ੍ਰਤੀ ਕਿੱਲੋ ਹੁੰਦੀ ਹੈ ਅਤੇ ਇਸ ’ਤੇ ਕੋਈ ਸਬਸਿਡੀ ਨਹੀਂ ਹੁੰਦੀ ਹੈ। ਜੋ ਕਿਸਾਨਾਂ ਨੂੰ ਸਬਸਿਡੀ ਵਾਲੀ ਯੂਰੀਆ ਖਾਦ ਸਪਲਾਈ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਚੜ੍ਹਾਈ ਜਾਂਦੀ ਹੈ ਅਤੇ ਪੀਲੇ ਰੰਗ ਦੇ ਥੈਲਿਆਂ ’ਚ ਸਪਲਾਈ ਹੁੰਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

