ਸਕੂਲ ਸਿੱਖਿਆ ਮੰਤਰੀ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਫਾਜ਼ਿਲਕਾ ਦੇ ਸਕੂਲ ਦੀ ਐਨਓਸੀ ਰੱਦ

TeamGlobalPunjab
2 Min Read

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਇੱਕ ਸਕੂਲ ਦਾ ਇਤਰਾਜ਼ਹੀਣਤਾ ਸਰਟੀਫ਼ਿਕੇਟ (ਐਨਓਸੀ) ਰੱਦ ਕਰ ਦਿੱਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਉਹ ਅਜਿਹੇ ਸਕੂਲਾਂ ਖਿਲਾਫ਼ ਆਉਣ ਵਾਲੀਆਂ ਸ਼ਿਕਾਇਤਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ ਅਤੇ ਸ਼ਿਵਾਲਿਕ ਪਬਲਿਕ ਸਕੂਲ ਚੱਕ ਅਰਾਈਆਂ ਵਾਲਾ (ਜਲਾਲਾਬਾਦ) ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਐਨਓਸੀ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਕੂਲ ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦੀਆਂ ਕਥਿਤ ਵਧੀਕੀਆਂ ਵਿਰੁੱਧ ਅਜਿਹੀਆਂ ਸ਼ਿਕਾਇਤਾਂ ਲਈ ਆਪਣੀ ਨਿੱਜੀ ਈਮੇਲ ਆਈਡੀ [email protected] ਜਾਰੀ ਕੀਤੀ ਸੀ।

ਸਿੰਗਲਾ ਨੇ ਕਿਹਾ ਕਿ ਇਸ ਸਕੂਲ ਵਿਰੁੱਧ ਕੁਝ ਸ਼ਿਕਾਇਤਾਂ ਮਿਲੀਆਂ ਹਨ ਜਿਸ ਵਿੱਚ ਸਕੂਲ ਪ੍ਰਸ਼ਾਸਨ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਦਿੱਤੀ ਜਾ ਰਹੀ ਜਾਂ ਘੱਟ ਤਨਖਾਹ ਦਿੱਤੀ ਜਾ ਰਹੀ ਸੀ।

ਉਨ੍ਹਾਂ ਅੱਗੇ ਕਿਹਾ ਕਿ ਸਕੂਲ ਖ਼ਿਲਾਫ਼ ਸ਼ਿਕਾਇਤਾਂ ਮਿਲਣ ਉਪਰੰਤ ਸਿੱਖਿਆ ਵਿਭਾਗ ਨੇ ਸਕੂਲ ਪ੍ਰਬੰਧਨ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਦੇ ਜਵਾਬ ਨਾਲ ਸਹਿਮਤ ਨਾ ਹੁੰਦਿਆਂ ਉਨ੍ਹਾਂ ਦੀ ਐਨਓਸੀ ਰੱਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਪ੍ਰਬੰਧਕ ਨੂੰ ਕਰਮਚਾਰੀਆਂ ਦਾ ਸ਼ੋਸ਼ਣ ਕਰਨ ਜਾਂ ਕਿਸੇ ਹੋਰ ਹਦਾਇਤ ਦੀ ਉਲੰਘਣਾ ਨਹੀਂ ਕਰਨ ਦੇਵੇਗੀ।

Share This Article
Leave a Comment