ਕੋਟਕਪੂਰਾ ਗੋਲੀਕਾਂਡ ਦੀ ਦੂਜੀ ਫਾਈਲ ਵੀ ਹੋਈ ਬੰਦ

TeamGlobalPunjab
2 Min Read

ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀ ਜਾਂਚ ਲਈ ਬਣਾਈ ਗਈ ਸਿੱਟ ਹਾਈਕੋਰਟ ਤੋਂ ਖਾਰਜ ਕਰਨ ਤੋਂ ਬਾਅਦ ਹੁਣ ਕੋਟਕਪੂਰਾ ਗੋਲੀਕਾਂਡ ਦੀ ਦੂਜੀ ਫਾਈਲ ਵੀ ਬੰਦ ਕਰ ਦਿੱਤੀ ਗਈ। ਇਹ ਮੁਕਦਮਾ 14 ਅਕਤੂਬਰ 2015 ਨੂੰ ਸਿਟੀ ਕੋਟਕਪੁਰਾ ਥਾਣੇ ‘ਚ ਦਰਜ ਹੋਇਆ ਸੀ। ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਇਸੇ ਹੀ ਐਫਆਰਆਈ 192 ਵਿੱਚ ਤਤਕਾਲੀ ਐਸਐਚਓ ਗੁਰਦੀਪ ਸਿੰਘ ਪੰਧੇਰ ਅਤੇ ਡੀਐੱਸਪੀ ਬਲਜੀਤ ਸਿੰਘ ਸਿੱਧੂ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਪੰਜਾਬ ਸਰਕਾਰ ਨੇ ਵੀ ਇਸ ਕੇਸ ਨੂੰ ਚਲਾਉਣ ਲਈ ਇਜਾਜ਼ਤ ਦੇ ਦਿੱਤੀ ਸੀ।

ਇਹ ਪਰਚਾ ਗੁਰਦੀਪ ਪੰਧੇਰ ਵੱਲੋਂ ਸਿੱਖ ਅੰਦੋਲਨਕਾਰੀਆਂ ’ਤੇ ਦਰਜ ਕਰਵਾਇਆ ਗਿਆ ਸੀ, ਜਿਸ ’ਚ ਦੋਸ਼ ਲਾਇਆ ਸੀ ਕਿ ਅੰਦੋਲਨਕਾਰੀਆਂ ਨੇ ਪੁਲੀਸ ਮੁਲਾਜ਼ਮਾਂ ਉਪਰ ਕਾਤਲਾਨਾ ਹਮਲਾ ਕਰ ਕੇ 70 ਦੇ ਕਰੀਬ ਪੁਲੀਸ ਮੁਲਾਜ਼ਮ ਤੇ ਅਧਿਕਾਰੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜਦਕਿ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੜਤਾਲ ਦੌਰਾਨ ਸਿੱਖ ਅੰਦੋਲਨਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਸੀ।

ਜਿਸ ਤੋਂ ਬਾਅਦ ਸਿੱਟ ਨੇ ਐਸਐਚਓ ਗੁਰਦੀਪ ਸਿੰਘ ਪੰਧੇਰ ਅਤੇ ਡੀਐੱਸਪੀ ਬਲਜੀਤ ਸਿੰਘ ਸਿੱਧੂ ਨੂੰ ਨਾਮਜ਼ਦ ਕਰਕੇ ਹਾਈਕੋਰਟ ‘ਚ ਚਲਾਨ ਪੇਸ਼ ਕਰ ਦਿੱਤਾ ਸੀ। ਇਸੇ ਦੇ ਖਿਲਾਫ਼ ਗੁਰਦੀਪ ਸਿੰਘ ਪੰਧੇਰ ਹਾਈਕੋਰਟ ਪਹੁੰਚਿਆ ਸੀ ਤੇ ਦਾਅਵਾ ਕੀਤਾ ਸੀ ਕਿ ਜਾਂਚ ਟੀਮ ਦੀ ਪੜਤਾਲ ਰਿਪੋਰਟ ਗਲਤ ਹੈ ਅਤੇ ਪੜਤਾਲ ਦੌਰਾਨ 44 ਤੋਂ ਵੱਧ ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮਾਂ ਦੀਆਂ ਮੈਡੀਕਲ ਰਿਪੋਰਟਾਂ ਬਾਰੇ ਜਾਂਚ ਟੀਮ ਨੇ ਕੁਝ ਵੀ ਪੇਸ਼ ਨਹੀਂ ਕੀਤਾ ਤੇ ਨਾ ਹੀ ਕਿਸੇ ਜ਼ਖ਼ਮੀ ਪੁਲੀਸ ਮੁਲਾਜ਼ਮ ਦਾ ਬਿਆਨ ਲਿਖਿਆ ਹੈ। ਜਿਸ ਤੋਂ ਬਾਅਦ ਹਾਈਕੋਰਟ ਨੇ ਕੁਵੰਰ ਵਿਜੈ ਪ੍ਰਤਾਪ ਦੀ ਅਗਵਾਈ ਵਾਲੀ ਸਿੱਟ ਨੂੰ ਖਾਰਜ ਕਰ ਦਿੱਤਾ ਸੀ ਅਤੇ ਨਵੀਂ ਵਿਸ਼ੇਸ਼ ਜਾਂਚ ਟੀਮ ਬਣਾਉਨ ਦੇ ਹੁਕਮ ਦਿੱਤੇ ਹਨ। ਇਸੇ ਤਹਿਤ ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤਹਿਤ ਕੋਟਕਪੂਰਾ ਗੋਲੀ ਕਾਂਡ ਦੀ ਦੂਜੀ ਫਾਈਲ ਵੀ ਬੰਦ ਕਰ ਦਿੱਤੀ ਹੈ।

Share this Article
Leave a comment