ਚੰਡੀਗੜ੍ਹ : ਨਕਲੀ ਬੀਜ ਘੁਟਾਲੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਤੱਕ ਮੰਗ ਪੱਤਰ ਪਹੁੰਚਾਉਣ ਲਈ ਸੂਬਾ ਭਰ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੁੰ ਮੰਗ ਪੱਤਰ ਸੌਂਪਦਿਆਂ ਇਸ ਘੁਟਾਲੇ ਲਈ ਜ਼ਿੰਮੇਵਾਰ ਦੋਸ਼ੀਆਂ ਦੀ ਤੁਰੰਤ ਗਿਰਫ਼ਤਾਰੀ ਦੀ ਮੰਗ ਕੀਤੀ ਨਾਲ ਹੀ ਅਕਾਲੀ ਦਲ ਨੇ ਇਸ ਮਾਮਲੇ ‘ਚ ਕੇਦਂਰੀ ਏਜੰਸੀ ਜਾਂ ਹਾਈ ਕੋਰਟ ਦੀ ਨਿਗਰਾਨੀ ਵਾਲੀ ਇੱਕ ਸੁਤੰਤਰ ਜਾਂਚ ਦੀ ਮੰਗ ਕੀਤੀ। ਅਕਾਲੀ ਦਲ ਨੇ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਨੂੰ ਇਸ ਘੁਟਾਲੇ ਰਾਹੀਂ ਠੱਗਿਆ ਗਿਆ ਹੈ, ਉਨ੍ਹਾਂ ਦੀ ਜ਼ਿਲ੍ਹਾ ਪੱਧਰ ‘ਤੇ ਪਹਿਚਾਣ ਕਰਕੇ ਉਹਨਾਂ ਨੂੰ ਵਿੱਤੀ ਮੁਆਵਜ਼ਾ ਦਿੱਤਾ ਜਾਵੇ।
ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਸਰਕਾਰ ਵੱਲੋਂ ਇਸ ਘੁਟਾਲੇ ਦੀ ਵਿਜੀਲੈਂਸ ਤੋਂ ਜਾਂਚ ਕਰਵਾ ਕੇ ਮਾਮਲੇ ਉੱਤੇ ਪਰਦਾ ਪਾਉਣ ਦੀ ਕੋਸ਼ਿਸ਼ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ।ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਵਿਖੇ ਮੀਡੀਆ ਨੂੰ ਸੰਬੋਧਂਨ ਕਰਦਿਆਂ ਕਿਹਾ ਕਿ ਵਿਜੀਲੈਂਸ ਵਿਭਾਗ ਕੋਲੋਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਖ਼ਿਲਾਫ ਕਾਰਵਾਈ ਕਾਰਵਾਈ ਕਰਨ ਦੀ ਕੋਈ ਉਮੀਦ ਨਹੀਂ ਹੈ। ਉਨ੍ਹਾਂ ਕਿਹਾ ਕਿ ਕਰਨਾਲ ਐਗਰੀ ਸੀਡਜ਼ ਕੰਪਨੀ ਜਿਸ ਦਾ ਮਾਲਕ ਲੱਕੀ ਢਿੱਲੋਂ ਹੈ, ਨੇ ਬਰੀਡਰ ਬੀਜਾਂ ਪੀਆਰ -128 ਅਤੇ ਪੀਆਰ-129 ਦਾ ਨਕਲੀ ਉਤਪਾਦਨ ਕਰਕੇ ਇੱਕ ਵੱਡਾ ਬੀਜ ਘੁਟਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਰੰਧਾਵਾ ਨੇ ਕਰਨਾਲ ਸੀਡਜ਼ ਦੇ ਮਾਲਕ ਲੱਕੀ ਢਿੱਲੋਂ ਦੀ ਤਰਫ਼ਦਾਰੀ ਕੀਤੀ ਹੈ, ਉਸ ਤੋਂ ਸਾਬਿਤ ਹੋ ਗਿਆ ਕਿ ਦੋਵੇਂ ਅੰਦਰਖਾਤੇ ਆਪਸ ਵਿਚ ਮਿਲੇ ਹੋਏ ਹਨ। ਇਸ ਲਈ ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਵਿਜੀਲੈਂਸ ਵਿਭਾਗ ਦੁਆਰਾ ਕੀਤੀ ਜਾਂਚ ਕੋਈ ਮਾਅਨੇ ਨਹੀਂ ਰੱਖਦੀ।
ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕ ਲੱਕੀ ਢਿੱਲੋਂ ਦੀ ਗ੍ਰਿਫਤਾਰੀ ਹੀ ਸਮੁੱਚੇ ਘੁਟਾਲੇ ਦੀਆਂ ਪਰਤਾਂ ਖੋਲ੍ਹ ਸਕਦੀ ਹੈ। ਉਨ੍ਹਾਂ ਨੇ ਇਸ ਘੁਟਾਲੇ ਦੀਆਂ ਜੜ੍ਹਾਂ ਅੰਤਰਰਾਜੀ ਹੋਣ ਕਰਕੇ ਇਸ ਦੀ ਉੱਚ-ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਗੁਲਜ਼ਾਰ ਸਿੰਘ ਰਣੀਕੇ ਅਤੇ ਬੋਨੀ ਅਜਨਾਲਾ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿਂੰਘ ਲੋਧੀਨੰਗਲ, ਅਵਤਾਰ ਸਿੰਘ ਜ਼ੀਰਾ, ਬੀਬੀ ਜਗੀਰ ਕੌਰ ਮਹੇਸ਼ਇੰਦਰ ਸਿੰਘ ਗਰੇਵਾਲ, ਮਨਪ੍ਰੀਤ ਇਆਲੀ, ਸੁਰਜੀਤ ਸਿੰਘ ਰੱਖੜਾ, ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ, ਦਰਬਾਰਾ ਸਿੰਘ ਗੁਰੂ, ਗੁਰਪ੍ਰੀਤ ਸਿੰਘ ਰਾਜੂਖੰਨਾ ਅਤੇ ਪੰਜਾਬ ਦੇ ਹੋਰ ਸੂਬਿਆਂ ਤੋਂ ਅਕਾਲੀ ਦਲ ਦੇ ਆਗੂਆਂ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ।