ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੀਨੀਅਰ ਆਗੂ ਸੁਖਜਿੰਦਰ ਰੰਧਾਵਾ

Global Team
3 Min Read

ਚੰਡੀਗੜ੍ਹ: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੋਫਾੜ ਹੋ ਸਕਦੀ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਣਾਏ ਰੱਖਣ ਨਾਲ ਸੀਨੀਅਰ ਆਗੂਆਂ ਵਿੱਚ ਭਾਰੀ ਨਰਾਜਗੀ ਹੈ। ਇੱਕ ਪਾਸੇ, ਕਾਂਗਰਸ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਗੁਪਤ ਰੂਪ ਵਿੱਚ ਦਿੱਲੀ ਪਹੁੰਚ ਗਏ ਹਨ। ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਪਹੁੰਚੇ ਹਨ। ਇਹ ਮੁਲਾਕਾਤ ਅਜਿਹੇ ਸਮੇਂ ਹੋ ਰਹੀ ਹੈ ਕਿ ਜਦ ਪੰਜਾਬ ਕਾਂਗਰਸ ਵਿਚ ਪ੍ਰਧਾਨਗੀ ਨੂੰ ਲੈ ਕੇ ਬਾਗੀ ਸੁਰ ਉਠ ਰਹੇ ਹਨ। ਇਸ ਮੁਲਾਕਾਤ ਤੋਂ ਪਹਿਲਾਂ ਉਨ੍ਹਾਂ ਨਾਲ ਪੰਜਾਬ ਭਾਜਪਾ ਆਗੂ ਵੀ ਨਜ਼ਰ ਆਏ।

ਸੂਬਾ ਪ੍ਰਧਾਨ ਨਾ ਨਿਯੁਕਤ ਕੀਤੇ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਮੋਰਿੰਡਾ ਸਥਿਤ ਆਪਣੇ ਘਰ ਕਾਂਗਰਸ ਆਗੂਆਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਉਨ੍ਹਾਂ ਨੇ ਤਿੰਨ ਸੰਸਦ ਮੈਂਬਰਾਂ, 12 ਵਿਧਾਇਕਾਂ ਅਤੇ 2022 ਦੀਆਂ ਚੋਣਾਂ ਹਾਰਨ ਵਾਲੇ ਲਗਭਗ 40 ਸਾਬਕਾ ਵਿਧਾਇਕਾਂ ਅਤੇ ਆਗੂਆਂ ਨੂੰ ਸੱਦਾ ਦਿੱਤਾ ਹੈ। ਚੰਨੀ ਦੇ ਸੱਦੇ ‘ਤੇ, ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ ਵੀ ਮੀਟਿੰਗ ਵਿੱਚ ਪਹੁੰਚੇ ਹਨ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਗੁਰਕੀਰਤ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਮਦਨ ਲਾਲ ਜਲਾਲਪੁਰ, ਸਾਬਕਾ ਐਮ.ਪੀ.ਕਮਿੰਦਰ ਸਿੰਘ ਕੜਵਲਪੁਰ, ਕਾਮਰੇਡ ਸਾਬਕਾ ਐਮ.ਪੀ. ਸਾਦਿਕ ਚੰਨੀ ਵੀ ਪਹੁੰਚੇ ਹੋਏ ਹਨ। ਖਬਰ ਲਿੱਖੇ ਜਾਣ ਤੱਕ ਹੋਰ ਕਈ ਆਗੂਆਂ ਵੀ ਲਗਾਤਾਰ ਮੀਟਿੰਗ ਲਈ ਪਹੁੰਚ ਰਹੇ ਸਨ।

ਦੱਸ ਦਈਏ ਕਿ ਕਾਂਗਰਸ ਹਾਈਕਮਾਂਡ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ ਕੀਤੇ ‘ਪੰਜਾਬ ਫ਼ਾਰਮੂਲੇ’ ਤੋਂ ਬਹੁਤੇ ਆਗੂ ਨਾਖ਼ੁਸ਼ ਜਾਪਦੇ ਹਨ। ਹਾਈਕਮਾਂਡ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਰਕਰਾਰ ਰੱਖਿਆ ਹੈ ਜਦੋਂ ਕਿ ਚਾਰ ਨਵੀਆਂ ਕਮੇਟੀਆਂ ਦਾ ਗਠਨ ਕਰਕੇ ਸਭ ਨੂੰ ਖ਼ੁਸ਼ ਕਰਨ ਦਾ ਯਤਨ ਕੀਤਾ ਹੈ। ਪੰਜਾਬ ਕਾਂਗਰਸ ’ਚ ਹਾਈਕਮਾਂਡ ਦੀ ਨਵੀਂ ਸੂਚੀ ਜਾਰੀ ਹੋਣ ਮਗਰੋਂ ਖ਼ਾਮੋਸ਼ੀ ਬਣੀ ਹੋਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment