ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਕੀਤਾ ਜਾ ਰਿਹੈ ਤੰਗ ਪਰੇਸ਼ਾਨ, SGPC ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਕੀਤੀ ਅਪੀਲ

Global Team
3 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ਵਿਚ ਗੁਰਦੁਆਰਾ ਕਮੇਟੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪ੍ਰੰਤੂ ਇਸ ਮਾਮਲੇ ਵਿੱਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ਤੇ ਲੈਣਾ ਠੀਕ ਨਹੀਂ ਹੈ। ਉਨ੍ਹਾ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਿਸ ਪ੍ਰਸ਼ਾਸਨ ਦੀਆਂ ਹਰਕਤਾਂ ਤੇ ਰੋਕ ਲਗਾਉਣ ਲਈ ਆਖਿਆ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ ‘ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਚੁਣੀ ਹੋਈ ਪ੍ਰਬੰਧਕ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨ ਹੈ, ਜਿਸ ਵਿੱਚ ਸਰਕਾਰੀ ਦਖਲ ਅੰਦਾਜੀ ਤੁਰੰਤ ਰੋਕੀ ਜਾਵੇ। ਬਾਬਾ ਤਰਸੇਮ ਸਿੰਘ ਕਤਲ ਵਿੱਚ ਕਿਸੇ ਵੀ ਬੇਗੁਨਾਹ ਤੇ ਬੇਕਸੂਰ ਨੂੰ ਤੰਗ ਪਰੇਸ਼ਾਨ ਨਾ ਕੀਤਾ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਿਕ ਤੌਰ ‘ਤੇ ਉੱਤਰਾਖੰਡ ਸੂਬੇ ਦੇ ਮੁੱਖੀ ਹੁੰਦਿਆਂ ਮੁੱਖ ਮੰਤਰੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਿੱਖ ਮਸਲਿਆਂ ਦੀ ਸੰਜੀਦਗੀ ਨੂੰ ਸਮਝਣ ਅਤੇ ਤੁਰੰਤ ਆਦੇਸ਼ ਕਰਨ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਆਗੂ ਨੂੰ ਬੇਲੋੜਾ ਪਰੇਸ਼ਾਨ ਨਾ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment