ਅੰਮ੍ਰਿਤਸਰ : ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨ ਦੀ ਵੀ ਸੰਗਤ ਨੂੰ ਇਜਾਜ਼ਤ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਬੰਦ ਹੋਇਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਦੋਹਾਂ ਦੇਸ਼ਾਂ ਨੂੰ ਸਿਰ ਜੋੜ ਕੇ ਫ਼ੈਸਲਾ ਲੈਣਾ ਚਾਹੀਦਾ ਹੈ, ਕਿਉਂਕਿ ਹੁਣ ਕੋਰੋਨਾ ਦੀਆਂ ਪਾਬੰਦੀਆਂ ਲਗਭਗ ਖ਼ਤਮ ਹੋਣ ਕਿਨਾਰੇ ਹਨ।
ਉਹਨਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਤਾਂ ਸੀਮਤ ਗਿਣਤੀ ‘ਚ ਹੀ ਸੰਗਤ ਦਰਸ਼ਨਾਂ ਲਈ ਜਾਂਦੀ ਸੀ, ਇਸ ਲਈ ਰੋਕ ਦਾ ਜਾਰੀ ਰੱਖਣਾ ਤਰਕਸੰਗਤ ਨਹੀਂ ਹੈ। ਬੀਬੀ ਜਗੀਰ ਕੌਰ ਨੇ ਭਾਰਤ ਅਤੇ ਪਾਕਿਸਤਾਨ ਸਰਕਾਰ ਤੋਂ ਇਹ ਮੰਗ ਵੀ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੰਗਤਾਂ ਸ੍ਰੀ ਕਰਤਾਰਪੁਰ ਸਾਹਿਬ ਦੀ ਤਰਜ਼ ’ਤੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸਵੇਰੇ ਜਾ ਕੇ ਸ਼ਾਮ ਨੂੰ ਵਾਪਸ ਪਰਤ ਸਕਦੀਆਂ ਹਨ।