ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਰਚਨਾ ਮਕਵਾਨਾ ਵੱਲੋਂ ਯੋਗਾ ਕਰਨ ਅਤੇ ਉਸ ਦੀ ਫੋਟੋ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਵਿਵਾਦ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।
ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅੰਦਰ ਫੋਟੋ ਖਿਚਵਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਸ਼ਰਧਾਲੂਆਂ ਨੂੰ ਪ੍ਰਕਰਮਾ ਅਤੇ ਗੋਲਡਨ ਪਲਾਜ਼ਾ ਵਿੱਚ ਹੀ ਫੋਟੋ ਖਿਚਵਾਉਣ ਦੀ ਇਜਾਜ਼ਤ ਹੋਵੇਗੀ। ਪਾਵਨ ਅਸਥਾਨ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਮੋਬਾਈਲ ਫ਼ੋਨ ਬੰਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਵਿਸ਼ੇਸ਼ ਕਾਰਨਾਂ ਕਰਕੇ, ਹਰਿਮੰਦਰ ਸਾਹਿਬ ਦੇ ਅੰਦਰ ਫੋਟੋਗ੍ਰਾਫੀ ਲਈ ਸ਼੍ਰੋਮਣੀ ਕਮੇਟੀ ਦੇ ਚੇਅਰਮੈਨ/ਸਕੱਤਰ ਜਾਂ ਹਰਿਮੰਦਰ ਸਾਹਿਬ ਦੇ ਮੈਨੇਜਰ ਤੋਂ ਇਜਾਜ਼ਤ ਲਈ ਜਾ ਸਕਦੀ ਹੈ।
ਸਰੋਵਰ ਵਿੱਚ ਡੁਬਕੀ ਲਗਾ ਸਕਦੇ ਹੋ, ਪਰ ਸਾਬਣ ਜਾਂ ਸ਼ੈਂਪੂ ਦੀ ਵਰਤੋਂ ਨਹੀਂ ਕਰ ਸਕਦੇ। ਇਸ ਵਿੱਚ ਤੈਰਾਕੀ ਦੀ ਵੀ ਮਨਾਹੀ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਹਰ ਵਿਅਕਤੀ ਨੂੰ ਸਿਰ ਢੱਕ ਕੇ ਹੀ ਪਰਿਕਰਮਾ ਵਿੱਚ ਪ੍ਰਵੇਸ਼ ਕਰਨਾ ਹੋਵੇਗਾ। ਅੰਦਰ ਕੋਈ ਵੀ ਆਪਣੇ ਮੋਬਾਈਲ ਦੀ ਵਰਤੋਂ ਨਹੀਂ ਕਰ ਸਕੇਗਾ। ਨਾਲ ਹੀ ਪਰਿਕਰਮਾ ਵਿੱਚ ਦਾਖਲ ਹੋਣ ਤੋਂ ਪਹਿਲਾਂ ਪੈਰ ਧੋਣੇ ਪੈਣਗੇ। ਕੋਈ ਵੀ ਵਿਅਕਤੀ ਜੁਰਾਬਾਂ, ਟੋਪੀ ਆਦਿ ਪਾ ਕੇ ਪਰਿਕਰਮਾ ਲਈ ਨਹੀਂ ਜਾ ਸਕੇਗਾ।
ਭਾਵੇਂ ਇਹ ਨਿਯਮ ਪਹਿਲਾਂ ਹੀ ਲਾਗੂ ਸਨ ਪਰ ਹੁਣ ਇਨ੍ਹਾਂ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਇਨ੍ਹਾਂ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਲਗਾਤਾਰ ਅਨਾਊਸਮੈਂਟ ਵੀ ਕੀਤੀ ਜਾਵੇਗੀ। ਸੇਵਾਦਾਰ ਆਪ ਹੀ ਸੰਗਤਾਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ‘ਤੇ ਟਾਸਕ ਫੋਰਸ ਦੇ ਮੁਲਾਜ਼ਮਾਂ ਦੀ ਗਿਣਤੀ ਵੀ ਵਧਾ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।