ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ

Global Team
2 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ ਪ੍ਰਸੋਨਲ ਵਿਭਾਗ ਦੇ ਪੱਤਰ ਨੰਬਰ 176 ਮਿਤੀ 8-11-2019 ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦਿੱਤੀ ਹੋਈ ਸੀ, ਜਿਸ ਨੂੰ ਹੁਣ ਪੰਜਾਬ ਸਰਕਾਰ ਨੇ ਅੱਗੇ ਨਹੀਂ ਵਧਾਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਵੱਲੋਂ ਲੰਬੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਸਰਕਾਰਾਂ ਵੱਲੋਂ ਸੰਗਤਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਿਆ ਗਿਆ ਸੀ, ਜਿਸ ਰਾਹੀਂ ਸੰਗਤਾਂ ਸਵੇਰੇ ਦਰਸ਼ਨਾਂ ਲਈ ਜਾਂਦੀਆਂ ਹਨ ਅਤੇ ਉਸੇ ਦਿਨ ਸ਼ਾਮ ਨੂੰ ਵਾਪਸ ਆ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜੇ ਹਨ ਕਿ ਉਨ੍ਹਾਂ ਨੂੰ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਸਮੇਂ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ। ਪੰਜਾਬ ਸਰਕਾਰ ਦੇ ਜੋ ਅਧਿਕਾਰੀ/ਕਰਮਚਾਰੀ ਦਰਸ਼ਨਾਂ ਲਈ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵਿਦੇਸ਼ ਛੁੱਟੀ ਦੀ ਲੰਬੀ ਪ੍ਰਕਿਰਿਆ ਵਿੱਚੋਂ ਗੁਜਰਨਾ ਪੈਂਦਾ ਹੈ।

ਪ੍ਰਤਾਪ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸਰਕਾਰ ਦੇ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਦੀ ਪ੍ਰਕਿਰਿਆ ਤੋਂ ਪੱਕੇ ਤੌਰ ’ਤੇ ਛੋਟ ਦਿੱਤੀ ਜਾਵੇ, ਤਾਂ ਜੋ ਉਹ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment